ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
• ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਾਜੈਕਟ ਦਾ ਕੀਤਾ ਸ਼ੁਭ ਆਗਾਜ਼
• ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ
• ਅਗਲੀ ਗਰਮੀਆਂ ’ਚ ਪੰਜਾਬ ’ਚ ਇਕ ਵੀ ਪਾਵਰ ਕੱਟ ਨਹੀਂ ਲੱਗੇਗਾ – ਕੇਜਰੀਵਾਲ
• ਇਸ ਤਰ੍ਹਾਂ ਦਾ ਪ੍ਰਾਜੈਕਟ ਨਾ ਕਿਸੇ ਸੂਬੇ ਨੇ ਤੇ ਨਾ ਹੀ ਕੇਂਦਰ ਸਰਕਾਰ ਨੇ ਕਦੇ ਸੋਚਿਆ ਤੱਕ ਹੈ: ਕੇਜਰੀਵਾਲ
• ਪੰਜਾਬ ਦੇ ਬਿਜਲੀ ਖੇਤਰ ’ਚ ਨਵੇਂ ਦੌਰ ਦੀ ਸ਼ੁਰੂਆਤ ਹੋਈ ਹੈ – ਮੁੱਖ ਮੰਤਰੀ ਮਾਨ
• ਪੰਜਾਬ ਹੋਰ ਸੂਬਿਆਂ ਲਈ ਰਾਹ-ਦਸੇਰਾ ਬਣੇਗਾ: ਮੁੱਖ ਮੰਤਰੀ ਮਾਨ
• ਸੂਬੇ ਤੋਂ ਹਰ ਕਿਸਮ ਦੇ ਹਨੇਰੇ ਦਾ ਅੰਤ ਹੋਵੇਗਾ
ਬਲਵਿੰਦਰ ਸਿੰਘ ਧਾਲੀਵਾਲ
ਫਗਵਾੜਾ (ਕਪੂਰਥਲਾ), 8 ਅਕਤੂਬਰ 2025 - ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ।
ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੇ ਭਿਆਨਕ ਹੜ੍ਹਾਂ ਦਾ ਸਾਹਮਣਾ ਕੀਤਾ ਹੈ, ਜਿਸ ਕਾਰਨ ਬਹੁਤ ਤਬਾਹੀ ਹੋਈ ਪਰ ਸੂਬੇ ਦੇ ਬਹਾਦਰ ਤੇ ਸੂਝਵਾਨ ਲੋਕਾਂ ਨੇ ਇਸ ਦਾ ਡਟ ਕੇ ਮੁਕਾਬਲਾ ਕੀਤਾ। ‘ਰੌਸ਼ਨ ਪੰਜਾਬ’ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਜਾਂ ਸੂਬੇ ਦੀ ਕਿਸੇ ਵੀ ਸਰਕਾਰ ਨੇ ਕਦੇ ਇਸ ਅਹਿਮ ਪ੍ਰਾਜੈਕਟ ਬਾਰੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਪਰ ਪੰਜਾਬ ਸਰਕਾਰ ਨੇ ਇਹ ਇਤਿਹਾਸਕ ਪਹਿਲ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਦਯੋਗਿਕ ਖੇਤਰ ਨੂੰ ਦੇਸ਼ ਵਿੱਚ ਚੌਥੇ ਨੰਬਰ ਉੱਤੇ ਸਭ ਤੋਂ ਘੱਟ ਦਰਾਂ ਉੱਤੇ ਬਿਜਲੀ ਮਿਲ ਰਹੀ ਹੈ, ਖੇਤੀਬਾੜੀ ਖੇਤਰ ਨੂੰ ਨਿਰਵਿਘਨ ਬਿਜਲੀ ਮਿਲ ਰਹੀ ਹੈ ਅਤੇ ਹੁਣ ਇਹ ਅਹਿਮ ਪਹਿਲਕਦਮੀ ਕੀਤੀ ਜਾ ਰਹੀ ਹੈ, ਜਿਸ `ਤੇ ਪਿਛਲੇ 75 ਸਾਲਾਂ ਵਿੱਚ ਕੰਮ ਨਹੀਂ ਹੋਇਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸਾਰਿਆਂ ਦੇ ਵਿਚਕਾਰ ‘ਪਾਵਰ ਕੱਟ ਮੁਕਤ ਪੰਜਾਬ ਪ੍ਰਾਜੈਕਟ’ ਦੀ ਸ਼ੁਰੂਆਤ ਕਰਨਾ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਹ ਦਿਨ ਨਵੇਂ ਯੁੱਗ ਦੀ ਸ਼ੁਰੂਆਤ ਦਾ ਸੰਕੇਤ ਹੈ ਕਿਉਂਕਿ ਪੰਜਾਬ ਦੇ ਬਿਜਲੀ ਖੇਤਰ ਵਿੱਚ ਇਕ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਟਰਾਂਸਮਿਸ਼ਨ ਅਤੇ ਵੰਡ ਨੈੱਟਵਰਕ ਦੀ ਸੰਪੂਰਨ ਤਬਦੀਲੀ ਰਾਹੀਂ ਪੰਜਾਬ ਨੂੰ ਬਿਜਲੀ ਕੱਟਾਂ ਤੋਂ ਮੁਕਤ ਕਰਨ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਪ੍ਰਾਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੀ ਵਾਰ ਬਿਜਲੀ ਖੇਤਰ ਵਿੱਚ ਸੁਧਾਰ ਲਿਆਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਰਾਹੀਂ ਪੰਜਾਬ ਨੂੰ ਅਗਲੇ ਸਾਲ ਤੱਕ ਨਿਰਵਿਘਨ 24 ਘੰਟੇ ਬਿਜਲੀ ਸਪਲਾਈ ਮਿਲੇਗੀ, ਇਸੇ ਕਰ ਕੇ ਇਸ ਪ੍ਰਾਜੈਕਟ ਦਾ ਨਾਮ ‘ਰੋਸ਼ਨ ਪੰਜਾਬ’ ਰੱਖਿਆ ਗਿਆ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਇਸ ਪ੍ਰਾਜੈਕਟ ਲਈ ਖ਼ਾਕਾ ਤਿਆਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਪ੍ਰਾਜੈਕਟ ਤਹਿਤ ਨਵੇਂ ਸਬ ਸਟੇਸ਼ਨ ਅਤੇ ਬਿਜਲੀ ਲਾਈਨਾਂ ਵਿਛਾਈਆਂ ਜਾਣਗੀਆਂ, ਫੀਡਰਾਂ `ਤੇ ਲੋਡ ਘਟਾਇਆ ਜਾਵੇਗਾ ਅਤੇ ਹੋਰ ਮਹੱਤਵਪੂਰਨ ਕਦਮ ਚੁੱਕੇ ਜਾਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਵਾਂ ਬੁਨਿਆਦੀ ਢਾਂਚਾ ਬਣਾਉਣ, ਮੌਜੂਦਾ ਪ੍ਰਣਾਲੀਆਂ ਨੂੰ ਅਪਗ੍ਰੇਡ ਕਰਨ ਅਤੇ ਬਿਜਲੀ ਖੇਤਰ ਵਿੱਚ ਸਾਂਭ-ਸੰਭਾਲ ਵਧਾਉਣ `ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵੋਲਟੇਜ ਦੇ ਉਤਰਾਅ-ਚੜ੍ਹਾਅ ਦੀ ਸਮੱਸਿਆ ਖ਼ਤਮ ਹੋ ਜਾਵੇਗੀ, ਖ਼ਾਸ ਕਰ ਕੇ ਪੇਂਡੂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਬਿਜਲੀ ਸਪਲਾਈ ਵਿੱਚ ਵਿਆਪਕ ਸੁਧਾਰ ਹੋਵੇਗਾ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ ਪਰ ਕਈ ਥਾਵਾਂ `ਤੇ ਸਬ ਸਟੇਸ਼ਨ, ਬਿਜਲੀ ਲਾਈਨਾਂ ਅਤੇ ਹੋਰ ਬੁਨਿਆਦੀ ਢਾਂਚਾ ਪੁਰਾਣਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਸਪਲਾਈ ਵਿੱਚ ਦਿੱਕਤਾਂ ਆ ਰਹੀਆਂ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵੱਡੇ ਸ਼ਹਿਰਾਂ ਵਿੱਚ ਬਿਜਲੀ ਪ੍ਰਣਾਲੀਆਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਵੀ ਲਾਗੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ 13 ਨਗਰ ਨਿਗਮਾਂ ਵਿੱਚ ਲੋਅ ਟੈਨਸ਼ਨ (ਐਲ.ਟੀ.) ਨੈੱਟਵਰਕ ਨੂੰ ਬਿਹਤਰ ਬਣਾਉਣ ਲਈ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਕੌਮੀ ਕਨਵੀਨਰ ਨੇ ਕਿਹਾ ਕਿ ਬਿਜਲੀ ਦੇ ਖੰਭਿਆਂ ਤੋਂ ਬੇਲੋੜੀਆਂ ਤਾਰਾਂ ਹਟਾਈਆਂ ਜਾ ਰਹੀਆਂ ਹਨ, ਹੇਠਾਂ ਲਟਕਦੀਆਂ ਤਾਰਾਂ ਨੂੰ ਉੱਚਾ ਕੀਤਾ ਜਾ ਰਿਹਾ ਹੈ, ਪੁਰਾਣੀਆਂ ਤਾਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਮੀਟਰ ਬਕਸਿਆਂ ਨੂੰ ਸੀਲ ਕੀਤਾ ਜਾ ਰਿਹਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਕਸਰ ਨੀਵੀਆਂ ਜਾਂ ਨੰਗੀਆਂ ਤਾਰਾਂ ਹਾਦਸਿਆਂ ਦਾ ਕਾਰਨ ਬਣਦੀਆਂ ਹਨ, ਇਸੇ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲਾਂ ਪੱਛਮੀ ਲੁਧਿਆਣਾ ਸਬ-ਡਿਵੀਜ਼ਨ ਵਿੱਚ ਇਕ ਪਾਇਲਟ ਪ੍ਰਾਜੈਕਟ ਵਜੋਂ ਪੇਸ਼ ਕੀਤਾ ਗਿਆ ਸੀ ਅਤੇ ਇਸ ਦੀ ਸਫ਼ਲਤਾ ਤੋਂ ਬਾਅਦ ਹੁਣ ਇਸ ਨੂੰ ਦੂਜੇ ਸ਼ਹਿਰਾਂ ਵਿੱਚ ਲਾਗੂ ਕੀਤਾ ਜਾ ਰਿਹਾ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਪਹਿਲ ਹੁਣ ਇਨ੍ਹਾਂ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਸਾਰੇ 87 ਸਬ-ਡਿਵੀਜ਼ਨਾਂ ਵਿੱਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜੂਨ 2026 ਤੱਕ ਪੂਰੀ ਹੋਣ ਦੀ ਉਮੀਦ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਖਪਤਕਾਰਾਂ ਦੀ ਸਹੂਲਤ ਲਈ ਮੋਹਾਲੀ ਵਿੱਚ ਇਕ ਕਾਲ ਸੈਂਟਰ ਸਥਾਪਤ ਕੀਤਾ ਗਿਆ ਹੈ ਅਤੇ ਇਸ ਦਾ ਹੈਲਪਲਾਈਨ ਨੰਬਰ 1912 ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲ ਸੈਂਟਰ ਵਿੱਚ 180 ਮੈਂਬਰਾਂ ਦਾ ਸਟਾਫ਼ ਹੈ, ਜੋ ਲੋਕਾਂ ਦੀ ਦਿਨ-ਰਾਤ ਸਹਾਇਤਾ ਕਰਦੇ ਹਨ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਆਮ ਲੋਕਾਂ `ਤੇ ਵਿੱਤੀ ਬੋਝ ਘਟਾਉਣ ਲਈ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਦੇ 90 ਫੀਸਦੀ ਘਰਾਂ ਵਿੱਚ ਬਿਜਲੀ ਦਾ ਬਿੱਲ ਜ਼ੀਰੋ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਨੇ ਇਕ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ ਅਤੇ ਇਸ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ `ਤੇ ਰੱਖਿਆ ਗਿਆ ਹੈ। ਇਸ ਪਵਿੱਤਰ ਮੌਕੇ `ਤੇ ਸਾਰਿਆਂ ਨੂੰ ਵਧਾਈ ਦਿੰਦੇ ਹੋਏ ‘ਆਪ` ਦੇ ਕੌਮੀ ਕਨਵੀਨਰ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਹਰ ਖ਼ੇਤਰ ਵਿੱਚ ਨਵੀਆਂ ਉਚਾਈਆਂ ਛੂੰਹਦਾ ਰਹੇਗਾ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੇ ਰਵਾਇਤੀ ਸਿਆਸੀ ਪਾਰਟੀਆਂ ਨੂੰ ਆਪਣੇ ਚੋਣ ਮਨੋਰਥ ਪੱਤਰ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ 'ਆਪ' ਅਤੇ ਇਸ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸਾਂਝੇ ਯਤਨਾਂ ਸਦਕਾ ਸਿੱਖਿਆ, ਸਿਹਤ ਅਤੇ ਬਿਜਲੀ ਦੇ ਮੁੱਦੇ ਪਾਰਟੀਆਂ ਦੇ ਰਾਜਨੀਤਿਕ ਏਜੰਡੇ ਦਾ ਕੇਂਦਰ ਬਿੰਦੂ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਇਨ੍ਹਾਂ ਮੁੱਖ ਖੇਤਰਾਂ ਨੂੰ ਤਵੱਜੋਂ ਨਹੀਂ ਦਿੱਤੀ ਸੀ ਜੋ ਆਮ ਆਦਮੀ ਲਈ ਸਭ ਤੋਂ ਮਹੱਤਵਪੂਰਨ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਤੱਥ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਕਿ ਬਿਜਲੀ ਅਰਥਵਿਵਸਥਾ ਦੀ ਜੀਵਨ ਰੇਖਾ ਹੈ ਜਿਸ ਕਰਕੇ ਸੂਬਾ ਸਰਕਾਰ ਨੇ ਇਸ ਖੇਤਰ ਦੇ ਵਿਸਥਾਰ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਘਰੇਲੂ, ਉਦਯੋਗਿਕ ਅਤੇ ਖੇਤੀਬਾੜੀ, ਸਾਰੇ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਵੱਡੇ ਯਤਨਾਂ ਸਦਕਾ 2015 ਤੋਂ ਬੰਦ ਪਈ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਮੁੜ ਸ਼ੁਰੂ ਹੋ ਗਈ ਹੈ ਜਿਸ ਕਾਰਨ ਸੂਬੇ ਕੋਲ ਹੁਣ ਵਾਧੂ ਕੋਲਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਦੇ ਮਿੱਤਰਾਂ ਨੂੰ ਮਾਮੂਲੀ ਕੀਮਤਾਂ 'ਤੇ ਵੇਚੀਆਂ ਜਾ ਰਹੀਆਂ ਹਨ ਅਤੇ ਦੂਜੇ ਪਾਸੇ ਸੂਬੇ ਨੇ ਗੋਇੰਦਵਾਲ ਪਾਵਰ ਪਲਾਂਟ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਪਾਸੋਂ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਉਲਟ ਰੁਝਾਨ ਸ਼ੁਰੂ ਹੋਇਆ ਹੈ ਕਿ ਕਿਸੇ ਸਰਕਾਰ ਨੇ ਕੋਈ ਨਿੱਜੀ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲੀਆਂ ਸਰਕਾਰਾਂ ਆਪਣੀਆਂ ਜਾਇਦਾਦਾਂ ਨੂੰ ਕੌਡੀਆਂ ਦੇ ਭਾਅ ਚਹੇਤਿਆਂ ਨੂੰ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਾਵਰ ਪਲਾਂਟ ਦਾ ਨਾਮ ਤੀਜੇ ਸਿੱਖ ਗੁਰੂ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇਸ ਪਲਾਂਟ ਨਾਲ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਖੇਤਰ ਦੇ ਇਨ੍ਹਾਂ ਸੁਧਾਰਾਂ ਨਾਲ ਪੰਜਾਬ, ਦੇਸ਼ ਲਈ ਚਾਨਣ ਮੁਨਾਰਾ ਬਣ ਕੇ ਉੱਭਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ-ਭਾਜਪਾ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਬਿਜਲੀ ਖੇਤਰ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਬਿਜਲੀ ਖੇਤਰ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਸੁਧਾਰ ਸੂਬੇ ਵਿੱਚ ਬਿਜਲੀ ਖੇਤਰ ਨੂੰ ਹੋਰ ਮਜ਼ਬੂਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਬਿਮਾਰੀ ਨੂੰ ਖ਼ਤਮ ਕਰਨ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਯੋਗਤਾ ਦੇ ਆਧਾਰ 'ਤੇ ਪਾਰਦਰਸ਼ੀ ਤਰੀਕੇ ਨਾਲ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਡਰੱਗ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ ਪਰ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਢੁਕਵੀਂ ਯੋਜਨਾਬੰਦੀ ਉਲੀਕੀ ਗਈ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਆਰ-ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਹਨੇਰੇ ਨੂੰ ਮਿਟਾ ਕੇ ਰੌਸ਼ਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀ ਜੇ.ਈ.ਈ. ਮੇਨਜ਼ ਪ੍ਰੀਖਿਆ ਵਿੱਚ ਕੁਆਲੀਫਾਈ ਹੋਏ ਹਨ। ਉਨ੍ਹਾਂ ਕਿਹਾ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪਾਸ ਕੀਤਾ ਹੈ ਅਤੇ 848 ਵਿਦਿਆਰਥੀਆਂ ਨੇ ਨੀਟ ਵਿੱਚ ਯੋਗਤਾ ਪ੍ਰਾਪਤ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਇਨ੍ਹਾਂ ਕਲੀਨਿਕ ਦੀ ਗਿਣਤੀ ਛੇਤੀ ਹੀ 1,000 ਨੂੰ ਪਾਰ ਕਰ ਜਾਵੇਗੀ। ਉਨ੍ਹਾਂ ਕਿਹਾ ਕਿ ਹੁਣ ਤੱਕ ਇਨ੍ਹਾਂ ਕਲੀਨਿਕਾਂ ਵਿੱਚ 1.75 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਅਜਿਹੇ ਸਮਾਗਮ ਪਿਛਲੀਆਂ ਸਰਕਾਰਾਂ ਦੌਰਾਨ ਕਦੇ ਨਹੀਂ ਹੁੰਦੇ ਸਨ ਕਿਉਂਕਿ ਸੂਬਾ ਸਰਕਾਰ ਲੋਕਾਂ ਨੂੰ ਹਨੇਰੇ ਵਿੱਚ ਰੱਖਣਾ ਚਾਹੁੰਦੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੁਆਰਾ ਪਿਛਲੇ 75 ਸਾਲਾਂ ਵਿੱਚ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਅਮੀਰ ਤੇ ਰਸੂਖਵਾਨ ਆਗੂਆਂ ਨੇ ਲੋਕਾਂ ਦੇ ਹੱਕ ਹੜੱਪਣ ਜਾਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਰਬਾਦ ਕਰਨ ਲਈ ਸੱਤਾ ਦੀ ਦੁਰਵਰਤੋਂ ਕੀਤੀ ਹੈ, ਉਨ੍ਹਾਂ ਨੂੰ ਕਿਸੇ ਵੀ ਤਰੀਕੇ ਨਾਲ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਅਤੇ ਹੋਰ ਵੀ ਮੌਜੂਦ ਸਨ।