ਪੰਜਾਬ ਸਰਕਾਰ ਹੜ੍ਹ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 18 ਅਗਸਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਕਈ ਜ਼ਿਲਿ੍ਹਆਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਿਪਟਣ ਲਈ ਪੰਜਾਬ ਸਰਕਾਰ ਵਲੋਂ ਤਿਆਰੀ ਕੀਤੀ ਗਈ ਹੈ ਅਤੇ ਇੱਕ ਵਿਆਪਕ ਸਿਹਤ ਅਤੇ ਐਮਰਜੈਂਸੀ ਪ੍ਰਤੀਕਿਰਿਆ ਨੈੱਟਵਰਕ ਤਿਆਰ ਕੀਤਾ ਗਿਆ ਹੈ।
ਵਿਧਾਇਕ ਸ਼ੈਰੀ ਕਲਸੀ ਜੋ ਅਮਰੀਕਾ ਦੌਰੇ ’ਤੇ ਗਏ ਹਨ ਵਲੋਂ ਗੱਲਬਾਤ ਦੌਰਾਨ ਦੱਸਿਆ ਕਿ ਗਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਣਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਇਸ ਸੰਵੇਦਨਸ਼ੀਲ ਸਮੇਂ ਦੌਰਾਨ ਕੋਈ ਵੀ ਪ੍ਰਭਾਵਿਤ ਵਿਅਕਤੀ ਸਹਾਇਤਾ ਤੋਂ ਬਿਨਾਂ ਨਾ ਰਹੇ। ਉਨਾਂ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਰਾਹਤ ਪ੍ਰਬੰਧ ਕਰਨ ਦੇ ਸਖ਼ਤ ਹੁਕਮ ਦਿੱਤੇ ਜਾ ਚੁੱਕੇ ਹਨ। ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਰਾਹਤ ਕੈਂਪ ਸਥਾਪਤ ਕੀਤੇ ਗਏ ਹਨ ਤਾਂ ਜੋ ਬੇਘਰ ਹੋਏ ਲੋਕਾਂ ਨੂੰ ਆਸਰਾ, ਭੋਜਨ ਅਤੇ ਡਾਕਟਰੀ ਸਹੂਲਤਾਂ ਦਿੱਤੀਆਂ ਜਾ ਸਕਣ।
ਉਨਾਂ ਦੱਸਿਆ ਕਿ ਪ੍ਰਭਾਵਿਤ ਇਲਾਕਿਆਂ ਵਿੱਚ ਪਸ਼ੂਆਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਹਨ, ਜਿਸ ਵਿੱਚ ਵੱਖਰੇ ਸ਼ੈਲਟਰ ਬਣਾਉਣਾ, ਚਾਰਾ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣਾ ਅਤੇ ਪ੍ਰਭਾਵਿਤ ਖੇਤਰਾਂ ਵਿੱਚ ਵੈਟਰਨਰੀ ਟੀਮਾਂ ਦੀ ਤੈਨਾਤੀ ਕਰਨਾ ਸ਼ਾਮਲ ਹੈ। ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਸਾਫ਼ ਪੀਣ ਵਾਲੇ ਪਾਣੀ, ਮੋਬਾਈਲ ਸਿਹਤ ਯੂਨਿਟਾਂ ਅਤੇ ਜ਼ਰੂਰੀ ਦਵਾਈਆਂ ਦੀ ਨਿਰਵਿਘਨ ਸਪਲਾਈ ਦਾ ਪ੍ਰਬੰਧ ਯਕੀਨੀ ਬਣਾਇਆ ਗਿਆ ਹੈ।
ਉਨਾਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਮੱਸਿਆਵਾਂ ਦੀ ਰਿਪੋਰਟ ਕਰਨ ਅਤੇ ਸਹਾਇਤਾ ਲੈਣ ਲਈ ਸਰਕਾਰ ਦੇ ਟੋਲ ਫ੍ਰਰੀ ਹੈਲਪਲਾਈਨ ਨੰਬਰ 104 ’ਤੇ ਕਾਲ ਕਰਨ ਲਈ ਕਿਹਾ ਹੈ। ਉਨਾਂ ਦੱਸਿਆ ਕਿ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਜ਼ਿਲ੍ਹਾ ਵਾਰ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦਾ ਕੰਟਰੋਲ ਰੂਮ ਫੋਨ ਨੰਬਰ 01874-266376, 1800-180-1852 ਹੈ।