ਬਟਾਲਾ ਸ਼ਹਿਰ ਨੂੰ ਖੂਬਸੂਰਤ ਤਿਰੰਗੇ ਵਾਲੀਆਂ ਲਾਈਟਾਂ ਨਾਲ ਸਜਾਇਆ
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਨੂੰ ਸੁੰਦਰਤਾ ਪੱਖੋ ਦਿੱਤੀ ਜਾ ਰਹੀ ਹੈ ਨਿਵੇਕਲੀ ਦਿੱਖ
ਰੋਹਿਤ ਗੁਪਤਾ
ਬਟਾਲਾ, 14 ਅਗਸਤ ਬਟਾਲਾ ਸ਼ਹਿਰ ਨੂੰ ਸੁੰਦਰਤਾ ਪੱਖੋਂ ਨਿਵਕੇਲੀ ਦਿੱਖ ਦੇਣ ਦੇ ਮੰਤਵ ਨਾਲ ਸ਼ਹਿਰ ਵਿੱਚ ਖੂਬਸੂਰਤ ਤਿਰੰਗੇ ਦੇ ਰੰਗ ਵਰਗੀਆਂ ਲਾਈਟਾਂ ਨਾਲ ਸਜਾਇਆ ਗਿਆ ਹੈ। ਇਸ ਸਬੰਧੀ ਗੱਲ ਕਰਦਿਆਂ ਐਕਸੀਅਨ ਰੋਹਿਤ ਉੱਪਲ ਨੇ ਦੱਸਿਆ ਕਿ ਬਾਬਾ ਜੀ ਦੇ ਵਿਆਹ ਪੁਰਬ ਸਮਾਗਮ ਅਤੇ ਆਜ਼ਾਦੀ ਦਿਵਸ ਸਮਾਗਮ ਨੂੰ ਮੁੱਖ ਰੱਖਦਿਆਂ ਸ਼ਹਿਰ ਅੰਦਰ ਖੂਬਸੂਰਤ ਲਾਈਟਾਂ ਲਗਾਈਆਂ ਗਈਆਂ ਹਨ।
ਉਨਾਂ ਦੱਸਿਆ ਕਿ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਬਟਾਲਾ, ਸ੍ਰੀ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਨੂੰ ਜਿਥੇ ਸਾਫ ਸੁਥਰਾ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਓਥੇ ਸ਼ਹਿਰ ਅੰਦਰ ਖੂਬਸੂਰਤ ਲਾਈਟਾਂ ਵੀ ਲਗਾਈਆਂ ਗਈਆਂ ਹਨ।
ਉਨਾਂ ਦੱਸਿਆ ਕਿ ਸਿਟੀ ਰੋਡ ਬਟਾਲਾ ਅਤੇ ਜਲੰਧਰ ਰੋਡ ਸਮੇਤ ਵੱਖ-ਵੱਖ ਸ਼ਹਿਰੀ ਹਿੱਸਿਆ ਵਿੱਚ ਤਿਰੰਗੇ ਵਾਲੀਆਂ ਲਾਈਟਾਂ ਲਗਾਈਆਂ ਗਈਆਂ ਹਨ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲੱਗੇ ਹਨ। ਉਨਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਸਾਫ਼-ਸਫ਼ਾਈ ਨੂੰ ਮੁੱਖ ਰੱਖਦਿਆਂ ਨਿਰੰਤਰ ਵਿਕਾਸ ਕੰਮ ਜਾਰੀ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਤੇ ਸੁੰਦਰ ਰੱਖਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਉਨਾਂ ਦੱਸਿਆ ਕਿ ਵਿਆਹ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਕਾਰਪੋਰੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।