ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਠੋਸ ਕਦਮ : ਗੱਜਣਮਾਜਰਾ
- ਕਿਹਾ, "ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025" ਨੂੰ ਸਿਲੈੱਕਟ ਕਮੇਟੀ ਕੋਲ ਭੇਜਣਾ ਸ਼ਲਾਘਾਯੋਗ
- ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ- 2025 ਲਿਆਉਣ ਦਾ ਉਦੇਸ਼ ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਉਣਾ : ਵਿਧਾਇਕ
- ਬੇਅਦਬੀ ਦੇ ਮੁੱਦੇ ’ਤੇ ਪਿਛਲੀ ਸਰਕਾਰਾਂ ਨੇ ਸਿਰਫ਼ ਰਾਜਨੀਤੀ ਕੀਤੀ; ਅਪਰਾਧੀਆਂ ’ਤੇ ਕਰਵਾਈ ਲਈ ਅਵੇਸਲਾਪਣ ਅਪਣਾਇਆ
ਅਮਰਗੜ੍ਹ 16 ਜੁਲਾਈ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਵਿਧਾਨ ਸਭਾ ’ਚ "ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025" ਨੂੰ ਸਰਬਸੰਮਤੀ ਨਾਲ ਸਿਲੈੱਕਟ ਕਮੇਟੀ ਕੋਲ ਭੇਜਣ ਦੀ ਸਿਫ਼ਾਰਸ਼ ਕੀਤੀ ਹੈ, ਤਾਂ ਜੋ ਇਸ ਸੰਵੇਦਨਸ਼ੀਲ ਬਿੱਲ ਉੱਤੇ ਹੋਰ ਵਿਚਾਰ-ਵਟਾਂਦਰਾ ਹੋ ਸਕੇ ਅਤੇ ਇਸ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਪੰਜਾਬ ਵਿਧਾਨ ਸਭਾ ਵਿਖੇ ਬਿੱਲ ‘ਤੇ ਚਰਚਾ ਦੌਰਾਨ ਹਿੱਸਾ ਲੈਂਦਿਆਂ ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਪੰਜਾਬ ਦੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਨੂੰ ਦੁਨੀਆ ਭਰ ਵਿੱਚ ਸਤਿਕਾਰਿਆ ਜਾਂਦਾ ਹੈ। ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਾਂ। ਸਾਡੇ ਧਾਰਮਿਕ ਗ੍ਰੰਥ ਸਮੁੱਚੀ ਮਨੁੱਖਤਾ ਲਈ ਆਪਸੀ ਭਾਈਚਾਰੇ, ਬਰਾਬਰਤਾ ਅਤੇ ਅਮਨ ਦਾ ਸੁਨੇਹਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਘੇ ਸਮਿਆਂ ‘ਚ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜੋ ਠੇਸ ਲੱਗੀ ਹੈ ਉਸ ਨੂੰ ਕਿਸੇ ਵੀ ਤਰ੍ਹਾਂ ਪੂਰਾ ਨਹੀਂ ਕੀਤਾ ਜਾ ਸਕਦਾ ।
ਉਨ੍ਹਾਂ ਕਿਹਾ ਕਿ ਇਸ ਬਿੱਲ ਦਾ ਮੁੱਖ ਉਦੇਸ਼ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੀ ਰੱਖਿਆ ਕਰਨੀ ਅਤੇ ਉਨ੍ਹਾਂ ਦੀ ਬੇਅਦਬੀ ਨੂੰ ਸਖ਼ਤੀ ਨਾਲ ਰੋਕਣਾ ਹੈ। ਇਹ ਬਿੱਲ ਸਾਡੇ ਸਮਾਜ ਦੇ ਧਾਰਮਿਕ ਜਜ਼ਬਾਤਾਂ ਦੀ ਰੱਖਿਆ ਕਰੇਗਾ ਅਤੇ ਇਹ ਸੁਨਿਸ਼ਚਿਤ ਕਰੇਗਾ ਕਿ ਕੋਈ ਵੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਾ ਕਰ ਸਕੇ।
ਉਨ੍ਹਾਂ ਵਿਧਾਨ ਸਭਾ 'ਚ ਚਰਚਾ ਦੌਰਾਨ ਕਿਹਾ ਕਿ ਪਿਛਲੀ ਸਰਕਾਰਾਂ ਨੇ ਬੇਅਦਬੀ ਦੇ ਸੰਵੇਦਨਸ਼ੀਲ ਮਸਲੇ ’ਤੇ ਸਿਰਫ਼ ਰਾਜਨੀਤੀ ਹੀ ਕੀਤੀ ਹੈ ਤੇ ਅਪਰਾਧੀਆਂ ’ਤੇ ਕਾਰਵਾਈ ਕਰਨ ਲਈ ਹਮੇਸ਼ਾ ਅਵੇਸਲਾਪਣ ਅਤੇ ਲਾਪਰਵਾਹੀ ਦਾ ਰਵੱਈਏ ਅਪਣਾਇਆ ਹੈ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਕਿਹਾ ਕਿ ਇਹ ਮਾਮਲੇ ਸਿਰਫ਼ ਧਾਰਮਿਕ ਜਜ਼ਬਾਤਾਂ ਨੂੰ ਢਾਉਣ ਵਾਲੇ ਨਹੀਂ ਸਗੋਂ ਪੰਜਾਬ ਦੇ ਅਮਨ-ਚੈਨ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਹਨ, ਜਿਨ੍ਹਾਂ ’ਤੇ ਤੁਰੰਤ ਕਰਵਾਈ ਦੀ ਜ਼ਰੂਰਤ ਹੈ।
ਉਨ੍ਹਾਂ ਆਖਿਆ ਕਿ ਪਿਛਲੇ ਕਈ ਸਾਲਾਂ ਦੌਰਾਨ ਪੰਜਾਬ ‘ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੇ ਲੋਕਾਂ ਦੇ ਮਨ ਵਿਚ ਗ਼ੁੱਸਾ ਅਤੇ ਨਿਰਾਸ਼ਾ ਪੈਦਾ ਕੀਤੀ ਸੀ, ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਵਿਰੁੱਧ ਅਪਰਾਧ ਰੋਕਥਾਮ ਬਿੱਲ, 2025 ਲਿਆ ਕੇ ਆਪਣੀ ਵਚਨਬੱਧਤਾ ਨਿਭਾਉਂਦੇ ਹੋਏ ਇਨ੍ਹਾਂ ਅਪਰਾਧਾਂ ਵਿਰੁੱਧ ਨਿਯਮਤ ਅਤੇ ਸੰਵੇਦਨਸ਼ੀਲ ਰੁਖ ਅਖ਼ਤਿਆਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਹ ਬਿੱਲ ਸਿਰਫ਼ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਪੰਜਾਬ ਦੇ ਸਾਂਝੇ ਸੱਭਿਆਚਾਰ ਅਤੇ ਧਾਰਮਿਕ ਏਕਤਾ ਦੀ ਨਿਸ਼ਾਨੀ ਬਣੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਸਿਲੈੱਕਟ ਕਮੇਟੀ ਇਸ ਬਿੱਲ ਦੀ ਸੋਚ-ਵਿਚਾਰ ਨਾਲ ਸਮੀਖਿਆ ਕਰਕੇ ਜਲਦੀ ਹੀ ਇਸ ਨੂੰ ਐਸੇ ਰੂਪ ਵਿੱਚ ਪੇਸ਼ ਕਰੇਗੀ ਜੋ ਹਰ ਨਾਗਰਿਕ ਦੇ ਵਿਸ਼ਵਾਸ ਤੇ ਖਰਾ ਉਤਰੇ।