ਸਿਵਲ ਸਰਜਨ ਬਠਿੰਡਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੰਦਾ ਪੋਸਟਰ ਜਾਰੀ
ਅਸ਼ੋਕ ਵਰਮਾ
ਬਠਿੰਡਾ,2 ਅਗਸਤ 2025 :ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਤਪਿੰਦਰਜੋਤ ਸਿਵਲ ਸਰਜਨ ਬਠਿੰਡਾ ਜੀ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਬਠਿੰਡਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 1 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ । ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸਿਵਲ ਸਰਜਨ ਡਾ ਤਪਿੰਦਰਜੋਤ ਵੱਲੋਂ ਪੋਸਟਰ ਰੀਲੀਜ ਕੀਤਾ ਗਿਆ । ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਅਨੂਪਮਾ ਸ਼ਰਮਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਡਿਪਟੀ ਮਾਸ ਮੀਡੀਆ ਅਫ਼ਸਰ ਰੋਹਿਤ ਜਿੰਦਲ, ਜਿਲ੍ਹਾ ਬੀ.ਸੀ.ਸੀ.ਸੀ ਨਰਿੰਦਰ ਕੁਮਾਰ, ਸੀਨੀਅਰ ਸਹਾਇਕ ਗੁਰਮੇਲ ਕੌਰ, ਇੰਦਰਜੀਤ ਕੌਰ, ਲਕਸ਼ਮੀ ਅਤੇ ਦੀਪੀਕਾ ਹਾਜ਼ਰ ਸਨ ।
ਸਿਵਲ ਸਰਜਨ ਡਾ ਤਪਿੰਦਰਜੋਤ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪੋਸਟਰ ਰਾਹੀਂ ਮਾਂ ਦੇ ਪਹਿਲੇ ਛੇ ਮਹੀਨਿਆਂ ਤੱਕ ਦੁੱਧ ਦੇਣ ਦੀ ਲਾਜ਼ਮੀ ਅਹਿਮੀਅਤ ਬਾਰੇ ਜਨਤਾ ਨੂੰ ਸੂਚਿਤ ਕੀਤਾ ਗਿਆ। ਪੋਸਟਰ 'ਚ ਇਹ ਵੀ ਦਰਸਾਇਆ ਗਿਆ ਕਿ ਮਾਂ ਦਾ ਦੁੱਧ ਬੱਚਿਆਂ ਲਈ ਸੰਪੂਰਨ ਆਹਾਰ ਹੈ ਜੋ ਉਨ੍ਹਾਂ ਦੀ ਰੋਗਾਂ ਤੋਂ ਬਚਾਅ ਕਰਦਾ ਹੈ, ਮਾਨਸਿਕ ਅਤੇ ਸਰੀਰਕ ਵਿਕਾਸ ਨੂੰ ਵਧਾਉਦਾ ਹੈ ਅਤੇ ਮਾਂ ਦੀ ਸਿਹਤ ਲਈ ਵੀ ਲਾਭਕਾਰੀ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਦਾ ਫੀਲਡ ਸਟਾਫ਼ ਘਰ—ਘਰ ਜਾ ਕੇ ਗਰਭਵਤੀ ਔਰਤਾਂ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲਗਾਤਾਰ ਜਾਗਰੂਕ ਕਰਨਗੇ। ਉਨ੍ਹਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਉੱਤਮ ਸਰੋਤ ਹੈ। ਬੱਚਿਆਂ ਨੂੰ ਮਾਂ ਦਾ ਦੁੱਧ ਪਿਆਉਣ ਨਾਲ ਬਹੁਤ ਬੀਮਾਰੀਆਂ ਲੱਗਣ ਦਾ ਖ਼ਤਰਾ ਘੱਟ ਹੁੰਦਾ ਹੈ, ਉੱਥੇ ਵੀ ਆਪਣਾ ਦੁੱਧ ਪਿਆਉਣ ਨਾਲ ਮਾਵਾਂ ਵਿੱਚ ਛਾਤੀ ਦੇ ਕੈਂਸਰ, ਅੰਡਕੋਸ਼ ਦੇ ਕੈਂਸਰ ਅਤੇ ਸ਼ੂਗਰ ਦਾ ਖ਼ਤਰਾ ਵੀ ਘੱਟ ਜਾਂਦਾ ਹੈ ਅਤੇ ਆਪਸੀ ਪਿਆਰ ਵੱਧਦਾ ਹੈ।
ਉਨ੍ਹਾਂ ਕਿਹਾ ਕਿ ਬੱਚੇ ਨੂੰ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ ਅਤੇ ਉਸ ਤੋਂ ਬਾਅਦ ਬਾਹਰਲੀ ਖੁਰਾਕ ਸ਼ੁਰੂ ਕਰ ਦੇਣੀ ਚਾਹੀਦੀ ਹੈ। ਮਾਂ ਨੂੰ ਘੱਟੋ ਘੱਟ ਦੋ ਸਾਲ ਤੱਕ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੇ ਰਹਿਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਭਾਰਤ ਵਿੱਚ ਸਿਰਫ਼ 41 ਫ਼ੀਸਦੀ ਬੱਚਿਆਂ ਨੂੰ ਪਹਿਲੇ ਘੰਟੇ ਵਿਚ ਮਾਂ ਦਾ ਦੁੱਧ ਪਿਆਇਆ ਜਾਂਦਾ ਹੈ। ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਮਾਂ ਦਾ ਦੁੱਧ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਵਿਚ ਬੱਚੇ ਦੇ ਸਰਵਪੱਖੀ ਵਿਕਾਸ ਲਈ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ । ਬੱਚਿਆਂ ਨੂੰ ਮਾਂ ਦਾ ਪਹਿਲਾ ਗਾੜ੍ਹਾ ਦੁੱਧ ਪਿਆਉਣ ਨਾਲ ਬੱਚੇ ਵਿੱਚ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵੱਧਦੀ ਹੈ ਅਤੇ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਪਿਆਉਣ ਨਾਲ ਨਵਜੰਮੇ ਬੱਚਿਆਂ ਦੀਆਂ ਮੌਤਾਂ ਨੂੰ 20 ਫ਼ੀਸਦੀ ਤੱਕ ਘੱਟ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਪਹਿਲੇ ਅੱਧੇ ਘੰਟੇ ਵਿਚ ਮਾਂ ਦਾ ਦੁੱਧ ਨਹੀਂ ਦਿੱਤਾ ਜਾਂਦਾ ਉਨ੍ਹਾਂ ਨੂੰ ਨਿਮੋਨੀਆ ਹੋਣ ਦਾ ਖਤਰਾ ਅਤੇ ਦਸਤ ਦੀਆਂ ਬੀਮਾਰੀਆਂ ਦਾ ਖ਼ਤਰਾ ਵੱਧ ਹੁੰਦਾ ਹੈ। ਬੱਚੇ ਦਾ ਜਨਮ ਹੋਣ ਉਪਰੰਤ ਮਾਂ ਦੇ ਦੁੱਧ ਤੋਂ ਪਹਿਲਾਂ ਕੋਈ ਚੀਜ਼ ਨਹੀਂ ਦੇਣੀ ਚਾਹੀਦੀ, ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦਿੱਤੀ ਜਾਵੇ। ਬੱਚੇ ਨੂੰ ਕਿਸੇ ਵੀ ਪ੍ਰਕਾਰ ਦੀ ਚੁੰਘਣੀ ਨਹੀਂ ਦੇਣੀ ਚਾਹੀਦੀ।