ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹਲਕਾ ਖਡੂਰ ਸਾਹਿਬ ਦੇ ਦਰਜਨਾਂ ਪਿੰਡਾਂ ਦੀ 12,000 ਏਕੜ ਫ਼ਸਲ ਤਬਾਹ - ਬ੍ਰਹਮਪੁਰਾ
- ਹੜ੍ਹ ਪੀੜਤ ਕਿਸਾਨਾਂ ਦੇ ਕਰਜ਼ੇ ਅਤੇ ਬਿਜਲੀ ਬਿੱਲ ਤੁਰੰਤ ਮੁਆਫ਼ ਕਰੇ ਸਰਕਾਰ - ਬ੍ਰਹਮਪੁਰਾ
- ਖਡੂਰ ਸਾਹਿਬ 'ਚ 12,000 ਏਕੜ ਫ਼ਸਲ ਡੁੱਬੀ, 'ਆਪ' ਸਰਕਾਰ 50 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਕੇ ਕਿਸਾਨਾਂ ਦੀ ਬਾਂਹ ਫੜੇ।
ਤਰਨ ਤਾਰਨ 08 ਅਗਸਤ 2025: ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ 'ਤੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਬਿਆਸ ਦਰਿਆ 'ਚ ਪਾਣੀ ਵਧਣ ਕਾਰਨ ਹਲਕੇ ਦੇ ਕਿਸਾਨਾਂ ਦੇ ਹੋਏ ਭਾਰੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਸਿੱਧੇ ਤੌਰ 'ਤੇ 'ਆਪ' ਸਰਕਾਰ ਅਤੇ ਪ੍ਰਸ਼ਾਸਨ ਦੀ ਨਾਕਾਮੀ ਕਰਾਰ ਦਿੱਤਾ ਹੈ।
ਬ੍ਰਹਮਪੁਰਾ ਨੇ ਕਿਹਾ ਕਿ ਇਹ ਬਹੁਤ ਅਫ਼ਸੋਸਨਾਕ ਹੈ ਕਿ ਪ੍ਰਸ਼ਾਸਨ ਨੇ ਦਰਿਆ 'ਚ ਪਾਣੀ ਦਾ ਪੱਧਰ ਵਧਣ ਬਾਰੇ ਕਿਸਾਨਾਂ ਨੂੰ ਸਮੇਂ ਸਿਰ ਕੋਈ ਅਗਾਊਂ ਸੂਚਨਾ ਨਹੀਂ ਦਿੱਤੀ, ਜਿਸ ਕਾਰਨ ਖਡੂਰ ਹਲਕੇ ਦੇ ਪਿੰਡ ਮੁੰਡਾ ਪਿੰਡ, ਗੋਇੰਦਵਾਲ ਸਾਹਿਬ, ਵੈਰੋਵਾਲ, ਧੁੰਦਾ, ਚੰਬਾ ਕਲਾਂ ਅਤੇ ਹੋਰਨਾਂ ਲਗਭਗ 20 ਪਿੰਡਾਂ ਦੀ 12,000 ਏਕੜ ਤੋਂ ਵੱਧ ਝੋਨੇ ਅਤੇ ਪਸ਼ੂਆਂ ਦੇ ਚਾਰੇ ਦੀ ਫ਼ਸਲ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਕੇ ਬਰਬਾਦ ਹੋ ਗਈ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਕਿਸਾਨ ਵਿਰੋਧੀ ਚਿਹਰੇ ਦਾ ਇਸ ਤੋਂ ਵੱਡਾ ਸਬੂਤ ਕੀ ਹੋ ਸਕਦਾ ਹੈ ਕਿ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਹਾਲੇ ਤੱਕ ਕੋਈ ਵੀ ਸਰਕਾਰੀ ਨੁਮਾਇੰਦਾ ਪੀੜਤ ਕਿਸਾਨਾਂ ਦੀ ਸਾਰ ਲੈਣ ਨਹੀਂ ਪਹੁੰਚਿਆ।
ਬ੍ਰਹਮਪੁਰਾ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕਰਦਿਆਂ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਫੌਰੀ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੀੜਤ ਕਿਸਾਨਾਂ ਦੇ ਖੇਤੀ ਕਰਜ਼ੇ, ਬਿਜਲੀ ਬਿੱਲ ਅਤੇ ਸਹਿਕਾਰੀ ਸਭਾਵਾਂ ਦੀਆਂ ਦੇਣਦਾਰੀਆਂ ਮੁਆਫ਼ ਕੀਤੀਆਂ ਜਾਣ ਅਤੇ ਪਸ਼ੂਆਂ ਲਈ ਹਰੇ ਅਤੇ ਸੁੱਕੇ ਚਾਰੇ ਦਾ ਤੁਰੰਤ ਸਰਕਾਰੀ ਪੱਧਰ 'ਤੇ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਕਿਸਾਨਾਂ ਦਾ ਇਹ ਨੁਕਸਾਨ ਹੋਇਆ ਹੈ, ਉਨ੍ਹਾਂ ਦੀ ਜ਼ਿੰਮੇਵਾਰੀ ਤੈਅ ਕਰਕੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਬ੍ਰਹਮਪੁਰਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਹੀ ਕਿਸਾਨਾਂ ਨੂੰ ਰਾਹਤ ਦੇਣ ਲਈ ਕਦਮ ਨਾ ਚੁੱਕੇ ਤਾਂ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨੂੰ ਨਾਲ ਲੈ ਕੇ ਸਥਾਨਕ ਪ੍ਰਸ਼ਾਸਨ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗਾ।