ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਕੀਤਾ ਗਿਆ ਤੇਜ਼-ਵਿਧਾਇਕ ਸ਼ੈਰੀ ਕਲਸੀ
ਕਿਹਾ-ਹੜ ਪ੍ਰਭਾਵਿਤ ਲੋਕਾਂ ਤੱਕ ਰਾਹਤ ਤੇ ਮਦਦ ਨਿਰਵਿਘਨ ਜਾਰੀ ਰਹਿਣ ਨੂੰ ਕੀਤਾ ਗਿਆ ਹੈ ਸੁਨਿਸ਼ਚਿਤ
ਰੋਹਿਤ ਗੁਪਤਾ
ਬਟਾਲਾ, 10 ਸਤੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਪੁਨਰਵਾਸ ਕਾਰਜਾਂ ਨੂੰ ਤੇਜ਼ ਕੀਤਾ ਗਿਆ ਹੈ ਤਾਂ ਜੋ ਹੜ ਪ੍ਰਭਾਵਿਤ ਲੋਕਾਂ ਦੀ ਜਿੰਦਗੀ ਮੁੁੜ ਪਟੜੀ 'ਤੇ ਆ ਕੇ ਰਫਤਾਰ ਫੜ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਅੱਜ ਇਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਹਰ ਪ੍ਰਭਾਵਿਤ ਪਿੰਡ ਦੇ ਘਰ-ਘਰ ਤੱਕ ਪਹੁੰਚ ਕਰ ਰਹੀਆਂ ਹਨ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕੋਈ ਵੀ ਲੋੜਵੰਦ ਵਿਅਕਤੀ ਸਰਕਾਰੀ ਰਾਹਤ ਤੇ ਮਦਦ ਤੋਂ ਵਾਂਝਾ ਨਾ ਰਹੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਜਿਨ੍ਹਾਂ ਵਿਅਕਤੀਆਂ ਦੇ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਦੇਰੀ ਉਨ੍ਹਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਬੰਧਤ ਵਿਭਾਗਾਂ ਵਲੋਂ ਹੜ੍ਹਾਂ ਕਾਰਨ ਫਸਲਾਂ, ਪਸ਼ਆਂ ਅਤੇ ਬੁਨਿਆਦੀ ਆਦਿ ਢਾਂਚੇ ਨੂੰ ਪਹੁੰਚੇ ਨੁਕਸਾਨ ਦੀ ਰਿਪੋਰਟ ਤਿਆਰ ਕਰਨ ਦੀ ਹਦਾਇਤ ਕੀਤੀ ਜਾ ਚੁੱਕੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰ ਰਹੀਆਂ ਹਨ। ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਟੀਮਾਂ ਵੱਲੋਂ ਲਗਾਤਾਰ ਫੌਗਿੰਗ ਕਰਵਾਈ ਜਾ ਰਹੀ ਹੈ ਤਾਂ ਜੋ ਹੜ੍ਹਾਂ ਦੇ ਪਾਣੀ ਕਾਰਨ ਮੱਛਰ-ਮੱਖੀਆਂ ਪੈਦਾ ਨਾ ਹੋ ਸਕਣ। ਇਸੇ ਤਰ੍ਹਾਂ ਪਸ਼ੂ ਪਾਲਣ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪਸ਼ੂਆਂ ਦਾ ਇਲਾਜ ਕਰਨ ਦੇ ਨਾਲ ਪਸ਼ੂਆਂ ਦੇ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਹੈ।