ਜਿਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕੀਤਾ, ਕਾਂਗਰਸ ਉਨ੍ਹਾਂ ਦੇ ਨਾਂ ਜਨਤਕ ਕਰੇ: ਸੁਖਬੀਰ ਬਾਦਲ
- ਕਿਹਾ ਕਿ ਜਦੋਂ ਕਾਂਗਰਸੀਆਂ ਨੇ ਮੰਨਿਆ ਕਿ ਉਹਨਾਂ ਦੀ ਪਾਰਟੀ ਨੇ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕੀਤੀ ਤਾਂ ਪਾਰਟੀ ਨੂੰ ਸੱਚ ਲੋਕਾਂ ਸਾਹਮਣੇ ਰੱਖਣਾ ਚਾਹੀਦੈ
- ਜ਼ੋਰ ਦੇ ਕੇ ਕਿਹਾ ਕਿ ਆਪ ਤੇ ਕਾਂਗਰਸ ਇਕੋ ਥਾਲੀ ਦੇ ਚੱਟੇ ਵੱਟੇ ਤੇ ਮੰਗ ਕੀਤੀ ਕਿ ਬੇਅਦਬੀ ਕੇਸਾਂ ਦੇ ਨਾਲ-ਨਾਲ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਵਿਚ ਆਪ ਦੇ ਮੰਤਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇ
ਚੰਡੀਗੜ੍ਹ, 18 ਜੁਲਾਈ 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਜਦੋਂ ਕਾਂਗਰਸ ਪਾਰਟੀ ਨੇ ਮੰਨ ਲਿਆ ਹੈ ਕਿ ਉਸਦੇ ਆਗੂਆਂ ਨੇ ਸਿਆਸੀ ਮਨੋਰਥਾਂ ਦੀ ਪੂਰਤੀ ਵਾਸਤੇ ਬੇਅਦਬੀ ਦੇ ਮਾਮਲੇ ਨੂੰ ਵਰਤਿਆ ਤਾਂ ਕਾਂਗਰਸ ਪਾਰਟੀ ਨੂੰ ਆਪਣੇ ਉਹਨਾਂ ਸਾਰੇ ਆਗੂਆਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ ਜਿਹਨਾਂ ਨੇ 2015 ਦੇ ਬੇਅਦਬੀ ਕੇਸਾਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਸਰਦਾਰ ਪਰਗਟ ਸਿੰਘ ਵੱਲੋਂ ਵਿਧਾਨ ਸਭਾ ਵਿਚ ਅਤੇ ਸਾਬਕਾ ਗ੍ਰਹਿ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਇੰਟਰਿਵਿਊ ਵਿਚ ਇਹ ਗੱਲ ਕਬੂਲੀ ਗਈ ਹੈ ਤਾਂ ਦੋਹਾਂ ਆਗੂਆਂ ਤੇ ਕਾਂਗਰਸ ਪਾਰਟੀ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਤੇ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕਿਉਂ ਕੀਤੀ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ ’ਤੇ ਇਕੋ ਸਿੱਕੇ ਦੇ ਦੋ ਪਹਿਲੂ ਹਨ। ਉਹਨਾਂ ਕਿਹਾ ਕਿ ਰੰਧਾਵਾ ਨੇ ਆਪਣੀ ਇੰਟਰਵਿਊ ਵਿਚ ਜ਼ੋਰ ਦੇ ਕੇ ਕਿਹਾ ਹੈ ਕਿ ਕੋਈ ਵੀ ਬੇਅਦਬੀ ਕੇਸਾਂ ਨੂੰ ਇਸਦੇ ਤਰਕਸੰਗਤ ਨਤੀਜੇ ’ਤੇ ਨਹੀਂ ਲੈ ਕੇ ਜਾਣਾ ਚਾਹੁੰਦਾ।
ਬੇਅਦਬੀ ਮਾਮਲਿਆਂ ਦੀ ਜਾਂਚ ਵਾਸਤੇ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸ ਆਈ ਟੀਜ਼) ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਰੰਧਾਵਾ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਟੀਮਾਂ ਲੋਕਾਂ ਨੂੰ ਮੂਰਖ ਬਣਾਉਣ ਵਾਸਤੇ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਕਾਂਗਰਸ ਆਗੂ ਨੇ ਇਹ ਵੀ ਕਿਹਾ ਹੈ ਕਿ ਬਤੌਰ ਗ੍ਰਹਿ ਮੰਤਰੀ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਥਾਂ ’ਤੇ ਉਸ ਤੋਂ ਜਵਾਬ ਤਲਬੀ ਚਾਹੁੰਦੇ ਸਨ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੋਸ਼ੀ ਹੈ ਤੇ ਇਹ ਵੀ ਸਪਸ਼ਟ ਹੈ ਕਿ ਕਾਂਗਰਸ ਸਰਕਾਰ ਦਾ ਇਕ ਵਰਗ ਇਹ ਮੰਨਦਾ ਸੀ ਕਿ ਇਹ ਪੁਲਿਸ ਅਫਸਰ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਬੇਅਦਬੀ ਦੇ ਮਾਮਲੇ ’ਤੇ ਸਿਆਸਤ ਖੇਡ ਰਿਹਾ ਹੈ ਤੇ ਇਸੇ ਕਰ ਕੇ ਅਸਤੀਫਾ ਦੇ ਕੇ ਰਾਜਨੀਤੀ ਵਿਚ ਆਇਆ ਹੈ।
ਅਕਾਲੀ ਆਗੂ ਨੇ ਕਿਹਾ ਕਿ ਜਦੋਂ ਸੂਬੇ ਵਿਚ ਆਪ ਦੀ ਆਮਦ ਹੋ ਰਹੀ ਸੀ ਤੇ ਕਾਂਗਰਸੀ ਆਗੂ ਇਹ ਕਬੂਲ ਰਹੇ ਸਨ ਜਿਸ ਦੌਰਾਨ ਆਪ ਦੇ ਵਿਧਾਇਕ ਨੂੰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਤਾਂ ਕਾਂਗਰਸ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਬਣਦੀ ਸੀ। ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਨਿਰਪੱਖ ਜਾਂਚ ਹੀ ਆਪ ਦੀ ਭੂਮਿਕਾ ਨੂੰ ਬੇਨਕਾਬ ਕਰ ਸਕਦੀ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਦੀ ਸੀਨੀਅਰ ਲੀਡਰਸ਼ਿਪ ਵੀ ਬੇਅਦਬੀ ਦੇ ਦੋਸ਼ੀਆਂ ਦੀ ਪੁਸ਼ਤਪਨਾਹੀ ਦੀ ਦੋਸ਼ੀ ਹੈ। ਉਹਨਾਂ ਕਿਹਾ ਕਿ ਆਪ ਦੇ ਕੈਬਨਿਟ ਮੰਤਰੀ ਹਰਪਾਲ ਚੀਮਾ ਤੇ ਹਰਜੋਤ ਬੈਂਸ ਨੇ ਹੀ ਉਸ ਆਪ ਵਿਧਾਇਕ ਨਰੇਸ਼ ਯਾਦਵ ਦੀ ਵਕਾਲਤ ਕੀਤੀ ਜਿਸਨੂੰ 2016 ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਗਿਆ। ਉਹਨਾਂ ਕਿਹਾ ਕਿ ਦੋਵਾਂ ਮੰਤਰੀਆਂ ਨੂੰ ਬੇਅਦਬੀ ਦੇ ਦੋਸ਼ੀ ਦੀ ਹਮਾਇਤ ਕਰਨ ਲਈ ਨਾ ਸਿਰਫ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ ਬਲਕਿ ਇਹਨਾਂ ਖਿਲਾਫ ਨਵੇਂ ਪੰਜਾਬ ਪ੍ਰੀਵੈਨਸ਼ਨ ਆਫ ਆਫੈਂਸਿਜ਼ ਅਗੇਂਸਟ ਹੋਲੀ ਸਕ੍ਰਿਪਚਰਜ਼ ਬਿੱਲ 2025 ਤਹਿਤ ਕਾਰਵਾਈ ਵੀ ਹੋਣੀ ਚਾਹੀਦੀ ਹੈ ਜਿਸਨੂੰ ਸਰਕਾਰ ਕਾਨੂੰਨ ਬਣਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਦੀ ਕਾਰਵਾਈ ਸੰਦੀਪ ਪਾਠਕ ਦੇ ਖਿਲਾਫ ਵੀ ਹੋਣੀ ਚਾਹੀਦੀ ਹੈ ਜਿਸਨੇ ਨਰੇਸ਼ ਯਾਦਵ ਲਈ ਦਿੱਲੀ ਦੇ ਮਹਿਰੌਲੀ ਤੋਂ ਪਾਰਟੀ ਟਿਕਟ ਦੇਣ ਦੀ ਸਿਫਾਰਸ਼ ਉਦੋਂ ਕੀਤੀ ਜਦੋਂ ਉਹ ਦੋਸ਼ੀ ਠਹਿਰਾਇਆ ਜਾ ਚੁੱਕਾ ਸੀ ਅਤੇ ਇਹੀ ਕਾਰਵਾਈ ਨਾਂ ਦੀ ਪ੍ਰਵਾਨਗੀ ਵਾਸਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਹੋਣੀ ਚਾਹੀਦੀ ਹੈ।