ਭਗਵੰਤ ਮਾਨ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਆਮ ਸੇਵਾ ਕੇਂਦਰਾਂ ਦਾ ਨੀਂਹ ਪੱਥਰ ਰੱਖਿਆ
- ਪੰਚਾਇਤ ਘਰ ਅਤੇ ਸੇਵਾ ਕੇਂਦਰ ਪਿੰਡ ਵਾਸੀਆਂ ਲਈ ਸਹੂਲਤਾਂ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ
- ਚੌਧਰ ਦੀ ਲਾਲਸਾ ਵਿੱਚ ਕਾਂਗਰਸ ਅਤੇ ਅਕਾਲੀ ਦਲ ਪਾਟੋਧਾੜ ਦਾ ਸ਼ਿਕਾਰ
- ਪੰਜਾਬ ਦੇ ਹਰੇਕ ਖੇਤਰ ਵਿੱਚ ਵੇਖੀ ਜਾ ਸਕਦੀ ਹੈ ਬਦਲਾਅ ਦੀ ਤਸਵੀਰ
ਫਤਹਿਗੜ੍ਹ ਸਾਹਿਬ, 13 ਅਗਸਤ 2025 - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਭਰ ਵਿੱਚ 125 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 500 ਆਧੁਨਿਕ ਪੰਚਾਇਤ ਘਰਾਂ ਅਤੇ ਕਾਮਨ ਸਰਵਿਸ ਸੈਂਟਰਾਂ (ਆਮ ਸੇਵਾ ਕੇਂਦਰ) ਦੇ ਨਿਰਮਾਣ ਦਾ ਵਰਚੂਅਲ ਤੌਰ ’ਤੇ ਨੀਂਹ ਪੱਥਰ ਰੱਖਿਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਪੰਚਾਇਤ ਘਰ ਅਤੇ ਕਾਮਨ ਸਰਵਿਸ ਸੈਂਟਰ ਬਣਾਉਣ ਦਾ ਪ੍ਰੋਜੈਕਟ ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2800 ਤੋਂ ਵੱਧ ਆਬਾਦੀ ਵਾਲੇ ਹਰੇਕ ਪਿੰਡ ਵਿੱਚ ਇਕ ਪੰਚਾਇਤ ਘਰ ਅਤੇ ਇਕ ਕਾਮਨ ਸਰਵਿਸ ਸੈਂਟਰ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਪੰਚਾਇਤ ਘਰ ਬਣਾਉਣ ਦੀ ਲਾਗਤ 20 ਲੱਖ ਰੁਪਏ ਅਤੇ ਇਕ ਕਾਮਨ ਸਰਵਿਸ ਸੈਂਟਰ ਦੀ ਲਾਗਤ 5 ਲੱਖ ਰੁਪਏ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 500 ਪਿੰਡਾਂ ਵਿੱਚ ਪੰਚਾਇਤ ਘਰ ਅਤੇ ਸੇਵਾ ਕੇਂਦਰ ਬਣਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਲਈ ਉਨ੍ਹਾਂ ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਹੁਣ ਤੱਕ ਕੋਈ ਪੰਚਾਇਤ ਘਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਮਹਿਜ਼ ਇਕ ਦਫ਼ਤਰ ਨਹੀਂ ਹੋਵੇਗਾ, ਸਗੋਂ ਪਿੰਡ ਦੇ ਵਿਕਾਸ ਲਈ ਵਿਚਾਰ-ਵਟਾਂਦਰੇ ਅਤੇ ਵਿਉਂਤਬੰਦੀ ਦਾ ਕੇਂਦਰੀ ਧੁਰਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਮਨ ਸਰਵਿਸ ਸੈਂਟਰ ਪਿੰਡਾਂ ਵਿੱਚ ਡਿਜੀਟਲ ਕ੍ਰਾਂਤੀ ਦੇ ਗਵਾਹ ਬਣਨਗੇ, ਜਿਸ ਨਾਲ ਪਿੰਡਾਂ ਦੇ ਲੋਕਾਂ ਦੀ ਵੱਖ-ਵੱਖ ਆਨਲਾਈਨ ਸੇਵਾਵਾਂ ਤੱਕ ਪਹੁੰਚ ਸੁਖਾਲੀ ਬਣਾਉਣ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ ਸਰਕਾਰੀ ਯੋਜਨਾਵਾਂ ਲਈ ਅਰਜ਼ੀ ਦੇਣ, ਵਿਦਿਅਕ ਸੰਸਥਾਵਾਂ ਵਿੱਚ ਦਾਖਲਾ ਲੈਣ, ਆਧਾਰ ਕਾਰਡ ਜਾਂ ਪਾਸਪੋਰਟ ਬਣਾਉਣ ਅਤੇ ਹੋਰ ਬਹੁਤ ਸਾਰੀਆਂ ਸੇਵਾਵਾਂ ਆਨਲਾਈਨ ਉਪਲਬਧ ਹਨ। ਉਨ੍ਹਾਂ ਕਿਹਾ ਕਿ ਇਹ ਕਾਮਨ ਸਰਵਿਸ ਸੈਂਟਰ ਇਨ੍ਹਾਂ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਉਮੀਦ ਪ੍ਰਗਟਾਈ ਕਿ ਇਹ ਪ੍ਰਾਜੈਕਟ ਪੰਚਾਇਤਾਂ ਨੂੰ ਇਕ ਥਾਂ ਜੁੜ ਬੈਠਣ ਅਤੇ ਸਮੂਹਿਕ ਫੈਸਲੇ ਲੈਣ ਲਈ ਸਾਂਝਾ ਪਲੇਟਫਾਰਮ ਪ੍ਰਦਾਨ ਕਰੇਗਾ।
ਮੁੱਖ ਮੰਤਰੀ ਨੇ ਦੁੱਖ ਪ੍ਰਗਟ ਕੀਤਾ ਕਿ ਭਾਵੇਂ ਪੰਚਾਇਤਾਂ ਨੂੰ ਲੋਕਤੰਤਰ ਦੀ ਨੀਂਹ ਕਿਹਾ ਜਾਂਦਾ ਹੈ, ਪਰ ਪਹਿਲਾਂ ਉਨ੍ਹਾਂ ਦੇ ਬੈਠਣ ਲਈ ਢੁਕਵੀਂ ਜਗ੍ਹਾ ਵੀ ਨਹੀਂ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਹੁਣ ਪੰਜਾਬ ਹਰ ਖੇਤਰ ਵਿੱਚ ਬਦਲਾਅ ਦੇਖ ਰਿਹਾ ਹੈ ਕਿਉਂਕਿ ਆਮ ਲੋਕਾਂ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਆ ਰਹੇ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਨਹਿਰੀ ਪਾਣੀ ਹੁਣ ਸੂਬੇ ਵਿੱਚ ਟੇਲਾਂ ‘ਤੇ ਪਹਿਲੀ ਵਾਰ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ, ਸਰਕਾਰ ਨੇ ਪੰਜਾਬ ਭਰ ਵਿੱਚ 15,947 ਖਾਲਿਆਂ ਤੇ ਕੱਸੀਆਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਨੌਜਵਾਨਾਂ ਨੂੰ ਲਗਭਗ 55,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਦੇ ਦਿੱਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਡਰੱਗ ਮਾਫੀਆ ਨੂੰ ਪਿਛਲੀਆਂ ਸਰਕਾਰਾਂ ਨੇ ਸਰਪ੍ਰਸਤੀ ਦਿੱਤੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਰਣਨੀਤੀ ਘੜੀ ਗਈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਤੋਂ ਇਲਾਵਾ ਇਸ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਜੇਲ੍ਹ ਭੇਜਿਆ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰਕੇ ਨਸ਼ਟ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਸ ਮੁਹਿੰਮ ਦਾ ਦਿਲੋਂ ਸਮਰਥਨ ਕੀਤਾ ਹੈ ਜੋ ਹੁਣ ਲੋਕ ਲਹਿਰ ਵਿੱਚ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੀਆਂ 700 ਪੰਚਾਇਤਾਂ ਨੇ ਆਪਣੇ ਪਿੰਡਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਦਾ ਸੰਕਲਪ ਲੈਂਦਿਆਂ ਮਤੇ ਪਾਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।
ਰਵਾਇਤੀ ਪਾਰਟੀਆਂ ਦੇ ਆਗੂਆਂ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਆਸੀ ਪਾਰਟੀਆਂ ਪਾਟੋਧਾੜ ਦਾ ਸ਼ਿਕਾਰ ਹਨ ਜਿੱਥੇ ਹਰ ਆਗੂ ਸੱਤਾ ਹਥਿਆਉਣ ਲਈ ਹੱਥ-ਪੈਰ ਮਾਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਕੋਲ ਸੂਬੇ ਦੇ ਭਲੇ ਲਈ ਕੋਈ ਏਜੰਡਾ ਨਹੀਂ ਕਿਉਂਕਿ ਉਹ ਸਿਰਫ਼ ਸੱਤਾ ਦੇ ਲਾਲਚ ਵਿੱਚ ਸਿਆਸਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਵਿੱਚ ਕਈ ਧੜੇ ਸੱਤਾ ਪ੍ਰਾਪਤ ਕਰਨ ਲਈ ਆਪਸ ਵਿੱਚ ਲੜ ਰਹੇ ਹਨ ਤਾਂ ਜੋ ਉਹ ਸੂਬੇ ਦੇ ਖਜ਼ਾਨੇ ਦੌਲਤ ਦੀ ਲੁੱਟ ਕਰ ਸਕਣ ਜਦੋਂ ਕਿ ਮੌਜੂਦਾ ਸਰਕਾਰ ਇਮਾਨਦਾਰੀ ਨਾਲ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਨੇ ਸੂਬੇ ਨੂੰ ਬਰਬਾਦੀ ਵੱਲ ਧੱਕ ਦਿੱਤਾ ਸੀ ਜਿਸ ਕਾਰਨ ਨਿਰਾਸ਼ ਹੋਏ ਨੌਜਵਾਨ ਵਿਦੇਸ਼ਾਂ ਨੂੰ ਚਲੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਸੂਬੇ ਵਿੱਚ ਉਲਟਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਸੂਬੇ ਦੇ ਨੌਜਵਾਨ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਰਥਿਕ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਿਹਾ ਹੈ ਕਿਉਂਕਿ ਹੁਣ ਸਰਕਾਰ ਲੀਡਰਾਂ ਦੀ ਨਹੀਂ ਸਗੋਂ ਆਮ ਆਦਮੀ ਦੀ ਸਰਕਾਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਆਜ਼ਾਦੀ ਦੇ 78 ਸਾਲ ਬੀਤ ਜਾਣ ਤੋਂ ਬਾਅਦ ਵੀ ਆਜ਼ਾਦੀ ਦੇ ਲਾਭ ਹਰ ਘਰ ਤੱਕ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਚਿੱਟਾ ਫੈਲਾਉਣ, ਜਨਤਾ ਨੂੰ ਲੁੱਟ ਕੇ ਦੌਲਤ ਇਕੱਠੀ ਕਰਨ, ਭ੍ਰਿਸ਼ਟਾਚਾਰ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਹੋਰ ਬੁਰਾਈਆਂ ਲਈ ਆਜ਼ਾਦੀ ਦੀ ਦੁਰਵਰਤੋਂ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਅਜੇ ਵੀ ਸਾਕਾਰ ਨਹੀਂ ਹੋਏ ਕਿਉਂਕਿ ਇਨ੍ਹਾਂ ਲੋਕਾਂ ਨੇ ਇਸ ਲਈ ਕਦੇ ਵੀ ਕੋਈ ਠੋਸ ਯਤਨ ਨਹੀਂ ਕੀਤੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਜ਼ਾਦੀ ਦਾ ਲਾਭ ਹਰ ਘਰ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਦਾ ਕੰਮ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਰਿਸ਼ਵਤ ਦੇ ਹੋ ਰਿਹਾ ਹੈ, ਆਮ ਪਰਿਵਾਰਾਂ ਦੇ ਬੱਚੇ ਅਫ਼ਸਰ ਬਣ ਰਹੇ ਹਨ, ਪੁਲਿਸ ਥਾਣਿਆਂ ਵਿੱਚ ਬਿਨਾਂ ਭ੍ਰਿਸ਼ਟਾਚਾਰ ਦੇ ਕੰਮ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਅੱਜ ਮਿਸਾਲੀ ਬਦਲਾਅ ਦਾ ਗਵਾਹ ਬਣ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਦੀਆਂ ਸਰਕਾਰਾਂ ਦੌਰਾਨ ਪੰਜਾਬ ਨੂੰ ਹਰ ਖੇਤਰ ਵਿੱਚ ਨਮੋਸ਼ੀ ਅਤੇ ਬਦਨਾਮੀ ਦਾ ਸਾਹਮਣਾ ਕਰਨਾ ਪਿਆ ਸੀ ਪਰ ਉਨ੍ਹਾਂ ਦੀ ਸਰਕਾਰ ਖੁਸ਼ਹਾਲ, ਤੇ ਪ੍ਰਗਤੀਸ਼ੀਲ ਪੰਜਾਬ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਬਦਇੰਤਜ਼ਾਮੀ ਨੂੰ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ ਹੁਣ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਦੇ ਰਾਹ ‘ਤੇ ਹੈ।
ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।