ਵਿਧਾਇਕ ਸ਼ੈਰੀ ਕਲਸੀ ਸਮੇਤ ਆਪ ਆਗੂ ਰਾਵੀ ਪਾਰਲੇ ਪਿੰਡਾਂ ਵਿੱਚ ਪਹੁੰਚੇ
ਖ਼ੁਦ ਗਰਾਊਂਡ ਜ਼ੀਰੋ 'ਤੇ ਜਾ ਕੇ ਰਾਹਤ ਕਾਰਜਾਂ ਦਾ ਲਿਆ ਜਾਇਜ਼ਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਬਟਾਲਾ, 2 ਸਤੰਬਰ-- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ, ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਰੰਧਾਵਾ, ਡਾ ਸੰਨੀ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਅਤੇ ਜਨਰਲ ਸਕੱਤਰ ਆਪ ਪੰਜਾਬ, ਗੁਰਦੇਵ ਸਿੰਘ ਲੱਖਣਾ, ਚੇਅਰਮੈਨ ਪੰਜਾਬ ਰਾਜ ਗੁਦਾਮ ਨਿਗਮ, ਸਟੇਟ ਸੈਕਟਰੀ ਪੰਜਾਬ ਅਤੇ ਇੰਚਾਰਜ ਮਾਝਾ ਜੋਨ ਅਤੇ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਨੇ ਕਿਸਤੀ ਰਾਹੀਂ ਰਾਵੀ ਪਾਰਲੇ ਪਿੰਡਾਂ ਵਿੱਚ ਪਹੁੰਚੇ ਤੇ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਅਗਵਾਈ ਹੇਠ ਸਮੁੱਚੀ ਸਰਕਾਰ ਦਿਨ-ਰਾਤ ਹੜ ਪੀੜਤ ਲੋਕਾਂ ਦੀ ਸੇਵਾ ਵਿੱਚ ਲੱਗੀ ਹੈ। ਉਨ੍ਹਾਂ ਕਿਹਾ ਕਿ ਹੜ੍ਹ ਆਉਣ ਤੋਂ ਪਹਿਲਾਂ ਜਿੱਥੇ ਲੋਕਾਂ ਨੂੰ ਚੌਕਸ ਕਰਦੇ ਹੋਏ ਨੀਵੇਂ ਇਲਾਕਿਆਂ ਵਿਚੋਂ ਬਾਹਰ ਕੱਢਿਆ ਗਿਆ ਸੀ ਓਥੇ ਹੜ੍ਹ ਦੌਰਾਨ ਵੀ ਪ੍ਰਸ਼ਾਸਨ ਦੀਆਂ ਟੀਮਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਹੜ੍ਹ ਦੇ ਪਾਣੀ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਮੁੱਖ ਮੰਤਰੀ ਪੰਜਾਬ ਵਲੋਂ ਖ਼ੁਦ ਗਰਾਊਂਡ ਜ਼ੀਰੋ 'ਤੇ ਜਾ ਕੇ ਹੜ ਪ੍ਰਭਾਵਿਤ ਪਿੰਡਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਉਹ ਸਾਰੀ ਸਥਿਤੀ 'ਤੇ ਨਜਰ ਰੱਖ ਰਹੇ ਹਨ।
ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਨੇ ਖ਼ੁਦ ਕਿਸ਼ਤੀ ਵਿੱਚ ਸਵਾਰ ਹੋ ਕੇ ਰਾਵੀ ਦਰਿਆ ਨੂੰ ਪਾਰ ਕੀਤਾ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਰਾਹਤ ਸਮੱਗਰੀ ਵੰਡੀ।
ਉਨ੍ਹਾਂ ਦੱਸਿਆ ਕਿ ਰਾਵੀ ਦਰਿਆ ਤੋਂ ਪਾਰ ਪਿੰਡਾਂ ਤੱਕ ਰਾਹਤ ਪਹੁੰਚਾਉਣ ਲਈ ਦੋ ਵਿਸ਼ੇਸ਼ ਵਾਹਨ ਏ.ਟੀ.ਓ.ਆਰ. ਐੱਨ1200 ਮੰਗਵਾਏ ਹਨ ਜੋ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਰਾਹੀਂ ਹੁਣ ਰਾਵੀ ਪਾਰ ਦੀ ਵਸੋਂ ਤੱਕ ਹਰ ਤਰ੍ਹਾਂ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਡਿਪਟੀ ਕਮਿਸ਼ਨਰ ਅਤੇ ਸਮੂਹ ਐੱਸ.ਡੀ.ਐੱਮ ਆਦਿ ਵੀ ਦਿਨ-ਰਾਤ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜਾਂ ਦਾ ਪਾਣੀ ਉੱਤਰ ਜਾਣ ਤੋਂ ਬਾਅਦ ਵੀ ਹੜ ਪ੍ਰਭਾਵਿਤ ਪਿੰਡਾਂ ਵਿੱਚ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀ ਸਿਹਤ ਸਬੰਧੀ ਡਾਕਟਰੀ ਟੀਮਾਂ ਹੜ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੀਆਂ ਹਨ ਅਤੇ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ।