ਨਸ਼ਾ ਮੁਕਤੀ ਯਾਤਰਾ ਨੂੰ ਪਿੰਡ ਮੁਕੰਦਪੁਰ, ਹਰਦਾਨ ਤੇ ਲੋਲੇ ਨੰਗਲ ਵਿੱਚ ਵੱਡਾ ਹੁੰਗਾਰਾ ਮਿਲਿਆ
ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਇਲਾਕਾ ਵਾਸੀਆਂ ਨੂੰ ਨਸ਼ਾ ਵਿਰੁੱਧ ਸਹੁੰ ਚੁਕਾਈ
ਰੋਹਿਤ ਗੁਪਤਾ
ਗੁਰਦਾਸਪੁਰ, 17 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਮੁੜ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਨੂੰ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਵਿੱਚ ਵੱਡਾ ਹੁੰਗਾਰਾ ਮਿਲ ਰਿਹਾ ਹੈ। ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡਾਂ ਮੁਕੰਦਪੁਰ, ਹਰਦਾਨ ਤੇ ਲੋਲੇ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਵਿਸ਼ੇਸ਼ ਜਾਗਰੂਕਤਾ ਸਭਾਵਾਂ ਕੀਤੀਆਂ ਗਈਆਂ, ਜਿਨ੍ਹਾਂ ਦੀ ਅਗਵਾਈ ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਨਸ਼ਾ ਮੁਕਤੀ ਯਾਤਰਾ ਦੇ ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ, ਹਨੀ ਬਹਿਲ ਅਤੇ ਸੁੱਚਾ ਸਿੰਘ ਮੁਲਤਾਨੀ ਵੱਲੋਂ ਕੀਤੀ ਗਈ।
ਪਿੰਡ ਮੁਕੰਦਪੁਰ, ਹਰਦਾਨ ਤੇ ਲੋਲੇ ਨੰਗਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਦੌਰਾਨ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ਤੋਂ ਬਾਹਰ ਕੱਢਣਾ ਅਤੇ ਉਨ੍ਹਾਂ ਨੂੰ ਰੌਸ਼ਨ ਭਵਿੱਖ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਪੂਰੀ ਗੰਭੀਰਤਾ ਨਾਲ ਲੜ ਰਹੀ ਹੈ ਅਤੇ ਇਸਦੇ ਲਈ ਜ਼ਮੀਨੀ ਪੱਧਰ `ਤੇ ਜਾਗਰੂਕਤਾ ਫੈਲਾਉਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ `ਤੇ ਉਨ੍ਹਾਂ ਪਿੰਡ ਵਾਸੀਆਂ, ਖ਼ਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦਾ ਸਮੂਹਿਕ ਤੌਰ `ਤੇ ਪ੍ਰਣ ਲਿਆ। ਪਿੰਡ ਦੇ ਵਸਨੀਕਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਦੀ ਜ਼ਮਾਨਤ ਨਹੀਂ ਦੇਣਗੇ ਅਤੇ ਅਜਿਹੇ ਅਨਸਰਾਂ ਦਾ ਮੁਕੰਮਲ ਬਾਈਕਾਟ ਕਰਨਗੇ।