ਪੰਜਾਬ ਪੁਲਿਸ ਨੇ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਕੀਤੀ ਛਾਪੇਮਾਰੀ
— ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਅਸਲਾ ਐਕਟ ਅਧੀਨ ਤਿੰਨ ਮੁਕੱਦਮਿਆਂ ਵਿੱਚ ਸ਼ਾਮਲ 205 ਵਿਅਕਤੀਆਂ ਦੀ ਜਾਂਚ ਕੀਤੀ ਗਈ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
— ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਕੀਤੇ ਸਥਾਪਤ
— ਯੁੱਧ ਨਸ਼ਿਆਂ ਵਿਰੁੱਧ: 159 ਦਿਨਾਂ ਵਿੱਚ 25 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ
— 159ਵੇਂ ਦਿਨ, 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਸਮੇਤ 128 ਨਸ਼ਾ ਤਸਕਰ ਕਾਬੂ
— 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ
ਚੰਡੀਗੜ੍ਹ, 7 ਅਗਸਤ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਅੱਜ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਸ਼ੁਰੂ ਕਰਦਿਆਂ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਅਧੀਨ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਘਰਾਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਇਹ ਛਾਪੇਮਾਰੀ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਅਗਾਮੀ ਸਤੁਤੰਰਤਾ ਦਿਵਸ ਦੇ ਮੱਦੇਨਜ਼ਰ ਚੱਲ ਰਹੇ ਵਿਸ਼ੇਸ਼ ਆਪ੍ਰੇਸ਼ਨਾਂ ਦੇ ਹਿੱਸੇ ਵਜੋਂ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਤਾਂ ਜੋ ਇਨ੍ਹਾਂ ਵਿਅਕਤੀਆਂ ਦੇ ਘਰਾਂ ਦੀ ਜਾਂਚ ਕੀਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ 120 ਪੁਲਿਸ ਪਾਰਟੀਆਂ, ਜਿਨ੍ਹਾਂ ਵਿੱਚ 1000 ਤੋਂ ਵੱਧ ਪੁਲਿਸ ਕਰਮਚਾਰੀ ਸ਼ਾਮਲ ਸਨ, ਨੇ ਪਿਛਲੇ ਤਿੰਨ ਸਾਲਾਂ ਵਿੱਚ ਅਸਲਾ ਐਕਟ ਤਹਿਤ ਤਿੰਨ ਤੋਂ ਵੱਧ ਮਾਮਲਿਆਂ ਵਿੱਚ ਸ਼ਾਮਲ ਘੱਟੋ-ਘੱਟ 205 ਵਿਅਕਤੀਆਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਇਸ ਕਾਰਵਾਈ ਦਾ ਉਦੇਸ਼ ਅਜਿਹੇ ਵਿਅਕਤੀਆਂ ਦੇ ਟਿਕਾਣਿਆਂ ਦੀ ਜਾਂਚ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਉਣਾ ਸੀ ਕਿ ਉਹ ਸਾਮਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਗਏ ਹਨ।
ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਸੂਬੇ ਭਰ ਵਿੱਚ 400 ਤੋਂ ਵੱਧ ਮਜ਼ਬੂਤ ਨਾਕੇ ਲਗਾਏ ਗਏ ਹਨ।
ਇਸ ਤੋਂ ਇਲਾਵਾ, ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 159ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 388 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਨਾਲ, 159 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 25,063 ਹੋ ਗਈ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 3.7 ਕਿਲੋਗ੍ਰਾਮ ਅਫੀਮ ਅਤੇ 12,655 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ 76 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 418 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 62 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।