Big Breaking : ਲੈਂਡ ਪੂਲਿੰਗ ਸਕੀਮ 'ਤੇ ਹਾਈ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵੇ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੈਂਡ ਪੂਲਿੰਗ ਸਕੀਮ 'ਤੇ ਲਗਾਈ ਰੋਕ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਸਕੀਮ 'ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ।
ਇਹ ਫੈਸਲਾ 102 ਪਟੀਸ਼ਨਰਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਆਇਆ, ਜਿਨ੍ਹਾਂ ਦੀ ਕਰੀਬ 250 ਏਕੜ ਜ਼ਮੀਨ ਇਸ ਯੋਜਨਾ ਤਹਿਤ ਲਈ ਜਾ ਰਹੀ ਸੀ। ਪਟੀਸ਼ਨਕਰਤਾਵਾਂ ਦੇ ਵਕੀਲ ਚਰਨਜਪਾਲ ਸਿੰਘ ਬਾਗੜੀ ਨੇ ਦੱਸਿਆ ਕਿ ਹਾਈ ਕੋਰਟ ਨੇ ਖਾਸ ਤੌਰ 'ਤੇ ਉਸ ਜ਼ਮੀਨ 'ਤੇ ਰੋਕ ਲਗਾਈ ਹੈ ਜਿਸ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਕੀਤਾ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਕੇਸ ਤੋਂ ਇਲਾਵਾ ਇੱਕ ਹੋਰ ਵੱਖਰੀ ਪਟੀਸ਼ਨ ਵੀ ਵਿਚਾਰ ਅਧੀਨ ਹੈ।
ਅਦਾਲਤ ਵੱਲੋਂ ਸਰਕਾਰ ਤੋਂ ਸਪੱਸ਼ਟੀਕਰਨ ਦੀ ਮੰਗ
ਅਦਾਲਤ ਨੇ ਪੰਜਾਬ ਸਰਕਾਰ ਨੂੰ ਕਈ ਮਹੱਤਵਪੂਰਨ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ ਹੈ। ਅਦਾਲਤ ਨੇ ਪੁੱਛਿਆ ਹੈ ਕਿ ਕੀ ਇਸ ਨੀਤੀ ਨੂੰ ਲਾਗੂ ਕਰਨ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜਿਕ ਪ੍ਰਭਾਵਾਂ ਦਾ ਮੁਲਾਂਕਣ (Social and Environmental Impact Assessment) ਕੀਤਾ ਗਿਆ ਸੀ? ਇਸ ਤੋਂ ਇਲਾਵਾ, ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਕੀ ਇਸ ਨੀਤੀ ਵਿੱਚ ਭੂਮੀਹੀਣ ਮਜ਼ਦੂਰਾਂ ਅਤੇ ਹੋਰ ਲੋਕਾਂ ਦੇ ਮੁੜ ਵਸੇਬੇ ਲਈ ਕੋਈ ਵਿਵਸਥਾ ਹੈ, ਜੋ ਆਪਣੀ ਰੋਜ਼ੀ-ਰੋਟੀ ਲਈ ਇਸ ਜ਼ਮੀਨ 'ਤੇ ਨਿਰਭਰ ਹਨ।
ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਹੈ ਕਿ ਅਗਲੀ ਸੁਣਵਾਈ ਤੱਕ ਇਸ ਨੀਤੀ ਤਹਿਤ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ। ਇਸ ਮਾਮਲੇ ਦੀ ਅਗਲੀ ਸੁਣਵਾਈ ਜਲਦ ਹੋਣ ਦੀ ਸੰਭਾਵਨਾ ਹੈ।