BJP ਸਪੱਸ਼ਟ ਕਰੇ ਕਿ ਕਿਸਾਨਾਂ ਬਾਰੇ PM ਮੋਦੀ ਦਾ ਬਿਆਨ ਕਿਸ ਸੰਦਰਭ ਵਿੱਚ ਹੈ - ਨੀਲ ਗਰਗ
ਪ੍ਰਧਾਨ ਮੰਤਰੀ ਮੋਦੀ ਅੱਜ ਤੱਕ ਕਿਸਾਨਾਂ ਨਾਲ ਕੀਤੇ ਆਪਣੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ, ਫਿਰ ਅਸੀਂ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ ਕਿ ਉਹ ਕਿਸਾਨਾਂ ਦੀ ਭਲਾਈ ਚਾਹੁੰਦੇ ਹਨ? - ਗਰਗ
ਚੰਡੀਗੜ੍ਹ,7 ਅਗਸਤ
ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਨਾਲ ਵਪਾਰਕ ਸਮਝੌਤੇ ਵਿੱਚ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਬਿਆਨ 'ਤੇ ਸਵਾਲ ਉਠਾਉਂਦਿਆਂ ਇਸ ਬਿਆਨ ਨੂੰ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰਨ ਵਾਲ ਦੱਸਿਆ।
'ਆਪ' ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਿਸਾਨਾਂ ਬਾਰੇ ਬਿਆਨ ਦੇ ਸੰਦਰਭ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਉਨ੍ਹਾਂ ਪੁੱਛਿਆ ਕਿ ਕੀ ਇਹ ਬਿਆਨ ਅਮਰੀਕਾ ਨਾਲ ਵਪਾਰਕ ਸਮਝੌਤਾ ਨਾ ਕਰਨ ਬਾਰੇ ਹੈ ਜਾਂ ਇਹ ਸਿਰਫ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨਾਂ ਦਾ ਜਵਾਬੀ ਪ੍ਰਤੀਕਰਮ ਹੈ।
ਨੀਲ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕਿਸਾਨਾਂ ਦੀ ਭਲਾਈ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਨੇ ਆਪਣੇ ਵਾਅਦੇ ਅਨੁਸਾਰ ਅੱਜ ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਨਹੀਂ ਕੀਤੀ। ਕਾਲੇ ਖੇਤੀਬਾੜੀ ਕਾਨੂੰਨ ਵਾਪਸ ਲੈਂਦੇ ਸਮੇਂ ਉਨ੍ਹਾਂ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇਣਗੇ, ਪਰ ਅੱਜ ਤੱਕ ਇਹ ਕਾਨੂੰਨ ਹੀ ਨਹੀਂ ਬਣਿਆ। ਉਨ੍ਹਾਂ ਨੇ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਦੀ ਵੀ ਗੱਲ ਕੀਤੀ ਪਰ ਉਸ ਨੂੰ ਵੀ ਪੂਰਾ ਨਹੀਂ ਕੀਤਾ, ਫਿਰ ਅਸੀਂ ਕਿਵੇਂ ਵਿਸ਼ਵਾਸ ਕਰ ਸਕਦੇ ਹਾਂ ਕਿ ਉਹ ਕਿਸਾਨਾਂ ਦੀ ਭਲਾਈ ਚਾਹੁੰਦੇ ਹਨ?