ਪੰਜਾਬ ਸਰਕਾਰ ਵੱਲੋਂ ਕੇਂਦਰੀ ਜੇਲ੍ਹਾਂ ਵਿੱਚ ਖੋਲ੍ਹੇ ਜਾਣਗੇ ਆਮ ਆਦਮੀ ਕਲੀਨਿਕ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕੈਦੀਆਂ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਚੁੱਕਿਆ ਪ੍ਰਮੁੱਖ ਕਦਮ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੈਦੀਆਂ ਲਈ ਮਾਨਸਿਕ ਸਿਹਤ ਸਮੇਤ ਸੰਪੂਰਨ ਦੇਖਭਾਲ ਯਕੀਨੀ ਬਣਾਉਣ 'ਤੇ ਦਿੱਤਾ ਜ਼ੋਰ
ਚੰਡੀਗੜ੍ਹ, 27 ਅਕਤੂਬਰ 2025- ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਕੇਂਦਰੀ ਜੇਲ੍ਹਾਂ ਵਿੱਚ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਇੱਕ ਪਾਇਲਟ ਪ੍ਰੋਜੈਕਟ ਦੀ ਯੋਜਨਾ ਉਲੀਕੀ ਜਾ ਰਹੀ ਹੈ ਤਾਂ ਜੋ ਕੈਦੀਆਂ ਨੂੰ ਮਾਨਸਿਕ ਸਿਹਤ ਸੰਭਾਲ ਸਮੇਤ ਵਿਆਪਕ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਇਸ ਨਵੀਂ ਪਹਿਲਕਦਮੀ ਬਾਰੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰੀਰਕ ਬਿਮਾਰੀਆਂ ਦੇ ਇਲਾਜ ਤੋਂ ਇਲਾਵਾ ਕੈਦੀਆਂ ਦੀ ਮਾਨਸਿਕ ਸਿਹਤ ਦਾ ਧਿਆਨ ਰੱਖਣਾ ਵੀ ਬੇਹੱਦ ਮਹੱਤਵਪੂਰਨ ਹੈ।
ਜੇਲ੍ਹਾਂ ਨੂੰ 'ਸੁਧਾਰ ਘਰ' ਦੱਸਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੱਚੇ ਨਿਆਂ ਦਾ ਅਰਥ ਵਿਅਕਤੀਆਂ ਵਿੱਚ ਸੁਧਾਰ ਲਿਆਉਣਾ ਹੈ। ਉਨ੍ਹਾਂ ਕਿਹਾ, "ਜਦੋਂ ਕੋਈ ਕੈਦੀ ਜੇਲ੍ਹ ਵਿੱਚੋਂ ਬਾਹਰ ਜਾਂਦਾ ਹੈ ਤਾਂ ਉਹ ਸਰੀਰਕ ਅਤੇ ਮਾਨਸਿਕ ਪੱਖੋਂ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਸਮੁੱਚਾ ਸੁਧਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬੇਹੱਦ ਜ਼ਰੂਰੀ ਹੈ।"
ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੈਦੀਆਂ ਨੂੰ ਜ਼ਰੂਰੀ ਕਾਉਂਸਲਿੰਗ ਪ੍ਰਦਾਨ ਕਰਨ ਲਈ ਜੇਲ੍ਹਾਂ ਵਿਚਲੇ ਆਮ ਆਦਮੀ ਕਲੀਨਿਕਾਂ ਵਿੱਚ ਮਨੋਵਿਗਿਆਨੀ ਅਤੇ ਮਨੋਰੋਗ ਮਾਹਿਰ ਤਾਇਨਾਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਤੋਂ ਹੀ ਕਾਰਜਸ਼ੀਲ 881 ਆਮ ਆਦਮੀ ਕਲੀਨਿਕ ਸਫ਼ਲਤਾ ਨੂੰ ਦੇਖਦਿਆਂ ਹੁਣ ਸੁਧਾਰ ਘਰਾਂ ਵਿੱਚ ਇਨ੍ਹਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ 15 ਅਗਸਤ, 2022 ਨੂੰ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਇਨ੍ਹਾਂ ਕਲੀਨਿਕਾਂ ਨੇ 4.20 ਕਰੋੜ ਤੋਂ ਵੱਧ ਲੋਕਾਂ ਨੂੰ ਮੁਫਤ ਇਲਾਜ ਪ੍ਰਦਾਨ ਕਰਕੇ ਇੱਕ ਮੀਲ ਪੱਥਰ ਹਾਸਲ ਕੀਤਾ ਹੈ ਅਤੇ ਇਥੇ 2.29 ਕਰੋੜ ਤੋਂ ਵੱਧ ਜਾਂਚ ਟੈਸਟ ਮੁਫ਼ਤ ਕੀਤੇ ਗਏ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ 107 ਕਿਸਮਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਸਿਹਤ ਜਾਂਚ ਟੈਸਟ, ਜਿਨ੍ਹਾਂ ਵਿੱਚ ਗਰਭ ਅਵਸਥਾ, ਹੈਪੇਟਾਈਟਸ ਸੀ, ਐੱਚਆਈਵੀ/ਏਡਜ਼ ਅਤੇ ਡੇਂਗੂ ਲਈ ਵਿਸ਼ੇਸ਼ ਟੈਸਟ ਸ਼ਾਮਲ ਹਨ, ਮੁਫ਼ਤ ਪ੍ਰਦਾਨ ਕਰਦਿਆਂ ਸਾਰਿਆਂ ਲਈ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾ ਰਹੇ ਹਨ।