ਹਰਸਿਮਰਤ ਵੱਲੋਂ ਬਠਿੰਡਾ ਸ਼ਹਿਰੀ ਅਕਾਲੀ ਦਲ ਨੂੰ ਲੋਕ ਮੁੱਦਿਆਂ ਤੇ ਲੜਾਈ ਲੜਨ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ , 8 ਅਕਤੂਬਰ 2025 :ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਲੜਾਈ ਲੜੀ ਹੈ। ਬਠਿੰਡਾ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਦੀ ਅਗਵਾਈ ਹੇਠ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਆਖਿਆ ਕਿ ਹੁਣ ਬਠਿੰਡਾ ਸ਼ਹਿਰੀ ਅਕਾਲੀ ਦਲ ਦੇ ਸਮੂਹ ਆਗੂਆਂ ਨੂੰ ਲੋਕ ਮੁੱਦਿਆਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਵਿਰੋਧ ਕਰਨਾ ਚਾਹੀਦਾ ਹੈ ਜਿਸ ਨੇ ਝੂਠ ਸਹਾਰੇ ਸੱਤਾ ਹਾਸਲ ਕੀਤੀ ਹੈ ਅਤੇ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਨੇ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ ਤੇ ਮਜਬੂਤ ਬਣਾਉਣ ਲਈ ਕੰਮ ਕਰਨ। ਉਹਨਾਂ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਹੋਏ ਵਿਕਾਸ ਕਾਰਜਾਂ ਨੂੰ ਆਗੂ ਅਤੇ ਵਰਕਰ ਘਰ ਘਰ ਤੱਕ ਪਹੁੰਚਾਉਣ।
ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਹਰ ਵਰਗ ਦੁਖੀ ਹੈ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਸੂਬੇ ਨੂੰ ਕਰਜਈ ਬਣਾ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਲੋਕ ਮੁੱਦਿਆਂ ਤੋਂ ਭੱਜ ਚੁੱਕੀ ਹੈ ਅਤੇ ਡਰਾਮਿਆਂ ਦੇ ਸਿਰ ਤੇ ਕੰਮ ਚਲਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚੋਂ ਪੈਸਾ ਲੁੱਟ ਕੇ ਦਿੱਲੀ ਲੈ ਜਾਇਆ ਜਾ ਰਿਹਾ, ਜਦੋਂ ਕਿ ਹੁਣ ਦਿੱਲੀ ਵਾਲਿਆਂ ਦੀ ਅੱਖ ਸਰਕਾਰੀ ਜਾਇਦਾਦਾਂ ਉੱਪਰ ਹੈ ਜਿਸ ਨੂੰ ਵੇਚਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਨੇ ਕਿਹਾ ਕਿ ਬਠਿੰਡਾ ਨਗਰ ਨਿਗਮ ਦੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਪੂਰੀ ਤਰਹਾਂ ਤਿਆਰ ਬਰ ਤਿਆਰ ਹੈ।
ਉਨ੍ਹਾਂ ਸਾਬਕਾ ਕੇਂਦਰੀ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਨੂੰ ਵਿਸ਼ਵਾਸ ਦਵਾਇਆ ਕਿ ਸਮੁੱਚੇ ਸ਼ਹਿਰ ਦੇ 50 ਵਾਰਡਾਂ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ ਹਨ ਅਤੇ ਬੂਥ ਪੱਧਰ ਤੇ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਲੋਕ ਮਾਨ ਸਰਕਾਰ ਤੋਂ ਨਿਰਾਸ਼ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਚਾਹੁੰਦੇ ਹਨ ਜਿਸ ਕਰਕੇ ਆਉਂਦਾ ਸਮਾਂ ਸ਼੍ਰੋਮਣੀ ਅਕਾਲੀ ਦਲ ਦਾ ਹੋਵੇਗਾ। ਕਿਉਂਕਿ ਲੋਕ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਬਣਾਉਣ ਲਈ ਘਰਾਂ ਤੋਂ ਬਾਹਰ ਆ ਚੁੱਕੇ ਹਨ। ਇਸ ਮੌਕੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਰਹੀ।