ਢਾਹਾਂ ਕਲੇਰਾਂ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ
ਬੰਗਾ 14 ਅਗਸਤ 2025 : ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਸਜੇ ਦੀਵਾਨ ਵਿਚ ਭਾਈ ਗਗਨਦੀਪ ਸਿੰਘ ਕੀਰਤਨੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਗੁਰੂ ਨਾਨਕ ਕਾਲਜ ਆਫ਼ ਨਰਸਿੰਗ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਵੱਲੋਂ ਰਸ ਭਿੰਨੇ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ । ਸਮਾਗਮ ਦੌਰਾਨ ਕਥਾਵਾਚਕ ਗਿਆਨੀ ਅੰਮ੍ਰਿਤਪਾਲ ਸਿੰਘ ਸਰਲੀ ਧਰਮ ਪ੍ਰਚਾਰ ਕਮੇਟੀ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਉਹਨਾਂ ਦੇ ਪਰਿਵਾਰ, ਗੁਰ ਇਤਿਹਾਸ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਕੀਤੀ ਲਾਸਾਨੀ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਉਹਨਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਪੂਰੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ । ਉਹਨਾਂ ਜਾਣਕਾਰੀ ਦਿੰਦੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਵੰਬਰ 2025 ਵਿਚ ਹੋ ਰਹੇ ਕੌਮੀ ਸ਼ਹੀਦੀ ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਸੰਗਤਾਂ ਨੂੰ ਜਾਗਰੁਕ ਕਰਨ ਹਿੱਤ ਧਰਮ ਪ੍ਰਚਾਰ ਦੀ ਲਹਿਰ ਚਲਾਈ ਜਾ ਰਹੀ ਹੈ । ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਹਿੰਦੂ ਧਰਮ ਦੀ ਰੱਖਿਆ ਖਾਤਰ ਆਪਣੇ ਗੁਰਸਿੱਖਾਂ ਨਾਲ ਆਪਣੇ ਸੀਸ ਦਾ ਜੋ ਬਲੀਦਾਨ ਦਿੱਤਾ, ਉਹ ਸਮੁੱਚੀ ਦੁਨੀਆਂ ਲਈ ਸ਼ਹਾਦਤ ਦੀ ਇੱਕ ਨਿਵੇਕਲੀ ਅਤੇ ਅਦੁੱਤੀ ਮਿਸਾਲ ਹੈ । ਉਹਨਾਂ ਨੇ ਧਰਮ ਪ੍ਰਚਾਰ ਕਮੇਟੀ ਅਤੇ ਸਮੂਹ ਸੰਗਤਾਂ ਦਾ ਗੁਰਮਤਿ ਸਮਾਗਮ ਲਈ ਸਹਿਯੋਗ ਦੇਣ ਲਈ ਹਾਰਦਿਕ ਧੰਨਵਾਦ ਕੀਤਾ । ਇਸ ਮੌਕੇ ਭਾਈ ਜੋਗਾ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ।
ਢਾਹਾਂ ਕਲੇਰਾਂ ਵਿਖੇ ਹੋਏ ਇਸ ਗੁਰਮਤਿ ਸਮਾਗਮ ਵਿਚ ਰਾਜਦੀਪ ਥਿਦਵਾਰ ਵਾਈਸ ਪ੍ਰਿੰਸੀਪਲ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ, ਨਰਿੰਦਰ ਸਿੰਘ ਢਾਹਾਂ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਮੈਡਮ ਸੀਮਾ ਪੂੰਨੀ, ਰਣਜੀਤ ਸਿੰਘ ਮਾਨ, ਗੁਰਮੁੱਖ ਸਿੰਘ ਮੱਲੂਪੋਤਾ, ਡੋਗਰ ਰਾਮ ਮਜਾਰੀ, ਸੁਖਪ੍ਰੀਤ ਸਿੰਘ ਚਾਹਲ ਵੱਖ ਵੱਖ ਅਦਾਰਿਆਂ ਦਾ ਸਟਾਫ਼, ਵਿਦਿਆਰਥੀ ਅਤੇ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ।
ਫੋਟੋ ਕੈਪਸ਼ਨ :- ਢਾਹਾਂ ਕਲੇਰਾਂ ਵਿਖੇ ਹੋਏ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਸਮਾਗਮ ਦੀਆਂ ਤਸਵੀਰਾਂ