ਲੋਕ ਮੋਰਚਾ ਪੰਜਾਬ ਵੱਲੋਂ ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਵਿਰੁੱਧ ਰੋਸ ਪ੍ਰਦਰਸ਼ਨ
ਅਸ਼ੋਕ ਵਰਮਾ
ਬਠਿੰਡਾ 31 ਜੁਲਾਈ 2025 :ਅੱਜ ਲੋਕ ਮੋਰਚਾ ਪੰਜਾਬ ਵੱਲੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਨੂੰ ਲੈ ਕੇ ਚੱਲ ਰਹੀ ਵਾਰਤਾ ਦੇ ਵਿਰੋਧ ਵਿੱਚ ਸ਼ਹਿਰ ਵਿੱਚ ਪੑਦਰਸ਼ਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਮੁਲਾਜਮਾਂ ਨੇ ਸ਼ਮੂਲੀਅਤ ਕੀਤੀ।ਪੑਦਰਸ਼ਨ ਤੋਂ ਪਹਿਲਾਂ ਸਥਾਨਕ ਟੀਚਰਜ਼ ਹੋਮ ਵਿਖੇ ਹੋਈ ਇਕੱਤਰਤਾ ਦੌਰਾਨ 31 ਜੁਲਾਈ ਦੇ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਦਿੱਤੀ ਗਈ। ਇਸ ਉਪਰੰਤ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਮੈਂਬਰ ਸ਼ੀਰੀਂ ਨੇ ਕਿਹਾ ਕਿ ਅਮਰੀਕੀ ਸਾਮਰਾਜੀ ਦਾਬੇ ਹੇਠ ਹੋ ਰਹੀ ਇਸ ਵਾਰਤਾ ਦਾ ਸਿੱਟਾ ਭਾਰਤੀ ਲੋਕਾਂ ਲਈ ਬੇਹੱਦ ਘਾਤਕ ਸਾਬਤ ਹੋਵੇਗਾ।ਇਸ ਕਰਕੇ ਭਾਰਤ ਸਰਕਾਰ ਨੂੰ ਇਸ ਸਮਝੌਤਾ ਵਾਰਤਾ ਵਿੱਚੋਂ ਬਾਹਰ ਆਉਣਾ ਚਾਹੀਦਾ ਹੈ। ਲੋਕ ਮੋਰਚਾ ਪੰਜਾਬ ਵੱਲੋਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਇਸ ਸਮਝੌਤਾ ਵਾਰਤਾ ਨੂੰ ਸਿਰੇ ਚੜ੍ਹਨ ਤੋਂ ਰੋਕਣ ਲਈ ਅੱਗੇ ਆਉਣ।
ਉਹਨਾਂ ਕਿਹਾ ਕਿ ਇਸ ਸਮਝੌਤੇ ਰਾਹੀਂ ਅਮਰੀਕਾ ਵੱਲੋਂ ਭਾਰਤ ਉੱਤੇ ਅਮਰੀਕੀ ਵਸਤਾਂ ਲਈ ਆਪਣੀਆਂ ਦਰਾਮਦ ਡਿਊਟੀਆਂ ਘੱਟ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਇਹ ਡਿਊਟੀਆਂ ਘਟਾਉਣ ਕਰਕੇ ਨਾ ਸਿਰਫ ਖੇਤੀ ਮਾਰਕੀਟ ਅਮਰੀਕੀ ਉਤਪਾਦਾਂ ਲਈ ਖੁੱਲ ਜਾਵੇਗੀ ਅਤੇ ਭਾਰਤੀ ਕਿਸਾਨ ਤਬਾਹ ਹੋਣਗੇ ਸਗੋਂ ਇਸ ਸਮਝੌਤੇ ਰਾਹੀਂ ਭਾਰਤੀ ਸਨਅਤ ਉੱਤੇ ਵੀ ਬੇਹੱਦ ਮਾੜਾ ਪ੍ਰਭਾਵ ਪਵੇਗਾ ਅਤੇ ਭਾਰਤ ਦੀ ਘਰੇਲੂ ਅਤੇ ਛੋਟੀ ਸਨਅਤ ਅਮਰੀਕੀ ਵਸਤਾਂ ਦਾ ਮੁਕਾਬਲਾ ਨਹੀਂ ਕਰ ਸਕੇਗੀ।ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਵੀ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਅਜਿਹੇ ਸਮਝੌਤਿਆਂ ਨੂੰ ਅੰਜਾਮ ਦਿੱਤਾ ਗਿਆ ਹੈ ।ਸਭ ਤੋਂ ਤਾਜ਼ਾ ਤਰੀਨ ਭਾਰਤ ਬ੍ਰਿਟੇਨ ਮੁਕਤ ਵਪਾਰ ਸਮਝੌਤਾ ਵੀ ਇਸਦੀ ਉਦਾਹਰਨ ਹੈ ਜਿਸ ਦਾ ਭਾਰਤੀ ਛੋਟੇ ਉਦਯੋਗਾਂ ਅਤੇ ਖਪਤਕਾਰਾਂ ਉੱਤੇ ਵੱਡਾ ਪ੍ਰਭਾਵ ਪੈਣ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਨਾ ਸਿਰਫ ਅਜਿਹੇ ਪਹਿਲੇ ਸਮਝੌਤੇ ਰੱਦ ਹੋਣੇ ਚਾਹੀਦੇ ਹਨ,ਅੱਗੋਂ ਤੋਂ ਹੋਰ ਅਜਿਹੇ ਸਮਝੌਤੇ ਕਰਨੇ ਬੰਦ ਕੀਤੇ ਜਾਣੇ ਚਾਹੀਦੇ ਹਨ ਬਲਕਿ ਵਪਾਰ ਦੇ ਮਾਮਲੇ ਵਿੱਚ ਅਮਰੀਕਾ ਅਤੇ ਹੋਰ ਸਾਮਰਾਜੀ ਮੁਲਕਾਂ ਦਾ ਦਬਾਅ ਮੰਨਣਾ ਬੰਦ ਕਰਨਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਸਮੂਹ ਫੈਸਲੇ ਭਾਰਤੀ ਲੋਕਾਂ ਦੇ ਹਿੱਤਾਂ ਅਨੁਸਾਰ ਲਏ ਜਾਣੇ ਚਾਹੀਦੇ ਹਨ।ਭਾਰਤੀ ਅਰਥਚਾਰਾ ਅਤੇ ਲੋਕਾਂ ਦੇ ਹਿੱਤ ਹੋਰਨਾਂ ਦੇਸ਼ਾਂ ਨਾਲ ਹੁੰਦੇ ਸਮਝੌਤਿਆਂ ਦੀ ਤਰਜੀਹ ਬਣਨੀ ਚਾਹੀਦੇ ਹਨ ਨਾ ਕਿ ਸਾਮਰਾਜੀ ਦੇਸ਼ਾਂ ਦੇ ਮੁਨਾਫੇ। ਪਰ ਸਰਕਾਰ ਲਗਾਤਾਰ ਅਜਿਹੇ ਵਪਾਰ ਸਮਝੌਤਿਆਂ ਨੂੰ ਅੰਜਾਮ ਦੇ ਕੇ ਭਾਰਤੀ ਲੋਕਾਂ ਦੇ ਹਿਤਾਂ ਨਾਲ ਧਰੋਹ ਕਮਾ ਰਹੀ ਹੈ। ਉਹਨਾਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਉਹਨਾਂ ਨੂੰ ਇਹ ਸਮਝੌਤੇ ਨੂੰ ਸਿਰੇ ਚੜ੍ਹਨੋਂ ਰੋਕਣ ਲਈ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਦੌਰਾਨ ਇਕੱਠ ਵੱਲੋਂ ਲੈਂਡ ਪੂਲਿੰਗ ਨੀਤੀ ਰੱਦ ਕਰਨ, ਇਜਰਾਈਲ ਵੱਲੋਂ ਫਲਸਤੀਨ ਤੇ ਮੜੀਆਂ ਪਾਬੰਦੀਆਂ ਖਤਮ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਜੀ.ਐਮ ਮੱਕੀ ਦੀ ਕਾਸ਼ਤ ਨੂੰ ਦਿੱਤੀ ਪਰਵਾਨਗੀ ਰੱਦ ਕਰਨ ਸਬੰਧੀ ਮਤੇ ਵੀ ਪਾਸ ਕੀਤੇ ਗਏ। ਸਟੇਜ ਸਕੱਤਰ ਦੀ ਭੂਮਿਕਾ ਗੁਰਮੁਖ ਸਿੰਘ ਨੇ ਬਾਖੂਬੀ ਨਿਭਾਈ ਅਤੇ ਨਿਰਮਲ ਸੀਵੀਆਂ ਨੇ ਇਨਕਲਾਬੀ ਗੀਤ ਪੇਸ਼ ਕੀਤਾ।