ਚੇਅਰਮੈਨ ਗੜ੍ਹੀ ਨੇ ਡਾ. ਅੰਬੇਡਕਰ ਦੀ ਵਿਚਾਰਧਾਰਾ ਨੂੰ ਸਮਰਪਿਤ ਵਿਚਾਰ ਗੋਸ਼ਟੀ ਆਯੋਜਿਤ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
---ਐਸ.ਸੀ ਕਮਿਸ਼ਨ ਨੇ 7 ਮਹੀਨਿਆਂ ‘ਚ 3000 ਫਾਈਲਾਂ ਦਾ ਕੀਤਾ ਨਿਪਟਾਰਾ, ਦੋਰਾਹੇ ਸਮਾਗਮ ‘ਚ ਹੋਰ 40 ਮਾਮਲੇ ਸੁਣੇ ਗਏ
---ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤ ਦਿਵਸ ਮੌਕੇ ਗੜ੍ਹੀ ਨੇ ਦਿੱਤੀ ਗੁਰੂ ਸਾਹਿਬ ਦੀਆਂ ਕੁਰਬਾਨੀਆਂ ਨੂੰ ਸ਼ਰਧਾਂਜਲੀ
---ਡਾ. ਅੰਬੇਡਕਰ ਦਾ ਸੰਵਿਧਾਨ – ਹਰੇਕ ਵਰਗ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਨ ਵਾਲਾ ਦਸਤਾਵੇਜ਼: ਗੜ੍ਹੀ
ਸੁਖਮਿੰਦਰ ਭੰਗੂ
ਦੋਰਾਹਾ, ਖੰਨਾ, (ਲੁਧਿਆਣਾ), 26 ਅਕਤੂਬਰ 2025
ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਸਮਰਪਿਤ ਵਿਚਾਰ ਗੋਸ਼ਟੀ ਸਮਾਗਮ ਐਤਵਾਰ ਨੂੰ ਰਾਮਗੜੀਆ ਭਵਨ, ਦੋਰਾਹਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜੋਤੀ ਜੋਤਿ ਦਿਵਸ ਹੈ, ਜਿਸ ਦੇ ਚੱਲਦੇ ਹਰ ਕੋਈ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਮਨੁੱਖਤਾ ਲਈ ਆਪਣਾ ਸਾਰਾ ਪਰਿਵਾਰ ਕੁਰਬਾਨ ਕਰਨ ਵਾਲੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ।
ਚੇਅਰਮੈਨ ਐਸ.ਸੀ ਕਮਿਸ਼ਨ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਦੋਂ ਤੋਂ ਪੰਜਾਬ ਦੀ ਸੱਤਾ ਸੰਭਾਲੀ ਗਈ ਹੈ ਉਦੋਂ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਲਗਨ ਤੇ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਕੀਤੀਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਯਾਦ ਕੀਤਾ, ਜਿਨ੍ਹਾਂ ਨੂੰ "ਭਾਰਤ ਦੇ ਸੰਵਿਧਾਨ ਦੇ ਪਿਤਾ" ਅਤੇ ਦੱਬੇ-ਕੁਚਲੇ ਲੋਕਾਂ ਲਈ ਲੜਨ ਵਾਲੇ ਮਹਾਨ ਵਿਅਕਤੀ ਵਜੋਂ ਵੀ ਯਾਦ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਦਿੱਤੀ ਗਈ ਅਨੇਕਤਾ ਵਿੱਚ ਏਕਤਾ ਦੀ ਧਾਰਨਾ ਦਾ ਮੂਲ ਸਿਧਾਂਤ ਕਈ ਚੁਣੌਤੀਆਂ ਦੇ ਬਾਵਜੂਦ ਅੱਜ ਵੀ ਬਰਕਰਾਰ ਹੈ।
ਭਾਰਤੀ ਸੰਵਿਧਾਨ ਨੂੰ ਦੁਨੀਆ ਦੇ ਸਭ ਤੋਂ ਵਧੀਆ ਸੰਵਿਧਾਨਾਂ ਵਿੱਚੋਂ ਇੱਕ ਦੱਸਦੇ ਹੋਏ, ਚੇਅਰਮੈਨ ਗੜ੍ਹੀ ਨੇ ਕਿਹਾ ਕਿ ਇਹ ਸਮਾਜ ਦੇ ਹਾਸ਼ੀਏ 'ਤੇ ਧੱਕੇ ਗਏ ਵਰਗਾਂ ਲਈ ਨਿਆਂ ਦੀ ਆਖਰੀ ਉਮੀਦ ਹੈ। "ਬਾਬਾ ਸਾਹਿਬ ਅੰਬੇਡਕਰ ਦੀ ਦੂਰਅੰਦੇਸ਼ੀ ਅਤੇ ਸੂਝਵਾਨ ਅਗਵਾਈ ਲਈ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰ ਨਾਗਰਿਕ, ਖਾਸ ਕਰਕੇ ਦੱਬੇ-ਕੁਚਲੇ ਲੋਕਾਂ ਦੇ ਅਧਿਕਾਰਾਂ ਦੀ ਲਗਾਤਾਰ ਰੱਖਿਆ ਦਾ ਉਪਬੰਧ ਕੀਤਾ ਹੈ।
ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਸੰਵਿਧਾਨ ਦੀ ਪਵਿੱਤਰ ਕਿਤਾਬ ਵਿੱਚ ਦੱਬੇ-ਕੁਚਲੇ ਵਰਗਾਂ ਦੇ ਹਿੱਤਾਂ ਦੀ ਰਾਖੀ ਦਾ ਕਾਨੂੰਨੀ ਉਪਬੰਧ ਕਰਨ ਕਰਕੇ ਡਾਕਟਰ ਅੰਬੇਡਕਰ ਨੂੰ ਮਸੀਹਾ ਦੱਸਦਿਆਂ ਕਿਹਾ ਕਿ ਸਿੱਖਿਆ ਸਾਰੇ ਭੇਦਭਾਵ ਅਤੇ ਅਸਮਾਨਤਾਵਾਂ ਨੂੰ ਖਤਮ ਕਰਨ ਦੀ ਕੁੰਜੀ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਕ੍ਰਾਂਤੀ ਰਾਹੀ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਪੱਧਰ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਅਪਗ੍ਰੇਡ ਕਰਕੇ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇਸ਼ ਭਰ ਵਿੱਚ ਪਹਿਲੀ ਸਰਕਾਰ ਹੈ ਜਿਸਨੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀਆਂ ਤਸਵੀਰਾਂ ਨੂੰ ਪ੍ਰੇਰਕਾਂ ਅਤੇ ਆਦਰਸ਼ ਵਜੋਂ ਲਗਾਇਆ ਹੈ।
ਚੇਅਰਮੈਨ ਐਸ.ਸੀ ਕਮਿਸ਼ਨ ਨੇ ਡਾ. ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਸਾਨੂੰ ਅਜਿਹੀ ਮਹਾਨ ਅਤੇ ਦੂਰਦਰਸ਼ੀ ਸ਼ਖਸੀਅਤ ਨੂੰ ਇੱਕ ਵਿਸ਼ੇਸ਼ ਵਰਗ ਤੱਕ ਸੀਮਤ ਨਹੀਂ ਰੱਖਣਾ ਚਾਹੀਦਾ। ਆਪਣੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਨੂੰ ਯਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਦੁਆਰਾ ਬਣਾਇਆ ਗਿਆ ਸੰਵਿਧਾਨ ਸਾਰੇ ਵਰਗਾਂ ਨੂੰ ਬਰਾਬਰ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਇੱਕ ਸਿਹਤਮੰਦ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਲਈ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਉਨ੍ਹਾਂ (ਡਾ. ਬੀ. ਆਰ. ਅੰਬੇਡਕਰ) ਦੇ ਸਾਹਿਤ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।
ਸਮਾਗਮ ਦੌਰਾਨ ਚੇਅਰਮੈਨ ਗੜ੍ਹੀ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਸੰਵਿਧਾਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਸੰਵਿਧਾਨ ਵਿਚ ਦਰਜ ਉਨ੍ਹਾਂ ਦੇ ਹੱਕਾਂ ਤੇ ਫ਼ਰਜ਼ਾਂ ਬਾਰੇ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਜ਼ੁਲਮ ਅਤੇ ਤਸ਼ੱਦਦ ਦੀ ਨੀਤੀ ਮੇਰੇ ਕੋਲ ਹੈ ਜਿਸ ਤਹਿਤ ਪੰਜਾਬ ਦੀ ਧਰਤੀ ਤੇ ਜ਼ੁਲਮ ਅਤੇ ਤਸ਼ੱਦਦ ਕਰਨ ਵਾਲੇ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਹ ਉਹੀ ਨੀਤੀ ਹੈ ਜਿਹੜੀ ਸਾਨੂੰ ਗੁਰੂ ਸਾਹਿਬਾਨਾਂ ਅਤੇ ਬਾਬਾ ਅੰਬੇਡਕਰ ਸਾਹਿਬ ਨੇ ਸਾਨੂੰ ਸੰਵਿਧਾਨ ਦੇ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਆਰਟੀਕਲ 14,15,16 ਅਤੇ 17 ਰਾਹੀਂ ਜੋ ਮੌਲਿਕ ਅਧਿਕਾਰ ਦਿੱਤੇ ਗਏ ਹਨ ਇਹ ਜਾਤੀ, ਧਰਮ, ਨਸਲ, ਸਥਾਨ ਅਤੇ ਲਿੰਗ ਦੇ ਵਿੱਤਕਰੇ ਨੂੰ ਖਤਮ ਕਰਦੇ ਹਨ। ਅਸੀਂ ਇਸ ਅਨੁਸਾਰ ਹੀ ਕੰਮ ਕਰ ਰਹੇ ਹਾਂ।
ਇਸ ਸਮਾਗਮ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਉਚੇਚੇ ਤੌਰ 'ਤੇ ਲੋਕਾਂ ਦੀਆਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਪਈਆਂ ਸ਼ਿਕਾਇਤਾਂ ਅਤੇ ਮੁਸ਼ਕਲਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਜਦੋਂ ਉਹਨਾਂ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਜੋਂ ਚਾਰਜ ਲਿਆ ਤਾਂ ਦੇਖਿਆ ਕਿ 5700 ਫਾਈਲਾਂ ਪੈਡਿੰਗ ਪਈਆ ਸਨ। ਉਨ੍ਹਾਂ ਕਿਹਾ ਕਿ ਇਸ ਸਾਲ 3000 ਫਾਈਲਾਂ ਉਨ੍ਹਾਂ ਨੂੰ ਹੋਰ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਪਿਛਲੇ 7 ਮਹੀਨਿਆਂ ਦੌਰਾਨ 3000 ਫਾਈਲਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਅੱਜ ਦੇ ਸਮਾਗਮ ਦੌਰਾਨ ਉਨ੍ਹਾਂ ਵੱਲੋਂ 35 ਤੋਂ 40 ਫਾਈਲਾਂ ਲਈਆ ਗਈਆਂ ਹਨ। ਇਹ ਮਾਮਲੇ ਨੌਕਰੀਆਂ ਨਾਲ ਸਬੰਧਤ, ਵਿਦਿਆਰਥੀਆਂ ਦੇ ਨਾਲ ਸਬੰਧਤ, ਕਿਸੇ ਗਰੀਬ ਦੇ ਜੀਵਨਸ਼ੈਲੀ ਨਾਲ ਸਬੰਧਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਿਸੇ ਗਰੀਬ ਨੂੰ ਦਬਾਉਂਦਾ ਹੈ ਤਾਂ ਅਸੀਂ ਉਸ ਉੱਤੇ ਕੰਮ ਕਰ ਰਹੇ ਹਾਂ ਅਤੇ ਕਰਦੇ ਕਰਾਂਗੇ।
ਇਸ ਸਮਾਗਮ ਦੌਰਾਨ ਵੱਖ-ਵੱਖ ਸੰਸਥਾਵਾਂ ਵੱਲੋਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਦਿਹਾਤੀ (ਐਸ.ਸੀ ਵਿੰਗ) ਆਮ ਆਦਮੀ ਪਾਰਟੀ ਡਾ. ਜਸਪ੍ਰੀਤ ਸਿੰਘ ਬੀਜਾ, ਪ੍ਰਧਾਨ ਐਸ. ਸੀ/ਬੀ.ਸੀ ਇੰਪਲਾਈਜ ਵੈਲਫੇਅਰ ਐਸੋਸੀਏਸ਼ਨ, ਪੰਜਾਬ ਹਰਪ੍ਰੀਤ ਸਿੰਘ ਸਰਾਭਾ, ਸੀਨੀਅਰ ਮੈਡੀਕਲ ਅਫਸਰ ਖਮਾਣੋਂ ਡਾ. ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਲਤਾਲਾ, ਜਸਪਾਲ ਸਿੰਘ ਜੰਗੇੜਾ, ਕੁਲਬੀਰ ਸਿੰਘ ਈਸੜੂ, ਲਖਵਿੰਦਰ ਸਿੰਘ ਖਡਿਆਲ, ਗੁਰਪ੍ਰੀਤ ਸਿੰਘ ਈਸੀ, ਨਰਿੰਦਰ ਸਿੰਘ ਮਾਨ, ਗੁਰਜੰਟ ਸਿੰਘ ਪਟਿਆਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।