Flood News :ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਪੁੱਜਾ ਪ੍ਰਸ਼ਾਸਨ, ਵੇਖੋ ਕੀ ਪ੍ਰਬੰਧ ਕੀਤੇ
-ਡਿਪਟੀ ਕਮਿਸ਼ਨਰ ਨੇ ਵਿਧਾਇਕ ਟਾਂਡਾ ਦੀ ਮੌਜੂਦਗੀ ‘ਚ ਰੜਾ ਮੰਡਲ, ਮਿਆਣੀ ਮੰਡਲ ਤੇ ਪਿੰਡ ਅਬਦੁੱਲਾਪੁਰ ਦਾ ਲਿਆ ਜਾਇਜ਼ਾ
-ਮੁਕੇਰੀਆਂ ਦੇ ਪਿੰਡ ਮੋਤਲਾ, ਮਹਿਤਾਬਪੁਰ ਪਹੁੰਚ ਕੇ ਮੌਜੂਦਾ ਸਥਿਤੀ ਦੀ ਕੀਤੀ ਸਮੀਖਿਆ
-ਕਿਹਾ, ਮੁੱਖ ਮੰਤਰੀ ਫੋਨ ‘ਤੇ ਸਥਿਤੀ ‘ਤੇ ਰੱਖ ਰਹੇ ਹਨ ਨਜ਼ਰ, ਰਾਹਤ ਤੇ ਬਚਾਅ ਕਾਰਜਾਂ ‘ਚ ਕੋਈ ਕਮੀ ਨਾ ਛੱਡਣ ਦੇ ਹਨ ਸਪੱਸ਼ਟ ਨਿਰਦੇਸ਼
ਟਾਂਡਾ/ਮੁਕੇਰੀਆਂ (ਹੁਸ਼ਿਆਰਪੁਰ), 14 ਅਗਸਤ:
ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਵਰਗੀ ਐਮਰਜੈਂਸੀ ਨਾਲ ਨਜਿੱਠਣ ਲਈ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਪ੍ਰਬੰਧ ਕੀਤੇ ਹਨ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਟਾਂਡਾ, ਦਸੂਹਾ ਅਤੇ ਮੁਕੇਰੀਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵਿਆਪਕ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ 24 ਘੰਟੇ ਚੌਕਸ ਹੈ ਅਤੇ ਹਰੇਕ ਪ੍ਰਭਾਵਿਤ ਖੇਤਰ ਵਿਚ ਲੋੜੀਂਦੇ ਸਰੋਤ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਸਭ ਤੋਂ ਪਹਿਲਾਂ ਉਨ੍ਹਾਂ ਵਿਧਾਇਕ ਟਾਂਡਾ ਦੀ ਮੌਜੂਦਗੀ ਵਿਚ ਉਨ੍ਹਾਂ ਰੜਾ ਮੰਡ, ਮਿਆਣੀ ਮੰਡ, ਪਿੰਡ ਅਬਦੁੱਲਾਪੁਰ ਅਤੇ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਮੁਕੇਰੀਆਂ ਦੇ ਪਿੰਡ ਮੋਤਲਾ ਅਤੇ ਮਹਿਤਾਬਪੁਰ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ, ਏ.ਡੀ.ਸੀ (ਪੇਂਡੂ ਵਿਕਾਸ) ਨਿਕਾਸ ਕੁਮਾਰ ਅਤੇ ਡਰੇਨੇਜ, ਸਿਹਤ, ਪੁਲਿਸ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਅਤੇ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਸਰਕਾਰ ਵੱਲੋਂ ਸਾਰੇ ਜ਼ਰੂਰੀ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ 'ਤੇ ਕਿਸੇ ਦਾ ਕੰਟਰੋਲ ਨਹੀਂ ਹੈ, ਪਰ ਪੰਜਾਬ ਸਰਕਾਰ ਦੀ ਤਰਜ਼ੀਹ ਹੈ ਕਿ ਕਿਸੇ ਵੀ ਨਾਗਰਿਕ ਨੂੰ ਕੋਈ ਅਸੁਵਿਧਾ ਨਾ ਹੋਵੇ ਅਤੇ ਰਾਹਤ ਸਮੱਗਰੀ ਸਮੇਂ ਸਿਰ ਪਹੁੰਚੇ।
ਡਿਪਟੀ ਕਮਿਸ਼ਨਰ ਨੇ ਬਿਆਸ ਦਰਿਆ ਦੇ ਕੰਢੇ ਬਣੇ ਰੜਾ ਮੰਡ, ਮਿਆਣੀ ਮੰਡ, ਪਿੰਡ ਅਬਦੁੱਲਾਪੁਰ ਅਤੇ ਧੁੱਸੀ ਬੰਨ੍ਹਾਂ ਦਾ ਨਿਰੀਖਣ ਕੀਤਾ ਅਤੇ ਸਬੰਧਤ ਵਿਭਾਗਾਂ ਨੂੰ ਹਰ ਪੱਧਰ 'ਤੇ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ ਅਤੇ ਰਾਜ ਪੱਧਰ 'ਤੇ ਡਰੇਨੇਜ ਵਿਭਾਗ ਨਾਲ ਨਿਰੰਤਰ ਤਾਲਮੇਲ ਰੱਖਿਆ ਗਿਆ ਹੈ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿਚ ਤੁਰੰਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਖੁਦ ਫ਼ੋਨ 'ਤੇ ਜ਼ਿਲ੍ਹੇ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ ਹੈ ਅਤੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਰਾਹਤ ਅਤੇ ਬਚਾਅ ਕਾਰਜਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕਮੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਪਹਿਲਾਂ ਹੀ ਦਵਾਈਆਂ, ਤਰਪਾਲਾਂ, ਕਿਸ਼ਤੀਆਂ, ਖਾਣ-ਪੀਣ ਦੀਆਂ ਵਸਤਾਂ ਅਤੇ ਹੋਰ ਜ਼ਰੂਰੀ ਵਸਤਾਂ ਦਾ ਢੁਕਵਾਂ ਸਟਾਕ ਯਕੀਨੀ ਬਣਾ ਲਿਆ ਹੈ। ਐਸ.ਡੀ.ਐਮਜ਼ ਦੀ ਅਗਵਾਈ ਹੇਠ ਡਰੇਨੇਜ, ਸਿਹਤ, ਪੁਲਿਸ ਅਤੇ ਹੋਰ ਵਿਭਾਗਾਂ ਦੀਆਂ ਟੀਮਾਂ ਸਬ-ਡਵੀਜ਼ਨਾਂ ਵਿਚ ਦਿਨ-ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐਨ.ਡੀ.ਆਰ.ਐਫ ਨਾਲ ਵੀ ਤਾਲਮੇਲ ਸਥਾਪਿਤ ਕੀਤਾ ਗਿਆ ਹੈ ਅਤੇ ਲੋੜ ਪੈਣ 'ਤੇ ਉਨ੍ਹਾਂ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚ ਜਾਣਗੀਆਂ। ਇਸ ਵੇਲੇ ਪ੍ਰਸ਼ਾਸਨ ਕੋਲ 11 ਕਿਸ਼ਤੀਆਂ ਹਨ, ਜਿਨ੍ਹਾਂ ਵਿਚੋਂ 5 ਟਾਂਡਾ ਅਤੇ ਦਸੂਹਾ ਵਿਖੇ, 4 ਮੁਕੇਰੀਆਂ ਵਿਖੇ ਅਤੇ 2 ਜ਼ਿਲ੍ਹਾ ਹੈੱਡਕੁਆਰਟਰ ਵਿਖੇ ਰਿਜ਼ਰਵ ਰੱਖੀਆਂ ਗਈਆਂ ਹਨ, ਤਾਂ ਜੋ ਐਮਰਜੈਂਸੀ ਦੀ ਸਥਿਤੀ ਵਿਚ ਉਨ੍ਹਾਂ ਨੂੰ ਕਿਤੇ ਵੀ ਭੇਜਿਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਜ਼ਿਲ੍ਹੇ ਵਿਚ ਭਾਰੀ ਮੀਂਹ ਪੈਣ ਕਾਰਨ ਪੌਂਗ ਡੈਮ ਤੋਂ ਨਿਯੰਤਰਿਤ ਮਾਤਰਾ ਵਿਚ ਪਾਣੀ ਛੱਡਿਆ ਜਾ ਰਿਹਾ ਹੈ। ਇਸ 'ਤੇ ਪ੍ਰਸ਼ਾਸਨ ਲਗਾਤਾਰ ਨਜ਼ਰ ਰੱਖ ਰਿਹਾ ਹੈ ਅਤੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਨਿਯਮਿਤ ਨਿਰੀਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਰਿਆਵਾਂ, ਨਹਿਰਾਂ, ਚੋਅ, ਡੈਮਾਂ ਆਦਿ ਤੋਂ ਦੂਰੀ ਬਣਾਈ ਰੱਖਣ ਕਿਉਂਕਿ ਭਾਰੀ ਬਾਰਿਸ਼ ਕਾਰਨ ਇਨ੍ਹਾਂ ਵਿਚ ਪਾਣੀ ਦਾ ਪੱਧਰ ਉੱਚਾ ਹੈ।