ਧੰਦੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਪਰਾਲੀ ਨਾ ਸਾੜਨ ਲਈ ਬੱਚਿਆਂ ਨੂੰ ਕੀਤਾ ਜਾਗਰੂਕ
ਰੋਹਿਤ ਗੁਪਤਾ
ਕਾਦੀਆਂ/ਬਟਾਲਾ, 08 ਅਕਤੂਬਰ 2025- ਸੁਪਰੀਮ ਕੋਰਟ ਆਫ ਇੰਡੀਆ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ ਹੇਠ ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰ ਜੀਤ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਰਿੰਦਰ ਗੌਤਮ ਇੰਸਪੇਕਟਰ ਕਮ ਕਲੱਸਟਰ ਅਫਸਰ, ਸਟਬਲ ਬਰਨਿੰਗ, ਕਾਦੀਆਂ ਵੱਲੋ ਪਿੰਡ ਧੰਦੋਈ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਬੱਚਿਆ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ।
ਨਰਿੰਦਰ ਗੌਤਮ ਇੰਸਪੇਕਟਰ ਕਮ ਕਲੱਸਟਰ ਅਫਸਰ ਵਲੋਂ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਦੇ ਦੁਸ਼ਟ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਦਸਿਆ ਕਿ ਅੱਗ ਲਾਉਣ ਨਾਲ ਮਿੱਟੀ ਦੇ ਪੌਸ਼ਟਿਕ ਤੱਤ ਖਤਮ ਹੋ ਜਾਂਦੇ ਹਨ ਅਤੇ ਮਿੱਟੀ ਵਿੱਚ ਮੌਜੂਦ ਮਦਤਗਾਰ ਬੈਕਟੀਰੀਆ ਵੀ ਮਰ ਜਾਂਦੇ ਹਨ ਜੋ ਕਿ ਫਸਲ ਦੇ ਵਾਧੇ ਲਈ ਬਹੁਤ ਲਾਭਦਾਇਕ ਹੁੰਦੇ ਹਨ।
ਜਿਸ ਕਰਕੇ ਕਿਸਾਨਾਂ ਨੂੰ ਅਗਲੇ ਸੀਜ਼ਨ ਹੋਰ ਵੀ ਜਿਆਦਾ ਖਾਦ ਦੀ ਵਰਤੋਂ ਕਰਕੇ ਇਹਨਾਂ ਪੌਸ਼ਟਿਕ ਤੱਤਾਂ ਨੂੰ ਮੁੜ ਸੁਰਜੀਤ ਕਰਨਾ ਪੈਂਦਾ ਹੈ ਜਿਸ ਨਾਲ ਕਿਸਾਨ ਦੀ ਫਸਲੀ ਲਾਗਤ ਵਿੱਚ ਵਾਧਾ ਹੁੰਦਾ ਹੈ ਅਤੇ ਅੱਗ ਲਾਉਣ ਨਾਲ ਜੌ ਵਾਤਾਵਰਨ ਖਰਾਬ ਹੁੰਦਾ ਹੈ ਉਸ ਨਾਲ ਜੀਵ ਜੰਤੂ ਅਤੇ ਪਸ਼ੂ ਪਕਸ਼ੀਆਂ ਨੂੰ ਵੀ ਨੁਕਸਾਨ ਝੇਲਨਾ ਪੈਂਦਾ ਹੈ। ਅੱਗ ਤੋਂ ਪੈਦਾ ਹੋਣ ਵਾਲੇ ਥੂਏਂ ਨਾਲ ਸਾਹ ਦੀਆ ਬਿਮਾਰੀਆਂ ਵੀ ਵੱਧ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਸਾਡਾ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਬੱਚਿਆਂ ਦੇ ਤੰਦਰੁਸਤ ਭਵਿੱਖ ਅਤੇ ਬਜੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜੀ ਜਾਵੇ।