Flood News : ਹੜ੍ਹ ਪੀੜਤਾਂ ਨੂੰ ਕੁੰਵਰ ਵਿਜੇ ਪ੍ਰਤਾਪ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਵੰਡਿਆ ਰਾਸ਼ਨ, ਸਰਕਾਰ ਨੂੰ ਲਾਏ ਰਗੜੇ
ਬਲਜੀਤ ਸਿੰਘ
ਤਰਨ ਤਾਰਨ, 29 ਅਗਸਤ 2025 : ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਹਰੀਕੇ ਦੇ ਮੰਡ ਖੇਤਰ ਵਿੱਚ ਸਤਲੁਜ ਦਰਿਆ ਦੇ ਵੱਧਦੇ ਪਾਣੀ ਕਾਰਨ ਬੇਘਰ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਲਈ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਪਹੁੰਚੇ। ਦੋਵਾਂ ਆਗੂਆਂ ਨੇ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਦੁੱਖ ਸਾਂਝਾ ਕੀਤਾ ਅਤੇ ਉਨ੍ਹਾਂ ਨੂੰ ਰਾਸ਼ਨ ਵੰਡਿਆ।
ਇਸ ਮੌਕੇ 'ਤੇ ਦੋਵਾਂ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ। ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਹੜ੍ਹਾਂ ਕਾਰਨ ਲੋਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ, ਪਰ ਸਰਕਾਰ ਅਤੇ ਪ੍ਰਸ਼ਾਸਨ ਸਿਰਫ਼ ਹਵਾ ਵਿੱਚ ਹੀ ਗੱਲਾਂ ਕਰ ਰਿਹਾ ਹੈ ਅਤੇ ਲੋਕਾਂ ਦੀ ਸਾਰ ਨਹੀਂ ਲੈ ਰਿਹਾ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਸਰਕਾਰ ਦਾ ਬਣਦਾ ਹੈ, ਉਹ ਕੰਮ ਇਲਾਕੇ ਦੀਆਂ ਸੰਪਰਦਾਵਾਂ ਅਤੇ ਲੋਕ ਖ਼ੁਦ ਕਰ ਰਹੇ ਹਨ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਨੇ ਵੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਹੜ੍ਹ ਪੀੜਤਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਹ ਰਾਸ਼ਨ ਡਾ. ਇੰਦਰਜੀਤ ਕੌਰ, ਜੋ ਕਿ ਪਿੰਗਲਵਾੜਾ ਭਗਤ ਪੂਰਨ ਸਿੰਘ, ਅੰਮ੍ਰਿਤਸਰ ਦੇ ਸਰਪ੍ਰਸਤ ਹਨ, ਵੱਲੋਂ ਭੇਜਿਆ ਗਿਆ ਹੈ। ਦੋਵਾਂ ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਤੁਰੰਤ ਮਦਦ ਕਰੇ ਅਤੇ ਉਨ੍ਹਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰੇ।