ਲੁਧਿਆਣਾ ਪੁਲਿਸ ਵੱਲੋਂ ਤਿਉਹਾਰਾਂ ਦੌਰਾਨ ਸ਼ਹਿਰ ਵਿੱਚ ਸੁਰੱਖਿਆ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ
ਸੁਖਮਿੰਦਰ ਭੰਗੂ
ਲੁਧਿਆਣਾ, 6 ਅਕਤੂਬਰ 2025- ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਤਿਉਹਾਰਾਂ ਦੇ ਮੌਕੇ ‘ਤੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਅਧੀਨ ਏ.ਡੀ.ਸੀ.ਪੀ. ਜ਼ੋਨ-1 ਦੀ ਅਗਵਾਈ ਹੇਠ ਪੁਲਿਸ ਟੀਮਾਂ ਵੱਲੋਂ ਅਨਾਜ ਮੰਡੀਆਂ, ਕਿਰਾਏਦਾਰਾਂ ਅਤੇ ਆਰਜੀ ਟਿਕਾਣਿਆਂ ਦੀ ਘਰ-ਘਰ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਪੁਲਿਸ ਅਧਿਕਾਰੀਆਂ ਨੇ ਕਿਰਾਏਦਾਰਾਂ ਦੇ ਰਿਕਾਰਡ ਦੀ ਜਾਂਚ ਕੀਤੀ ਅਤੇ ਸ਼ੱਕੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖੀ। ਇਸ ਕਾਰਵਾਈ ਦਾ ਮੁੱਖ ਉਦੇਸ਼ ਤਿਉਹਾਰੀ ਸੀਜ਼ਨ ਦੌਰਾਨ ਕਿਸੇ ਵੀ ਅਪਰਾਧਿਕ ਗਤੀਵਿਧੀ ਨੂੰ ਰੋਕਣਾ ਅਤੇ ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨਾ ਹੈ। ਪੁਲਿਸ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਸਾਰਿਆਂ ਲਈ ਸੁਰੱਖਿਅਤ ਤੇ ਸ਼ਾਂਤੀਪੂਰਨ ਵਾਤਾਵਰਣ ਬਣਿਆ ਰਹੇ।