ਗੁਰਸਹਿਜ ਰੰਧਾਵਾ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ 'ਚ ਨਸ਼ਾ ਮੁਕਤੀ ਬਾਰੇ ਮੀਟਿੰਗਾਂ
ਮਲਕੀਤ ਸਿੰਘ ਮਲਕਪੁਰ
ਲਾਲੜੂ 15 ਜੁਲਾਈ 2025: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਹੈ, ਤਹਿਤ ਹਰੇਕ ਪਿੰਡ ਤੇ ਵਾਰਡ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਨਸ਼ਾ ਮੁਕਤੀ ਦਾ ਪ੍ਰਣ ਵੀ ਦਿਵਾਇਆ ਜਾ ਰਿਹਾ ਹੈ।
ਇਹ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਪੁੱਤਰ ਗੁਰਸਹਿਜ ਰੰਧਾਵਾ ਵੱਲੋਂ ਨਸ਼ਿਆਂ ਬਾਰੇ ਕੋਆਰਡੀਨੇਟਰ ਸੁਮਿਤ ਰਾਣਾ ਤੇ ਉਪ ਕੋਆਰਡੀਨੇਟਰ ਸਤਵੰਤ ਸਿੰਘ ਦੀ ਮੌਜੂਦਗੀ ਵਿੱਚ ਲਾਲੜੂ ਦੇ ਪਿੰਡ ਟਿਵਾਣਾ, ਖਜੂਰ ਮੰਡੀ, ਸਾਧਾਂਪੁਰ, ਡੰਗਡੇਹਰਾ, ਬਟੋਲੀ ਅਤੇ ਸਿਤਾਰਪੁਰ ਵਿਖੇ ਕੱਢੀ ਗਈ ਨਸ਼ਾ ਮੁਕਤੀ ਯਾਤਰਾ ਦੌਰਾਨ ਪਿੰਡਾਂ ਦੇ ਵਸਨੀਕਾਂ ਦੀ ਨਸ਼ਿਆਂ ਖਿਲਾਫ਼ ਕੀਤੀ ਇਕਜੁੱਟਤਾ ਸਮੇਂ ਕੀਤਾ। ਵਿਧਾਇਕ ਰੰਧਾਵਾ ਦੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰੁੱਝੇ ਹੋਣ ਕਾਰਨ ਉਨ੍ਹਾਂ ਦੇ ਬੇਟੇ ਗੁਰਸਹਿਜ ਰੰਧਾਵਾ ਵੱਲੋਂ ਲਾਲੜੂ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਲਗਾਏ ਗਏ ਕੈਂਪਾਂ ਵਿੱਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਬਹੁਤ ਹੱਦ ਤੱਕ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ ਰੰਗਲਾ ਪੰਜਾਬ ਬਣਾਉਣ ਦੇ ਰਾਹ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਪੰਜਾਬ ਦੇ ਬੱਚਿਆਂ ਅਤੇ ਜੁਆਨੀ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਲਈ ਸਾਰਿਆਂ ਦੇ ਸਾਥ ਦੀ ਲੋੜ ਹੈ।
ਇੱਕਲੀ ਸਰਕਾਰ ਜਾਂ ਪੁਲਿਸ ਇਸ ਕੰਮ ਨੂੰ ਨੇਪਰੇ ਨਹੀਂ ਚਾੜ੍ਹ ਸਕਦੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।