CM ਭਗਵੰਤ ਮਾਨ ਦੇ ਘਰ ਅੱਗੇ ਲਾਇਆ ਧਰਨਾ, ਧੱਕਾ-ਮੁੱਕੀ ਵੀ ਹੋਈ
ਸੰਗਰੂਰ: ਅੱਜ ਜ਼ਿਲ੍ਹਾ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਗਿਆ। ਧਰਨੇ ਦੌਰਾਨ ਪੁਲਿਸ ਅਤੇ ਅਧਿਆਪਕਾਂ ਵਿਚਾਲੇ ਧੱਕਾ-ਮੁੱਕੀ ਵੀ ਹੋਈ।
ਮੀਡੀਆ ਨਾਲ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਦੀ ਮੁੱਖ ਮੰਗ ਹੈ ਕਿ ਉਨ੍ਹਾਂ ਨੂੰ ਸਿੱਖਿਆ ਵਿਭਾਗ ਅਧੀਨ ਲਿਆਂਦਾ ਜਾਵੇ ਅਤੇ ਛੇਵਾਂ ਤਨਖਾਹ ਕਮਿਸ਼ਨ ਲਾਗੂ ਕੀਤਾ ਜਾਵੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਹਨ।
ਅਧਿਆਪਕਾਂ ਨੇ ਯਾਦ ਕਰਵਾਇਆ ਕਿ ਪਿਛਲਾ ਧਰਨਾ 9 ਮਾਰਚ ਨੂੰ ਅਮਨ ਅਰੋੜਾ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਚੁੱਕਿਆ ਗਿਆ ਸੀ, ਜਿਸ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ। ਪਰ 9 ਮਾਰਚ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਨੂੰ ਸਿਰਫ਼ ਮੀਟਿੰਗਾਂ ਵਿੱਚ "ਲਾਰੇ" ਹੀ ਮਿਲੇ ਹਨ।
ਅਧਿਆਪਕਾਂ ਨੇ ਪੁਲਿਸ ਦੇ ਰਵੱਈਏ 'ਤੇ ਵੀ ਨਾਖੁਸ਼ੀ ਜ਼ਾਹਰ ਕੀਤੀ ਅਤੇ ਕਿਹਾ ਕਿ ਪੁਲਿਸ ਜਨਤਾ ਦੇ ਟੈਕਸਾਂ 'ਤੇ ਤਨਖਾਹ ਲੈਂਦੀ ਹੈ ਪਰ ਸਿਰਫ਼ ਨੇਤਾਵਾਂ ਦੀ ਰਾਖੀ ਕਰਦੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਇਸ ਧਰਨੇ ਨੂੰ ਪੱਕੇ ਮੋਰਚੇ ਵਿੱਚ ਬਦਲ ਦੇਣਗੇ ਅਤੇ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਅਣਦੇਖੀ ਕਾਰਨ ਉਨ੍ਹਾਂ ਕੋਲ ਧਰਨੇ ਤੋਂ ਇਲਾਵਾ ਹੋਰ ਕੋਈ ਹੱਲ ਨਹੀਂ ਹੈ।