ਕੈਬਿਨਟ ਮੰਤਰੀ ਈ.ਟੀ.ਓ ਨੇ 18 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
- ਆਪ ਸਰਕਾਰ ਨੇ ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਕਰੀਬ 55 ਹਜ਼ਾਰ ਨੋਜਵਾਨਾਂ ਨੂੰ ਦਿੱਤੀਆਂ ਨੌਕਰੀਆਂ
- ਕਿਹਾ ਕਿ-ਬਿਨਾਂ ਕਿਸੇ ਭੇਦਭਾਵ ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਨਿਯੁਕਤੀਆਂ
ਅੰਮ੍ਰਿਤਸਰ , 13 ਅਗਸਤ 2025 - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਪਣੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਦੋਰਾਨ ਕਰੀਬ 55 ਹਜ਼ਾਰ ਤੋ ਵੱਧ ਨੋਕਰੀਆਂ ਨੋਜਵਾਨਾਂ ਨੂੰ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਇਹ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭੇਦਭਾਵ,ਸਿਫਾਰਸ਼ ਤੇ ਭ੍ਰਿਸ਼ਟਾਚਾਰ ਤੋ ਰਹਿਤ ਤੇ ਕੇਵਲ ਤੇ ਕੇਵਲ ਮੈਰਿਟ ਦੇ ਆਧਾਰ ਤੇ ਕੀਤੀਆਂ ਗਈਆਂ ਹਨ।
ਇੰਨ੍ਹਾਂ ਸ਼ਬਦਾਂ ਦਾ ਪ਼੍ਰਗਟਾਵਾ ਅੱਜ ਕੈਬਿਨਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ 18 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਪਣ ਸਮੇ ਕੀਤਾ। ਸ: ਈ.ਟੀ.ਓ ਨੇ ਦੱਸਿਆ ਕਿ 18 ਮਹੀਨਿਆਂ ਦੀ ਲਾਜ਼ਮੀ ਸਿਖਲਾਈ ਪੂਰੀ ਕਰ ਚੁੱਕੇ ਇਨ੍ਹਾਂ ਪਟਵਾਰੀਆਂ ਨੂੰ ਫੀਲਡ ਵਿੱਚ ਬਤੌਰ ਰੈਗੂਲਰ ਪਟਵਾਰੀ ਤੈਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਾਲ 2023 ਵਿੱਚ ਮਾਲ ਪਟਵਾਰੀਆਂ ਦੀ ਭਰਤੀ ਉਪਰੰਤ ਯੋਗ ਉਮੀਦਵਾਰਾਂ ਨੂੰ ਮੈਰਿਟ ਅਨੁਸਾਰ ਜ਼ਿਲ੍ਹੇ ਅਲਾਟ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਉਮੀਦਵਾਰਾਂ ਨੂੰ ਇੱਕ ਸਾਲ ਦੀ ਟ੍ਰੇਨਿੰਗ ਪਟਵਾਰ ਸਕੂਲ ਵਿਖੇ ਅਤੇ 6 ਮਹੀਨੇ ਦੀ ਫੀਲਡ ਟ੍ਰੇਨਿੰਗ ਦਿੱਤੀ ਗਈ।
ਕੈਬਿਨਟ ਮੰਤਰੀ ਈ.ਟੀ.ਓ ਨੇ ਨਿਯੁਕਤ ਹੋਏ ਪਟਵਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਨ। ਉਨ੍ਹਾਂ ਕਿਹਾ ਕਿ ਆਪਣੀ ਸਹੂਲਤ ਨਾਲੋ ਜਨਤਕ ਹਿੱਤਾਂ ਨੂੰ ਤਰਜੀਹ ਦੇਣ ਅਤੇ ਲੋਕਾਂ ਨੂੰ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤਾਂ ਜੋ ਲੋਕਾਂ ਦੀ ਭਲਾਈ ਲਈ ਪਾਰਦਰਸ਼ੀ ਤੇ ਕਾਰਜਕੁਸ਼ਲ ਪ੍ਰਸ਼ਾਸਨਿਕ ਢਾਂਚਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸੁਚੇਤ ਕੀਤਾ ਕਿ ਸਰਕਾਰੀ ਮੁਲਾਜ਼ਮਾਂ ਦੇ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਸੂਬੇ ਦੀ ਸੇਵਾ ਦਾ ਮੌਕਾ ਦੇਣ ਲਈ ਪਟਵਾਰੀਆਂ ਦੀਆਂ ਹੋਰ ਆਸਾਮੀਆਂ ਉਤੇ ਵੀ ਛੇਤੀ ਭਰਤੀ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਨਿਯੁਕਤ ਹੋਏ 18 ਪਟਵਾਰੀਆਂ ਵਿਚੋ 13 ਲੜਕੇ ਅਤੇ 5 ਲੜਕੀਆਂ ਹਨ,ਜਿੰਨ੍ਹਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਪਟਵਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਮਿਹਨਤ ਨਾਲ ਕਰਨ ਅਤੇ ਕੰਮ ਕਰਵਾਉਣ ਆਏ ਵਿਅਕਤੀਆਂ ਦੇ ਕੰਮ ਪਹਿਲ ਦੇ ਆਧਾਰ ਤੇ ਕਰਨ ਤਾਂ ਜੋ ਲੋਕਾਂ ਨੂੰ ਦਫਤਰਾਂ ਵਿਚ ਕਿਸੇ ਕਿਸਮ ਦੀ ਖੱਜਲ ਖੁਆਰੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਨ੍ਹਾਂ ਪਟਵਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਉਨ੍ਹਾਂ ਉਮੀਦ ਜਤਾਈ ਕਿ ਨੌਜਵਾਨ ਉਮੀਦਵਾਰਾਂ ਦੀ ਭਰਤੀ ਆਉਣ ਵਾਲੇ ਦਿਨਾਂ ਵਿੱਚ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਲਈ ਅਹਿਮ ਸਾਬਤ ਹੋਵੇਗੀ। ਇਸ ਮੌਕੇ ਜ਼ਿਲ੍ਹਾ ਮਾਲ ਅਫਸਰ ਸ: ਨਵਕੀਰਤ ਸਿੰਘ ਰੰਧਾਵਾ ਵੀ ਹਾਜ਼ਰ ਸਨ।