ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ DC ਤੇ SSP ਖੜਕਾਉਣ ਲੱਗੇ ਕਿਸਾਨਾਂ ਦੇ ਬੂਹੇ
ਅਸ਼ੋਕ ਵਰਮਾ
ਬਠਿੰਡਾ, 29 ਅਕਤੂਬਰ 2025: ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਪ੍ਰਬੰਧਨ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਪਰਾਲੀ ਦੀ ਸਾਂਭ-ਸੰਭਾਲ ਕਰਨ ਲਈ ਕਿਸਾਨਾਂ ਨੂੰ ਪ੍ਰੇਰਿਤ ਕੀਤਾ, ਉਥੇ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਦੌਰੇ ਦੌਰਾਨ ਉਨ੍ਹਾਂ ਪਿੰਡ ਕੋਟਫੱਤਾ, ਕੋਟਸ਼ਮੀਰ, ਜੋਧਪੁਰ ਰੋਮਾਣਾ, ਜੱਸੀ ਪੋ ਵਾਲੀ ਅਤੇ ਨਰੂਆਣਾ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਮਿਲਕੇ ਉਨ੍ਹਾਂ ਨਾਲ ਗੱਲਬਾਤ ਕਰਦਿਆ ਪਰਾਲੀ ਦੀ ਸੁਚੱਜੀ ਸੰਭਾਲ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਧੀਰਜ ਅਤੇ ਠਰੰਮੇ ਨਾਲ ਪਰਾਲੀ ਦੀ ਸੰਭਾਲ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਨ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਦੀ ਖਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਈ ਕਿਸਾਨ ਸ਼ਾਮ 6 ਵਜੇ ਤੋਂ ਬਾਅਦ ਝੋਨੇ ਦੀ ਫ਼ਸਲ ਦੀ ਕਟਾਈ ਕਰਵਾਉਂਦੇ ਹਨ, ਜਿਸ ਕਾਰਨ ਫ਼ਸਲ ਵਿਚ ਨਮੀ ਦੀ ਮਾਤਰਾ ਵਧ ਜਾਂਦੀ ਹੈ, ਜਿਸ ਕਾਰਨ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੀ ਖਰੀਦ ਮੌਕੇ ਦਿੱਕਤ ਦਰਪੇਸ਼ ਆਉਂਦੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਸੁੱਕੀ ਫ਼ਸਲ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਰਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਵਹਾਉਣ ਨੂੰ ਤਰਜੀਹ ਦੇਣ ਇਸ ਨਾਲ ਜਿੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ ਅਤੇ ਇਸ ਦੇ ਨਾਲ ਹੀ ਵਾਤਾਵਰਨ ਵੀ ਪ੍ਰਦੂਸਿਤ ਹੋਣ ਤੋਂ ਬਚੇਗਾ।
ਦੌਰੇ ਦੌਰਾਨ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਦੁਆਰਾ ਪਿੰਡ ਕੋਟਫੱਤਾ ਦੇ ਖੇਤਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾ ਰਹੇ ਇੱਕ ਆਧੁਨਿਕ ਬਿਗ ਬੇਲਰ ਦਾ ਵੀ ਨਿਰੀਖਣ ਕੀਤਾ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਸਿੱਧੂ ਤੋਂ ਇਲਾਵਾ ਪਿੰਡਾਂ ਦੇ ਕਿਸਾਨ ਆਦਿ ਹਾਜ਼ਰ ਸਨ।