DC ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੇਵਾ ਕਰ ਰਹੀਆਂ ਸੰਸਥਾਵਾਂ ਨੂੰ ਅਪੀਲ
ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦੀ ਰਾਹਤ ਸਮਗਰੀ ਲੋੜਵੰਦਾਂ ਦੇ ਹੱਥਾਂ ਤੱਕ ਪਹੁੰਚ ਸਕੇ
ਰੋਹਿਤ ਗੁਪਤਾ
ਗੁਰਦਾਸਪੁਰ, 4 ਸਤੰਬਰ
- ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰ ਰਹੀਆਂ ਸਮੂਹ ਸੇਵਾ ਸੰਸਥਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਜ਼ਰੂਰ ਕਰ ਲੈਣ ਤਾਂ ਜੋ ਉਨ੍ਹਾਂ ਦੀ ਰਾਹਤ ਸਮਗਰੀ ਲੋੜਵੰਦਾਂ ਦੇ ਹੱਥਾਂ ਤੱਕ ਪਹੁੰਚ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬੀ ਹਮੇਸ਼ਾਂ ਹੀ ਲੋੜਵੰਦਾਂ ਦੀ ਮਦਦ ਲਈ ਤਿਆਰ ਰਹਿੰਦੇ ਹਨ ਅਤੇ ਹੜ੍ਹਾਂ ਦੇ ਸੰਕਟ ਦੌਰਾਨ ਵੀ ਪੂਰੇ ਪੰਜਾਬ ਦੇ ਲੋਕ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਸੇਵਾ ਕਰਦਿਆਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸਮਗਰੀ ਲਿਆਂਦੀ ਜਾ ਰਹੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਸਾਰੇ ਹੀ ਦਾਨੀਆਂ ਦਾ ਦਿਲੋਂ ਧੰਨਵਾਦ ਤੇ ਸਤਿਕਾਰ ਕਰਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਮਾਜ ਸੇਵੀ ਸੰਸਥਾਵਾਂ ਰਾਹਤ ਸਮਗਰੀ ਦੇਣ ਤੋਂ ਪਹਿਲਾਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਲੈਣ ਤਾਂ ਉਨ੍ਹਾਂ ਨੂੰ ਇਹ ਪਤਾ ਲੱਗ ਜਾਵੇਗਾ ਕਿ ਕਿਸ ਇਲਾਕੇ ਵਿੱਚ ਮਦਦ ਦੀ ਜ਼ਿਆਦਾ ਜ਼ਰੂਰਤ ਹੈ ਅਤੇ ਹੜ੍ਹ ਪੀੜ੍ਹਤਾਂ ਦੀਆਂ ਲੋੜਾਂ ਕੀ ਹਨ। ਉਨ੍ਹਾਂ ਕਿਹਾ ਕਿ ਜੇਕਰ ਹੜ੍ਹ ਪ੍ਰਭਾਵਿਤ ਵਿਅਕਤੀਆਂ ਦੀਆਂ ਜ਼ਰੂਰਤਾਂ ਨੂੰ ਮੁੱਖ ਰੱਖ ਕੇ ਉਹ ਵਸਤਾਂ ਉਨ੍ਹਾਂ ਨੂੰ ਦਿੱਤੀਆਂ ਜਾਣ ਤਾਂ ਇਸ ਦਾ ਜ਼ਿਆਦਾ ਲਾਭ ਪਹੁੰਚੇਗਾ ਅਤੇ ਸੇਵਾ ਕਰਨ ਵਾਲਿਆਂ ਦੀ ਸੇਵਾ ਵੀ ਸਫਲ ਹੋਵੇਗੀ।
ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਰਾਹਤ ਕਾਰਜਾਂ ਨੂੰ ਹੋਰ ਸੁਚੱਜੇ ਢੰਗ ਨਾਲ ਚਲਾਉਣ ਲਈ ਗੁਰਦਾਸਪੁਰ ਸ਼ਹਿਰ ਦੇ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਸਹਿਯੋਗ ਕੇਂਦਰ ਦੇ ਨੋਡਲ ਅਫ਼ਸਰ ਆਰ.ਟੀ.ਓ. ਸ੍ਰੀਮਤੀ ਨਵਜੋਤ ਸ਼ਰਮਾ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਦਾ ਸੰਪਰਕ ਨੰਬਰ 96469-62024 ਹੈ। ਉਨ੍ਹਾਂ ਕਿਹਾ ਕਿ ਰਾਹਤ ਸਮਗਰੀ ਵੰਡਣ ਤੋਂ ਪਹਿਲਾਂ ਉਨ੍ਹਾਂ ਨਾਲ ਸੰਪਰਕ ਜ਼ਰੂਰ ਕਰ ਲਿਆ ਜਾਵੇ ਤਾਂ ਜੋ ਸਮਾਜ ਸੇਵੀ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਜਾਣਕਾਰੀ ਤੇ ਸਹਿਯੋਗ ਦਿੱਤਾ ਜਾ ਸਕੇ।