ਕਾਂਗਰਸ ਨੇ ਵਿਸ਼ੇਸ਼ ਗਿਰਦਾਵਰੀ ਹੋਣ ਤੱਕ ਅੰਤਰਿਮ ਰਾਹਤ ਲਈ ਤੁਰੰਤ ਹੁਕਮ ਜਾਰੀ ਕਰਨ ਦੀ ਮੰਗ ਕੀਤੀ
ਪ੍ਰਤੀ ਏਕੜ ਨੁਕਸਾਨੀ ਫ਼ਸਲ ਦੇ 51,000 ਰੁਪਏ, ਪ੍ਰਤੀ ਜਾਨਵਰ 50,000 ਰੁਪਏ ਅਤੇ ਨੁਕਸਾਨੇ ਗਏ ਘਰਾਂ ਲਈ 1.5 ਲੱਖ ਰੁਪਏ ਦਿੱਤੇ ਜਾਣ
‘ਹੜ੍ਹ ਰਾਹਤ ਤਾਲਮੇਲ ਕਮੇਟੀਆਂ’ ਗਠਿਤ ਕੀਤੀਆਂ ਜਾ ਰਹੀਆਂ ਹਨ: ਵੜਿੰਗ
ਪ੍ਰਮੋਦ ਭਾਰਤੀ
ਲੁਧਿਆਣਾ, 3 ਸਤੰਬਰ: ,2025
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਸ਼ੇਸ਼ ‘ਗਿਰਦਾਵਰੀ’ ਹੋਣ ਤੱਕ ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਅੰਤਰਿਮ ਰਾਹਤ ਦੇਣ ਵਾਸਤੇ ਤੁਰੰਤ ਹੁਕਮ ਜਾਣ ਕਰਨ ਦੀ ਮੰਗ ਕੀਤੀ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ 13 ਸੰਸਦੀ ਹਲਕਿਆਂ ਵਿੱਚੋਂ ਹਰੇਕ ਲਈ ‘ਹੜ੍ਹ ਰਾਹਤ ਤਾਲਮੇਲ ਕਮੇਟੀਆਂ’ ਗਠਿਤ ਕਰਨ ਦਾ ਐਲਾਨ ਵੀ ਕੀਤਾ ਹੈ।
ਹੜ੍ਹਾਂ ਦੀ ਸਥਿਤੀ ਦੀ ਸਮੀਖਿਆ ਨੂੰ ਲੈ ਕੇ ਅੱਜ ਇਥੇ ਇੱਕ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਵਿੱਚ ਸਮਾਂ ਲੱਗੇਗਾ ਅਤੇ ਉਦੋਂ ਤੱਕ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਸਹਾਇਤਾ ਦੀ ਲੋੜ ਹੈ।
ਉਨ੍ਹਾਂ ਮੰਗ ਕੀਤੀ ਕਿ ਤੁਰੰਤ ਅੰਤਰਿਮ ਰਾਹਤ ਵਜੋਂ ਸਰਕਾਰ ਨੂੰ ਪ੍ਰਤੀ ਏਕੜ 51,000 ਰੁਪਏ, ਇੱਕ ਜਾਨਵਰ ਦੇ ਨੁਕਸਾਨ ਲਈ 50,000 ਰੁਪਏ ਅਤੇ ਉਨ੍ਹਾਂ ਲੋਕਾਂ ਨੂੰ 1.5 ਲੱਖ ਰੁਪਏ ਜਾਰੀ ਕਰਨੇ ਚਾਹੀਦੇ ਹਨ, ਜਿਨ੍ਹਾਂ ਦੇ ਘਰ ਨੁਕਸਾਨੇ ਗਏ ਹਨ।
ਇਸ ਦੌਰਾਨ ਉਨ੍ਹਾਂ ਨੇ ਪੰਜਾਬ ਭਰ ਵਿੱਚ ਵਿਗੜਦੀ ਹੜ੍ਹਾਂ ਦੀ ਸਥਿਤੀ ਉੱਪਰ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ, ਕਿਉਂਕਿ ਸੂਬੇ ਦੇ ਸਾਰੇ ਜ਼ਿਲ੍ਹੇ ਪ੍ਰਭਾਵਿਤ ਹੋਏ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਾਤ ਮੰਗ ਕਰਦੇ ਹਨ ਕਿ ਸਾਰਿਆਂ ਨੂੰ ਆਪਸੀ ਵਖਰੇਵੇਂ ਭੁਲਾ ਕੇ ਪੰਜਾਬ ਦੇ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਇਕਜੁੱਟ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਉਮੀਦ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਭਾਵਿਤ ਲੋਕਾਂ ਨੂੰ ਢੁਕਵੀਂ ਰਾਹਤ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ ਇਸ ਵੇਲੇ ਸਿਆਸਤ ਜਾਂ ਦੋਸ਼ਬਾਜੀ ਵਿੱਚ ਪੈਣ ਦੀ ਬਜਾਏ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਦੁਰਦਸ਼ਾ ਸੁਧਾਰਨ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਬਾਅਦ ਵਿਚ ਸਵਾਲ ਪੁੱਛੇ ਜਾਣਗੇ ਅਤੇ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਲੇਕਿਨ ਇਹ ਕਿਸੇ ਦੋਸ਼ਬਾਜੀ ਵਿੱਚ ਪੈਣ ਦਾ ਸਮਾਂ ਨਹੀਂ ਹੈ।
ਇਸ ਮੌਕੇ ਵੜਿੰਗ ਨੇ ਐਲਾਨ ਕੀਤਾ ਕਿ ਪੰਜਾਬ ਦੇ ਇੰਚਾਰਜ ਏ.ਆਈ.ਸੀ.ਸੀ. ਜਨਰਲ ਸਕੱਤਰ ਭੁਪੇਸ਼ ਬਘੇਲ ਜਮੀਨੀ ਹਾਲਾਤਾਂ ਦਾ ਜਾਇਜ਼ਾ ਲੈਣ ਲਈ 5 ਸਤੰਬਰ ਨੂੰ ਤਿੰਨ ਦਿਨਾਂ ਦੌਰੇ 'ਤੇ ਅੰਮ੍ਰਿਤਸਰ ਪਹੁੰਚਣਗੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਕੈਪਟਨ ਸੰਦੀਪ ਸੰਧੂ, ਰਾਕੇਸ਼ ਪਾਂਡੇ, ਸੁਰਿੰਦਰ ਡਾਵਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਪਵਨ ਦੀਵਾਨ, ਸਿਮਰਜੀਤ ਸਿੰਘ ਬੈਂਸ ਅਤੇ ਹੋਰ ਵੀ ਸ਼ਾਮਿਲ ਹੋਏ।