ਬਰਨਾਲਾ: ਚੋਂਦੀਆਂ ਛੱਤਾਂ ਹੇਠ ਕੰਮ ਕਰਨ ਲਈ ਮਜਬੂਰ ਬਿਜਲੀ ਬੋਰਡ ਦੇ ਮੁਲਾਜ਼ਮ, ਪ੍ਰਸ਼ਾਸਨ ਤੋਂ ਸੁਰੱਖਿਅਤ ਇਮਾਰਤ ਦੀ ਮੰਗ
ਕਮਲਜੀਤ ਸਿੰਘ
ਬਰਨਾਲਾ: ਜਿੱਥੇ ਇੱਕ ਪਾਸੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਅਸੁਰੱਖਿਅਤ ਇਮਾਰਤਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਬਰਨਾਲਾ ਦੇ ਬਿਜਲੀ ਬੋਰਡ ਦੇ ਕਰਮਚਾਰੀ ਖ਼ਸਤਾ ਹਾਲਤ ਵਾਲੀਆਂ ਚੋਂਦੀਆਂ ਛੱਤਾਂ ਹੇਠ ਕੰਮ ਕਰਨ ਲਈ ਮਜਬੂਰ ਹਨ। ਲਗਾਤਾਰ ਪੈ ਰਹੇ ਮੀਂਹ ਕਾਰਨ ਦਫ਼ਤਰਾਂ ਦੀਆਂ ਇਮਾਰਤਾਂ ਦੀ ਹਾਲਤ ਬੇਹੱਦ ਖ਼ਰਾਬ ਹੋ ਗਈ ਹੈ, ਜਿਸ ਕਾਰਨ ਮੁਲਾਜ਼ਮਾਂ ਨੂੰ ਜਾਨੀ ਨੁਕਸਾਨ ਦਾ ਡਰ ਸਤਾ ਰਿਹਾ ਹੈ।
ਜਾਨੀ ਨੁਕਸਾਨ ਅਤੇ ਸਾਜੋ-ਸਾਮਾਨ ਦਾ ਖ਼ਤਰਾ
ਬਿਜਲੀ ਬੋਰਡ ਦੇ ਇੱਕ ਅਧਿਕਾਰੀ ਗੁਰਬਚਨ ਸਿੰਘ ਨੇ ਦੱਸਿਆ ਕਿ ਦਫ਼ਤਰ ਦੀ ਬਿਲਡਿੰਗ ਵਿੱਚ ਥਾਂ-ਥਾਂ ਤਰੇੜਾਂ ਆ ਚੁੱਕੀਆਂ ਹਨ ਅਤੇ ਛੱਤਾਂ ਵਿੱਚੋਂ ਲਗਾਤਾਰ ਪਾਣੀ ਚੋ ਰਿਹਾ ਹੈ। ਇਸ ਕਾਰਨ ਕੰਪਿਊਟਰ, ਪ੍ਰਿੰਟਰ ਅਤੇ ਹੋਰ ਮਹੱਤਵਪੂਰਨ ਸਮਾਨ ਖ਼ਰਾਬ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੰਟ ਲੱਗਣ ਦਾ ਵੀ ਡਰ ਬਣਿਆ ਹੋਇਆ ਹੈ।
ਇੱਕ ਹੋਰ ਅਧਿਕਾਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਡੀ.ਸੀ. ਬਰਨਾਲਾ ਵੱਲੋਂ ਅਸੁਰੱਖਿਅਤ ਇਮਾਰਤਾਂ ਵਿੱਚ ਕੰਮ ਨਾ ਕਰਨ ਦੀਆਂ ਹਦਾਇਤਾਂ ਦੇ ਬਾਵਜੂਦ ਉਹ ਇਸੇ ਖ਼ਤਰਨਾਕ ਇਮਾਰਤ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਸੜਕ ਤੋਂ ਨੀਵਾਂ ਹੋਣ ਕਾਰਨ ਪਾਣੀ ਵੀ ਜਮ੍ਹਾਂ ਹੋ ਜਾਂਦਾ ਹੈ, ਜਿਸ ਨਾਲ ਮੁਸ਼ਕਿਲਾਂ ਹੋਰ ਵੱਧ ਜਾਂਦੀਆਂ ਹਨ।
ਪ੍ਰਸ਼ਾਸਨ ਤੋਂ ਮਦਦ ਦੀ ਮੰਗ
ਬਿਜਲੀ ਵਿਭਾਗ ਦੇ ਮੁਲਾਜ਼ਮਾਂ ਨੇ ਕਿਹਾ ਕਿ ਹੜ੍ਹਾਂ ਅਤੇ ਮੀਂਹ ਦੇ ਇਸ ਮਾਹੌਲ ਵਿੱਚ ਉਹ 24 ਘੰਟੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਖ਼ਸਤਾ ਹਾਲਤ ਬਿਲਡਿੰਗ ਵਿੱਚ ਰਹਿਣਾ ਪੈ ਰਿਹਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਲਈ ਕਿਸੇ ਸੁਰੱਖਿਅਤ ਜਗ੍ਹਾ ਦਾ ਪ੍ਰਬੰਧ ਕੀਤਾ ਜਾਵੇ ਜਾਂ ਮੌਜੂਦਾ ਇਮਾਰਤ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ।
ਇੱਕ ਰਿਟਾਇਰਡ ਮੁਲਾਜ਼ਮ ਨੇ ਵੀ ਦਫ਼ਤਰ ਦੀ ਹਾਲਤ 'ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਹ ਆਪਣੇ ਮੈਡੀਕਲ ਕੰਮ ਲਈ ਆਏ ਸਨ, ਪਰ ਪਾਣੀ ਖੜ੍ਹਾ ਹੋਣ ਅਤੇ ਕੰਪਿਊਟਰ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਕੰਮ ਨਹੀਂ ਹੋ ਸਕਿਆ। ਉਨ੍ਹਾਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਸਹੂਲਤ ਲਈ ਦਫ਼ਤਰ ਦੀ ਹਾਲਤ ਸੁਧਾਰੀ ਜਾਵੇ।