ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚੇ SGP ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਦੀਆਂ ਮੁਸਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ
ਅੰਮ੍ਰਿਤਸਰ, 30 ਅਗਸਤ- 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਵੰਡੀ। ਇਨ੍ਹਾਂ ਇਲਾਕਿਆਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਜਿਥੇ ਪਹਿਲਾਂ ਹੀ ਲਗਾਤਾਰ ਜਾਰੀ ਹਨ, ਉਥੇ ਹੀ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ਲਈ ਆਏ ਸਨ ਅਤੇ ਉਨ੍ਹਾਂ ਨੇ ਚੱਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ। ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਡੇਰਾ ਬਾਬਾ ਨਾਨਕ ਹਲਕੇ ਲਈ ਅੱਜ ਭੇਜੀ ਰਾਹਤ ਸਮੱਗਰੀ ਵਿੱਚ 150 ਕੁਇੰਟਲ ਆਟਾ, 30 ਕੁਇੰਟਲ ਦਾਲਾਂ, 5000 ਪੇਟੀ ਪਾਣੀ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਸਨ। ਇਸੇ ਤਰ੍ਹਾਂ ਰਮਦਾਸ ਏਰੀਏ ਵਿੱਚ ਵੀ ਦੋ ਟਰੱਕ ਰਾਹਤ ਸਮੱਗਰੀ ਲੋਕਾਂ ਤੱਕ ਪਹੁੰਚਾਈ ਗਈ।
ਇਸ ਮੌਕੇ ਮੀਡੀਏ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ। ਲੋਕਾਂ ਦਾ ਜਿਥੇ ਵਡਾ ਮਾਲੀ ਨੁਕਸਾਨ ਹੋਇਆ ਹੈ, ਉਥੇ ਹੀ ਰੋਜ਼ਮਰਾ ਦਾ ਜੀਵਨ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਲੋਕਾਂ ਦੇ ਨਾਲ ਖੜ੍ਹਨਾਂ ਆਪਣਾ ਫਰਜ਼ ਸਮਝਦੀ ਹੈ ਅਤੇ ਹਰ ਸੰਭਵ ਸਹਾਇਤਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪਹਿਲਾਂ ਹੀ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਅਤੇ ਹੁਣ ਸ਼੍ਰੋਮਣੀ ਕਮੇਟੀ ਮੁਲਾਜ਼ਮ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਨਿਭਾ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੌਜੂਦਾ ਸਮੇਂ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕਾਂ ਲਈ ਆਪ ਰਾਹਤ ਤਾਂ ਕੀ ਪਹੁੰਚਾਉਣੀ ਸੀ, ਸਗੋਂ ਰਾਹਤ ਕਾਰਜਾਂ ਵਿਚ ਲੱਗੇ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੇ ਸਰਕਾਰ ਪਾਸੋਂ ਪੀੜਤਾਂ ਤੱਕ ਰਾਹਤ ਸਮੱਗਰੀ ਲੇਜਾਣ ਲਈ ਕਿਸ਼ਤੀਆਂ ਦੀ ਮੰਗ ਕੀਤੀ ਸੀ, ਪ੍ਰੰਤੂ ਸਰਕਾਰ ਵੱਲੋਂ ਕਿਸੇ ਤਰ੍ਹਾਂ ਵੀ ਸਹਿਯੋਗ ਨਹੀਂ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫ਼ਤ ਦੇ ਖ਼ਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਕ ਕਮੇਟੀ ਗਠਿਤ ਕੀਤੀ ਜਾਵੇਗੀ, ਜੋ ਪ੍ਰਭਾਵਿਤ ਇਲਾਕਿਆਂ ਦੀ ਨਜ਼ਰਸਾਨੀ ਕਰਕੇ ਰਿਪੋਰਟ ਕਰੇਗੀ, ਤਾਂ ਜੋ ਪੀੜਤਾਂ ਦੀ ਸੰਭਵ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਨੇੜਲੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸਹਾਇਤਾ ਲਈ ਸੰਪਰਕ ਕਰਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਸ. ਜੋਧ ਸਿੰਘ ਸਮਰਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸਕੱਤਰ ਸ. ਪ੍ਰਤਾਪ ਸਿੰਘ ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਗੁਰਦੁਆਰਾ ਯਾਦਗਾਰ ਸ਼ਹੀਦਾਂ ਦੇ ਮੁੱਖ ਸੇਵਾਦਾਰ ਬਾਬਾ ਸੁਖਵਿੰਦਰ ਸਿੰਘ ਅਗਵਾਨ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਅਕਾਲੀ ਆਗੂ ਸ. ਨਰਿੰਦਰ ਸਿੰਘ ਵਾੜਾ, ਸ. ਸੁਖਜਿੰਦਰ ਸਿੰਘ ਲੰਗਾਹ, ਸ. ਰਣਜੀਤ ਸਿੰਘ ਰਾਣਾ, ਸ. ਪਰਮਵੀਰ ਸਿੰਘ ਲਾਡੀ, ਮੈਨੇਜਰ ਸ. ਸਤਨਾਮ ਸਿੰਘ ਗੋਸਲ, ਸ. ਰਣਜੀਤ ਸਿੰਘ ਕਲਿਆਣਪੁਰ, ਸ. ਸਰਬਜੀਤ ਸਿੰਘ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਦੇ ਮੈਨੇਜਰ ਸ. ਪ੍ਰਗਟ ਸਿੰਘ ਆਦਿ ਮੌਜੂਦ ਰਹੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ ’ਚ ਰਹਿ ਰਹੇ ਬੀਐਸਐਫ ਦੇ ਜਵਾਨਾਂ ਨਾਲ ਵੀ ਕੀਤੀ ਮੁਲਾਕਾਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਰਡਰ ’ਤੇ ਡਿਊਟੀ ਨਿਭਾਅ ਰਹੇ ਬੀਐਸਐਫ ਦੇ ਜਵਾਨਾਂ ਜੋ ਹੜ੍ਹਾਂ ਕਾਰਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਹਿ ਰਹੇ ਹਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਜਵਾਨ ਦੇਸ਼ ਦੀ ਰਖਵਾਲੀ ਲਈ ਬਾਰਡਰ ’ਤੇ ਡਿਊਟੀ ਨਿਭਾਅ ਰਹੇ ਹਨ, ਜਿਨ੍ਹਾਂ ਦੇ ਰਿਹਾਇਸ਼ੀ ਟਕਾਣੇ ਵੀ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਤਾਂ ਹਰ ਆਮ ਨਾਗਰਿਕ ਦੀ ਸਹਾਇਤਾ ਅਤੇ ਲੋੜ ਅਨੁਸਾਰ ਪ੍ਰਬੰਧ ਕਰਨ ਦਾ ਹੁੰਦਾ ਹੈ, ਪ੍ਰੰਤੂ ਇਥੇ ਤਾਂ ਸਰਕਾਰਾਂ ਆਪਣੇ ਜਵਾਨਾਂ ਦੀ ਵੀ ਸਾਰ ਲੈਣੀ ਉਚਿਤ ਨਹੀਂ ਸਮਝ ਰਹੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਜਵਾਨਾਂ ਲਈ ਵੀ ਲੋੜ ਅਨੁਸਾਰ ਪ੍ਰਬੰਧ ਯਕੀਨੀ ਬਣਾਏਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਇਲਾਕੇ ਹਨ, ਜਿਥੇ ਜ਼ਿਆਦਾ ਹੋਣ ਕਰਕੇ ਲੋਕਾਂ ਤੱਕ ਪਹੁੰਚ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਕਿਸ਼ਤੀਆਂ ਦਾ ਪ੍ਰਬੰਧ ਕਰੇ ਤਾਂ ਸ਼੍ਰੋਮਣੀ ਕਮੇਟੀ ਇਨ੍ਹਾਂ ਇਲਾਕਿਆਂ ਤੱਕ ਲੋੜਵੰਦਾਂ ਨੂੰ ਸਹਾਇਤਾ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਆਉਣ ਵਾਲੇ ਸਮੇਂ ਵਿਚ ਆਪ ਵੀ ਕਿਸ਼ਤੀਆਂ ਦਾ ਪ੍ਰਬੰਧ ਕਰੇਗੀ, ਤਾਂ ਜੋ ਮੁਸੀਬਤ ਸਮੇਂ ਲੋੜਵੰਦਾਂ ਤੱਕ ਜਲਦ ਪਹੁੰਚਿਆ ਜਾ ਸਕੇ।