ਚੇਅਰਮੈਨ ਬਹਿਲ ਤੇ DC ਨੇ ਮਰਹੂਮ ਰਣਦੀਪ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਦਿੱਤੀ
ਬਹਿਲ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ - ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 14 ਅਗਸਤ ਪਿੰਡ ਬੱਬੇਹਾਲੀ ਦੇ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਜਿਸ ਦੀ ਬੀਤੀ 5 ਜੂਨ ਨੂੰ ਮੌਤ ਹੋ ਗਈ ਸੀ, ਦੇ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਢਾਰਸ ਦੇਣ ਲਈ ਪੰਜਾਬ ਸਰਕਾਰ ਅੱਗੇ ਆਈ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀ ਕੋਸ਼ਿਸ਼ ਸਦਕਾ ਪੰਜਾਬ ਸਰਕਾਰ ਵੱਲੋਂ ਮਰਹੂਮ ਰਣਦੀਪ ਸਿੰਘ ਰਾਣਾ ਦੇ ਪਿਤਾ ਕਰਨੈਲ ਸਿੰਘ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਗਈ ਹੈ। 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਚੇਅਰਮੈਨ ਸ੍ਰੀ ਰਮਨ ਬਹਿਲ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਹਾਜ਼ਰੀ ਵਿੱਚ ਪੀੜ੍ਹਤ ਪਰਿਵਾਰ ਨੂੰ ਭੇਂਟ ਕੀਤਾ ਗਿਆ।
ਪੀੜ੍ਹਤ ਪਰਿਵਾਰ ਦੀ ਮਾਲੀ ਇਮਦਾਦ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਦਾ ਧੰਨਵਾਦ ਕਰਦਿਆਂ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ 5 ਜੂਨ ਨੂੰ ਪਿੰਡ ਬੱਬੇਹਾਲੀ ਦੇ ਵਾਸੀ ਨੌਜਵਾਨ ਰਣਦੀਪ ਸਿੰਘ ਰਾਣਾ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਸੀ ਅਤੇ ਕੁਝ ਸਮਾਜਿਕ ਜਥੇਬੰਦੀਆਂ ਵੱਲੋਂ ਪੀੜ੍ਹਤ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਬੱਬਰੀ ਬਾਈਪਾਸ ਵਿਖੇ ਧਰਨਾ ਲਗਾਇਆ ਗਿਆ ਸੀ। ਉਨ੍ਹਾਂ ਨੇ ਪੀੜ੍ਹਤ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਦਿਵਾਉਣ ਦਾ ਭਰੋਸਾ ਦਿਵਾਇਆ ਸੀ।
ਚੇਅਰਮੈਨ ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰਾ ਮਸਲਾ ਲਿਆਂਦਾ ਸੀ ਅਤੇ ਸ. ਮਾਨ ਜੋ ਕਿ ਅਜਿਹੇ ਮਸਲਿਆਂ ਪ੍ਰਤੀ ਬਹੁਤ ਸੰਵੇਦਨਸ਼ੀਲ ਹਨ, ਵੱਲੋਂ ਪੀੜ੍ਹਤ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਫ਼ੰਡ ਵਿਚੋਂ 2 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਸੀ। ਸ੍ਰੀ ਬਹਿਲ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦਿਆਂ ਮਾਲੀ ਇਮਦਾਦ ਵਜੋਂ 2 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਭੇਜਿਆ ਸੀ, ਜਿਸ ਨੂੰ ਅੱਜ ਮਰਹੂਮ ਨੌਜਵਾਨ ਮਰਹੂਮ ਰਣਦੀਪ ਸਿੰਘ ਰਾਣਾ ਦੇ ਪਿਤਾ ਕਰਨੈਲ ਸਿੰਘ ਦੇ ਸਪੁਰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਰਣਦੀਪ ਸਿੰਘ ਨੂੰ ਵਾਪਸ ਤਾਂ ਨਹੀਂ ਲਿਆਂਦਾ ਜਾ ਸਕਦਾ ਪਰ ਇਹ ਸਹਾਇਤਾ ਰਾਸ਼ੀ ਉਸ ਦੇ ਪਰਿਵਾਰ ਦੀਆਂ ਕੁਝ ਲੋੜਾਂ ਪੂਰੀਆਂ ਕਰਨ ਵਿੱਚ ਜ਼ਰੂਰ ਸਹਾਈ ਹੋਵੇਗੀ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਔਖੀ ਘੜੀ ਵਿੱਚ ਕਿਸੇ ਨਾਲ ਖੜੇ ਹੋਣਾ ਸਾਡਾ ਇਖ਼ਲਾਕੀ ਫ਼ਰਜ਼ ਹੈ। ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾਂ ਹੀ ਸੇਵਾ ਦੀ ਰਾਜਨੀਤੀ ਕੀਤੀ ਹੈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਲੋਕਾਂ ਦੀ ਭਲਾਈ ਅਤੇ ਸੇਵਾ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਉਹ ਆਪਣਾ ਇਨਸਾਨੀ ਫ਼ਰਜ਼ ਸਮਝਦੇ ਹੋਏ ਹਮੇਸ਼ਾਂ ਇਸ ਪੀੜ੍ਹਤ ਪਰਿਵਾਰ ਦੇ ਨਾਲ ਖੜ੍ਹੇ ਹਨ।
ਦੱਸਣਯੋਗ ਹੈ ਕਿ ਚੇਅਰਮੈਨ ਸ੍ਰੀ ਰਮਨ ਬਹਿਲ ਇਸ ਤੋਂ ਪਹਿਲਾਂ ਵੀ ਗੁਰਦਾਸਪੁਰ ਸ਼ਹਿਰ ਦੇ ਅਮਾਂਮਵਾੜਾ ਚੌਂਕ ਵਿੱਚ ਜਿਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਅੱਗ ਲੱਗਣ ਨਾਲ ਸੜ ਗਈਆਂ ਸਨ, ਉਨ੍ਹਾਂ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਵੱਲੋਂ 1-1 ਲੱਖ ਰੁਪਏ ਦੀ ਮਾਲੀ ਸਹਾਇਤਾ ਦਿਵਾ ਚੁੱਕੇ ਹਨ। ਇਸੇ ਤਰਾਂ ਉਨ੍ਹਾਂ ਨੇ ਮਰਹੂਮ ਆਸ਼ੂਤੋਸ਼ ਦੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਕੋਲੋਂ 2 ਲੱਖ ਰੁਪਏ ਦੀ ਮਾਲੀ ਇਮਦਾਦ ਦਿਵਾਈ ਸੀ।