Meta AI pic
Punjab News: ਜੇ ਨਹੀਂ ਸਾਂਭ ਸਕਦੇ ਬੱਚਾ ਤਾਂ, ਬਾਲ ਭਲਾਈ ਕਮੇਟੀ ਨੂੰ ਕਰੋ ਸਪੁਰਦ
ਬੱਚਿਆਂ ਨੂੰ ਪਾਲਣ ਤੋਂ ਅਸਮਰੱਥ ਮਾਪੇ ਆਪਣੀ ਇੱਛਾ ਅਨੁਸਾਰ ਬਾਲ ਭਲਾਈ ਕਮੇਟੀ ਨੂੰ ਸਪੁਰਦ ਕਰ ਸਕਦੇ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ
ਰੂਪਨਗਰ, 17 ਜੁਲਾਈ: ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰਜਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋਂ ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ 2015 ਦੀ ਧਾਰਾ 35 ਸਬੰਧੀ ਬੱਚਿਆਂ ਨੂੰ ਸਰੰਡਰ ਕਰਨ ਵਾਸਤੇ ਮਾਪੇ ਆਪਣੀ ਇੱਛਾ ਅਨੁਸਾਰ ਬਾਲ ਭਲਾਈ ਕਮੇਟੀ ਕੋਲ ਹਾਜ਼ਰ ਹੋ ਕੇ ਸਰੰਡਰ ਡੀਡ ਰਾਹੀਂ ਬੱਚਾ ਬਾਲ ਭਲਾਈ ਕਮੇਟੀ ਨੂੰ ਸੌਂਪ ਸਕਦੇ ਹਨ।
ਉਨ੍ਹਾਂ ਕਿਹਾ ਕਿ ਕਈ ਵਾਰ ਨਵ-ਜਨਮੇਂ ਬੱਚਿਆਂ ਨੂੰ ਨਾਲਿਆਂ, ਝਾੜੀਆਂ, ਖਾਲੀ ਪਲਾਟਾਂ ਵਿੱਚ ਸੁੱਟਣ ਦੀਆਂ ਘਟਨਾਵਾਂ ਸੁਣਨ ਤੇ ਪੜ੍ਹਨ ਵਿਚ ਆਉਂਦੀਆਂ ਹਨ। ਅਜਿਹਾ ਅਕਸਰ ਉਨ੍ਹਾਂ ਮਾਪਿਆਂ ਵਲੋਂ ਕੀਤਾ ਜਾਂਦਾ ਹੈ ਜਿਨ੍ਹਾਂ ਦੇ ਅਣਚਾਹੀ ਸੰਤਾਨ ਪੈਦਾ ਹੋਵੇ ਜਾਂ ਉਹ ਬੱਚਿਆਂ ਨੂੰ ਪਾਲਣ ਤੋਂ ਅਸਮਰੱਥ ਹੋਣ।
ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਈ ਵਾਰ ਅਜਿਹੇ ਬੱਚਿਆਂ ਦੇ ਮਾਪਿਆਂ ਦੀ ਪਛਾਣ ਕਰਕੇ ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਉਂਦੀ ਹੈ ਕਿ ਆਰਥਿਕ ਮਜਬੂਰੀ ਕਰਕੇ ਵੀ ਉਨ੍ਹਾਂ ਵੱਲੋਂ ਆਪਣੇ ਅਣਚਾਹੇ ਬੱਚੇ ਨੂੰ ਨਕਾਰ ਦਿੱਤਾ ਜਾਂਦਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਅੱਗੇ ਕਿਹਾ ਕਿ ਬਾਲ ਭਲਾਈ ਕਮੇਟੀ ਵੱਲੋਂ ਮਾਪਿਆਂ ਨੂੰ ਦੋ ਮਹੀਨਿਆਂ ਦਾ ਸਮਾਂ ਦਿੱਤਾ ਜਾਂਦਾ ਹੈ ਕਿ ਉਹ ਬੱਚੇ ਨੂੰ ਸਰੰਡਰ ਕਰਨ ਦੇ ਫ਼ੈਸਲੇ 'ਤੇ ਮੁੜ ਵਿਚਾਰ ਕਰ ਸਕਦੇ ਹਨ। ਜੇਕਰ ਮਾਪਿਆਂ ਵੱਲੋਂ ਆਪਣਾ ਫ਼ੈਸਲਾ ਬਦਲਿਆ ਜਾਂਦਾ ਹੈ ਤਾਂ ਉਹ ਆਪਣਾ ਬੱਚਾ ਵਾਪਸ ਲਿਜਾ ਸਕਦੇ ਹਨ ਨਹੀਂ ਤਾਂ ਉਨ੍ਹਾਂ ਦੇ ਬੱਚੇ ਨੂੰ ਅਡਾਪਸ਼ਨ ਲਈ ਸਪੈਸ਼ਲਾਈਜ਼ਡ ਅਡਾਪਸ਼ਨ ਏਜੰਸੀ ਨੂੰ ਸੌਂਪਿਆ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਲਈ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਕਮਰਾ ਨੰ 153- ਏ ਗਰਾਊਂਡ ਫਲੋਰ, ਡੀ.ਸੀ ਕੰਪਲੈਕਸ ਫੋਨ ਨੰ 01881-222299 ਤੇ ਸੰਪਰਕ ਕੀਤਾ ਜਾ ਸਕਦਾ ਹੈ।