ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਸਬੰਧੀ ਮੁੱਖ ਮੰਤਰੀ ਵੱਲੋਂ ਸਿੱਖ ਸੰਤਾਂ, ਮਹਾਂਪੁਰਸ਼ਾਂ ਤੇ ਵਿਦਵਾਨਾਂ ਨਾਲ ਮੀਟਿੰਗ
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਵੇ-ਮੁੱਖ ਮੰਤਰੀ ਵੱਲੋਂ ਭਾਰਤ ਸਰਕਾਰ ਪਾਸੋਂ ਮੰਗ
ਸ੍ਰੀ ਗੁਰੂ ਤੇਗ ਬਹਾਦਰ ਮਾਰਗ ਦੇ ਨਿਰਮਾਣ ਲਈ ਵਿਚਾਰ ਕਰੇਗੀ ਪੰਜਾਬ ਸਰਕਾਰ
ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਬਾਬਾ ਜੀਵਨ ਸਿੰਘ ਮਾਰਗ ਬਣਾਉਣ ਲਈ ਭਾਰਤ ਸਰਕਾਰ ਅਤੇ ਸਬੰਧਤ ਸੂਬਾ ਸਰਕਾਰਾਂ ਕੋਲ ਮਾਮਲਾ ਉਠਾਏਗਾ ਪੰਜਾਬ
ਚੰਡੀਗੜ੍ਹ, 6 ਅਕਤੂਬਰ 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ’ਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਲਈ ਸੂਬਾ ਸਰਕਾਰ ਇਸ ਮਾਮਲੇ ਨੂੰ ਭਾਰਤ ਸਰਕਾਰ ਕੋਲ ਉਠਾਏਗੀ।
ਅੱਜ ਇੱਥੇ ਸੰਤ ਸਮਾਜ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਵਿਚਾਰ-ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਕੌਮੀ ਪੱਧਰ ਉਤੇ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਵਿੱਚ ਧਰਮ ਨਿਰਪੱਖਤਾ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸਾਂਝੀਵਾਲਤਾ ਅਤੇ ਧਰਮ ਨਿਰਪੱਖਤਾ ਦੇ ਮੁਦਈ ਸਨ ਅਤੇ ਉਨ੍ਹਾਂ ਨੇ ਦੇਸ਼ ਵਿੱਚ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਨਾਲ ਜਿੱਥੇ ਮਹਾਨ ਗੁਰੂ ਸਾਹਿਬ ਜੀ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ, ਉਥੇ ਹੀ ਲੋਕਾਂ ਦਰਮਿਆਨ ਆਪਸੀ ਸਾਂਝ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਗੁਰੂ ਸਾਹਿਬ ਜੀ ਦੇ ਦਿੱਲੀ ਜਾਂਦੇ ਸਮੇਂ ਅਪਣਾਏ ਰਾਹ ਦੇ ਪੰਜਾਬ ਵਿਚਲੇ ਹਿੱਸੇ ਦਾ ਨਿਰਮਾਣ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਵਜੋਂ ਕਰਨ ਦੀ ਸੰਭਾਵਨਾ ਤਲਾਸ਼ੇਗੀ। ਉਨ੍ਹਾਂ ਕਿਹਾ ਕਿ ਪੰਜਾਬ ਲੋਕ ਨਿਰਮਾਣ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਇਸ ਮਾਰਗ ਦੇ ਨਿਰਮਾਣ ਲਈ ਖਾਕਾ ਤਿਆਰ ਕੀਤਾ ਜਾਵੇਗਾ, ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਲਈ ਨਿਮਾਣਾ ਜਿਹਾ ਉਪਰਾਲਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਰਗ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਤੱਕ ਲੈ ਜਾਣ ਲਈ ਕੇਂਦਰ ਸਰਕਾਰ ਕੋਲ ਮਾਮਲਾ ਉਠਾਏਗੀ।
ਇਕ ਹੋਰ ਮਾਮਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਸ ਰਸਤੇ ਤੋਂ ਮਹਾਨ ਸਿੱਖ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਵਿੱਤਰ ਸੀਸ ਲੈ ਕੇ ਆਏ ਸਨ, ਉਸ ਰਸਤੇ ਨੂੰ ਵਿਕਸਤ ਕਰਕੇ ਬਾਬਾ ਜੀਵਨ ਸਿੰਘ ਮਾਰਗ ਦੇ ਨਾਮ ’ਤੇ ਰੱਖਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜੀ ਨੇ ਗੁਰੂ ਸਾਹਿਬ ਜੀ ਦਾ ਸੀਸ ਸ੍ਰੀ ਅਨੰਦਪੁਰ ਸਾਹਿਬ ਲਿਆਉਂਦੇ ਸਮੇਂ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦਾ ਰਸਤਾ ਬਿਖਮ ਅਤੇ ਦੁਸ਼ਵਾਰੀਆਂ ਭਰਿਆ ਸੀ। ਉਨ੍ਹਾਂ ਕਿਹਾ ਕਿ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਅਤੇ ਭਾਰਤ ਸਰਕਾਰ ਨੂੰ ਇਹ ਮਾਰਗ ਬਣਾਉਣ ਦੀ ਅਪੀਲ ਕੀਤੀ ਜਾਵੇਗੀ, ਜੋ ਮਹਾਨ ਸਿੱਖ ਨਾਇਕ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਸਕੂਲ ਪਾਠਕ੍ਰਮ ਵਿੱਚ ਗੁਰੂ ਸਾਹਿਬ ਜੀ ਦੇ ਜੀਵਨ ਤੇ ਫਲਸਫੇ ਨੂੰ ਸ਼ਾਮਲ ਕਰਨ ਲਈ ਕਮੇਟੀ ਦੇ ਗਠਨ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਮਿਊਜ਼ੀਅਮ ਵਿੱਚ ਕਿਸੇ ਵੀ ਕਿਸਮ ਦੀ ਇਤਰਾਜ਼ਯੋਗ ਸਮੱਗਰੀ, ਜੋ ਸਿੱਖ ਭਾਵਨਾਵਾਂ ਨਾਲ ਮੇਲ ਨਹੀਂ ਖਾਂਦੀ, ਨੂੰ ਮਿਊਜ਼ੀਅਮ ਵਿੱਚੋਂ ਹਟਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਬੇਅਦਬੀ ਵਿਰੋਧੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਬਨਬੱਧਤਾ ਨੂੰ ਦੁਹਰਾਇਆ ਤਾਂ ਕਿ ਇਸ ਘਿਨਾਉਣੇ ਅਪਰਾਧ ਦੇ ਸਾਜ਼ਿਸ਼ਘਾੜਿਆਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਇਆ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਨੇ ਸੰਤ ਸਮਾਜ ਨੂੰ ਜਾਣੂੰ ਕਰਵਾਇਆ ਕਿ ਸੂਬਾ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਲੜੀਵਾਰ ਸਮਾਗਮ ਉਲੀਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਵੇਗੀ ਅਤੇ ਇਕ ਨਵੰਬਰ ਤੋਂ ਸੂਬਾ ਭਰ ਵਿੱਚ ਕੀਰਤਨ ਦਰਬਾਰ ਕਰਵਾਏ ਜਾਣਗੇ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ 15 ਨਵੰਬਰ ਤੋਂ ਸੂਬੇ ਦੀ ਹਰੇਕ ਵਿਦਿਅਕ ਸੰਸਥਾ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਬਲਿਦਾਨ ਬਾਰੇ ਸੈਮੀਨਾਰ ਕਰਵਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ 18 ਨਵੰਬਰ ਨੂੰ ਸ੍ਰੀਨਗਰ (ਜੰਮੂ-ਕਸ਼ਮੀਰ) ਵਿੱਚ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਅਤੇ ਅਗਲੇ ਦਿਨ 19 ਨਵੰਬਰ ਨੂੰ ਉਥੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਵਿੱਚ ਕਸ਼ਮੀਰੀ ਪੰਡਿਤ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ 19 ਨਵੰਬਰ ਨੂੰ ਜੰਮੂ ਵਿਖੇ, 20 ਨਵੰਬਰ ਨੂੰ ਪਠਾਨਕੋਟ ਵਿੱਚ ਅਤੇ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਕਰੇਗਾ। ਇਹ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪੁੱਜੇਗਾ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ 19 ਨਵੰਬਰ ਨੂੰ ਸਜਾਇਆ ਜਾਵੇਗਾ ਅਤੇ 20 ਨਵੰਬਰ ਨੂੰ ਫ਼ਰੀਦਕੋਟ ਤੇ ਗੁਰਦਾਸਪੁਰ ਵਿੱਚ ਨਗਰ ਕੀਰਤਨ ਸਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸੰਪੂਰਨ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਇਤਿਹਾਸਕ ਯਾਦਗਾਰੀ ਮੌਕੇ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵਿਆਪਕ ਪੱਧਰ ’ਤੇ ਸਮਾਗਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 12 ਹਜ਼ਾਰ ਸ਼ਰਧਾਲੂਆਂ ਦੀ ਸਹੂਲਤ ਲਈ ਟੈਂਟ ਸਿਟੀ ਬਣਾਇਆ ਜਾਵੇਗਾ, ਜਿਸ ਦਾ ਨਾਮ ‘ਚੱਕ ਨਾਨਕੀ’ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਨਗਰੀ ਵਿੱਚ ਸਰਬ ਧਰਮ ਸੰਮੇਲਨ ਵੀ ਕਰਵਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਨਗਰੀ ਵਿੱਚ ਗੁਰੂ ਸਾਹਿਬ ਦੇ ਜੀਵਨ ਤੇ ਫਲਸਫ਼ੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਤੇ ਡਰੋਨ ਸ਼ੋਅ ਵੀ ਕਰਵਾਇਆ ਜਾਵੇਗਾ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਅਨੰਦਾਂ ਦੀ ਪੁਰੀ-ਸ੍ਰੀ ਅਨੰਦਪੁਰ ਸਾਹਿਬ ਵਿੱਚ ਪੰਜਾਬ ਵਿਧਾਨ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਜਾਵੇਗਾ, ਜਿੱਥੇ ਇਤਿਹਾਸਕ ਮਤੇ ਪਾਸ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ 25 ਨਵੰਬਰ ਨੂੰ ਖ਼ੂਨਦਾਨ ਕੈਂਪਾਂ ਤੇ ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ਉੱਤੇ ਪੌਦੇ ਲਾਉਣ ਦੀ ਮੁਹਿੰਮ ਸਣੇ ‘ਸਰਬੱਤ ਦੀ ਭਲਾਈ ਇਕੱਤਰਤਾ’ ਵੀ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਪਵਿੱਤਰ ਨਗਰੀ ਵਿੱਚ 500 ਵਾਹਨਾਂ ਲਈ ਬਹੁ ਮੰਜ਼ਿਲਾ ਪਾਰਕਿੰਗ ਵੀ ਬਣਾਈ ਜਾਵੇਗੀ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਭੀੜ-ਭੜੱਕਾ ਘਟਾਉਣ ਲਈ ਇਕ ਬਾਈਪਾਸ ਦਾ ਨਿਰਮਾਣ ਵੀ ਕਰਵਾਇਆ ਜਾਵੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦੁਨੀਆ ਭਰ ਤੋਂ ਸੰਤ ਸਮਾਜ ਦਾ ਆਸ਼ੀਰਵਾਦ ਤੇ ਸੁਝਾਅ ਲਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਇਤਿਹਾਸਕ ਮੌਕਾ ਉਨ੍ਹਾਂ ਦੇ ਕਾਰਜਕਾਲ ਦੌਰਾਨ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਇਨ੍ਹਾਂ ਸਮਾਗਮਾਂ ਨੂੰ ਢੁਕਵੇਂ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ ਅਤੇ ਸਮਾਗਮਾਂ ਲਈ ਸੰਕਲਪ ਤੇ ਪ੍ਰੋਗਰਾਮਾਂ ਸਬੰਧੀ ਸੰਤ ਸਮਾਜ ਦੀਆਂ ਸ਼ਖ਼ਸੀਅਤਾਂ ਨੂੰ ਆਪਣੀ ਰਾਇ ਦੇਣ ਲਈ ਬੇਨਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਮੁੱਖ ਧਿਆਨ ਗੁਰੂ ਸਾਹਿਬ ਦੇ ਜੀਵਨ, ਉਨ੍ਹਾਂ ਦੇ ਫਲਸਫ਼ੇ ਅਤੇ ਮਹਾਨ ਬਲੀਦਾਨ, ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ, ਬਾਰੇ ਲੋਕਾਈ ਨੂੰ ਜਾਣੂੰ ਕਰਵਾਉਣ ਉਤੇ ਕੇਂਦਰਿਤ ਹੋਵੇਗਾ।
ਇਸ ਮੀਟਿੰਗ ਵਿੱਚ ਸੰਤ ਸਮਾਜ ਦੀਆਂ ਅਹਿਮ ਸ਼ਖ਼ਸੀਅਤਾਂ ਵਿੱਚ ਬਾਬਾ ਬਲਬੀਰ ਸਿੰਘ ਜੀ 96 ਕਰੋੜੀ, ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲੇ, ਬਾਬਾ ਸਤਨਾਮ ਸਿੰਘ ਜੀ ਕਿਲ੍ਹਾ ਆਨੰਦਗੜ੍ਹ ਸਾਹਿਬ ਵਾਲੇ, ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੋਪੜ, ਬਾਬਾ ਤੀਰਥ ਸਿੰਘ ਜੀ ਤਪ ਅਸਥਾਨ ਭਾਈ ਜੈਤਾ ਜੀ, ਭਾਈ ਗੁਰਪ੍ਰੀਤ ਸਿੰਘ ਜੀ ਰੰਧਾਵੇ ਵਾਲੇ, ਬਾਬਾ ਸੁਖਵਿੰਦਰ ਸਿੰਘ ਜੀ ਰਤਵਾੜਾ ਸਾਹਿਬ ਵਾਲੇ, ਸੰਤ ਬਾਬਾ ਬਲਬੀਰ ਸਿੰਘ ਜੀ ਸੀਚੇਵਾਲ ਦਾ ਨੁਮਾਇੰਦਾ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜੀ ਵਾਲੇ, ਬਾਬਾ ਸੁਰ ਸਿੰਘ ਜੀ ਵਾਲੇ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣ ਵਾਲੇ, ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਪ੍ਰੋਫੈਸਰ ਅਪਿੰਦਰ ਸਿੰਘ ਜੀ ਮਾਹਲਪੁਰ ਬੁੰਗਾ ਸਾਹਿਬ, ਬਾਬਾ ਨਰਿੰਦਰ ਸਿੰਘ ਜੀ ਹਜ਼ੂਰ ਸਾਹਿਬ ਵਾਲੇ ਵੱਲੋਂ ਬਾਬਾ ਮੇਜਰ ਸਿੰਘ ਜੀ, ਬਾਬਾ ਅਵਤਾਰ ਸਿੰਘ ਧੱਤਲ ਅੰਮ੍ਰਿਤਸਰ, ਬਾਬਾ ਗੁਰਜੀਤ ਸਿੰਘ ਕੁੱਲੀ ਵਾਲੇ ਅੰਮ੍ਰਿਤਸਰ, ਬਾਬਾ ਨੰਦ ਸਿੰਘ ਜੀ ਮੁੰਡਾ ਪਿੰਡ ਵਾਲੇ, ਸੰਤ ਗੁਰਬਚਨ ਸਿੰਘ ਪਾਂਡਵਾ ਫਗਵਾੜਾ, ਬਾਬਾ ਗੁਰਦੇਵ ਸਿੰਘ ਜੀ ਬਜਵਾੜੇ ਵਾਲੇ, ਬਾਬਾ ਬਲਬੀਰ ਸਿੰਘ ਜੀ ਬਿਰਧ ਆਸ਼ਰਮ, ਬਾਬਾ ਜਗਜੀਤ ਸਿੰਘ ਮਿਰਜਾਪੁਰ, ਬਾਬਾ ਸੁੱਖਾ ਸਿੰਘ ਜੀ ਕਾਰ ਸੇਵਾ ਦਿੱਲੀ, ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੋਹਲਾਂ ਤੇ ਹੋਰ ਹਾਜ਼ਰ ਸਨ।
ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਹਰਭਜਨ ਸਿੰਘ ਈ.ਟੀ.ਓ. ਅਤੇ ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਹਾਜ਼ਰ ਸਨ।