'ਸ੍ਰੀ ਗੁਰੂ ਤੇਗ ਬਹਾਦਰ ਜੀ: ਸ਼ਾਂਤੀ, ਤਿਆਗ ਅਤੇ ਧਰਮ ਦੀ ਰਾਖੀ ਲਈ ਅਮਰ ਬਲੀਦਾਨ ਦੇ ਪ੍ਰਤੀਕ': ਖੁੱਡੀਆਂ
ਅਸ਼ੋਕ ਵਰਮਾ
ਬਠਿੰਡਾ, 17 ਨਵੰਬਰ 2025 : 9ਵੀਂ ਪਾਤਸ਼ਾਹੀ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ ਬਹਾਦਰ ਜੀ ਸ਼ਾਂਤੀ, ਤਿਆਗ ਅਤੇ ਧਰਮ ਦੀ ਰੱਖਿਆ ਲਈ ਅਮਰ ਬਲੀਦਾਨ ਦਾ ਪ੍ਰਤੀਕ ਹਨ, ਜਿਨ੍ਹਾਂ ਦਾ ਜੀਵਨ ਸੰਦੇਸ਼ ਅੱਜ ਵੀ ਮਨੁੱਖਤਾ ਲਈ ਪ੍ਰੇਰਣਾ ਦਾ ਸਰੋਤ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ ਮੱਦੇਨਜ਼ਰ 350ਵੇਂ ਸਾਲਾਂ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ 'ਤੇ ਆਧਾਰਿਤ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਦੀ ਪੇਸ਼ਕਾਰੀ ਦੌਰਾਨ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਮੈਡਮ ਅਮਨੀਤ ਕੌਂਡਲ, ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ ਨਵਦੀਪ ਸਿੰਘ ਜੀਦਾ, ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ. ਅਮਰਦੀਪ ਰਾਜਨ, ਸਾਬਕਾ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਕੌਂਸਲਰ ਸ੍ਰੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਰਹੀਆਂ।
'ਹਿੰਦ ਦੀ ਚਾਦਰ' ਸ਼ੋਅ ਵਿੱਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ। ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲਾ ਸ਼ਤਾਬਦੀ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇੱਕ ਸੇਵਕ ਵਜੋਂ ਵੱਡੇ ਪੱਧਰ 'ਤੇ ਮਨਾ ਰਹੀ ਹੈ। ਇਸ ਤਹਿਤ ਉਲੀਕੇ ਵੱਖ-ਵੱਖ ਸਮਾਗਮਾਂ ਦੀ ਲੜੀ ਤਹਿਤ ਇਸ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਨੇ ਡਿਜੀਟਲ ਤਰੀਕੇ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਵਿਰਾਸਤ, ਸਿੱਖਿਆਵਾਂ, ਸਿੱਖ ਇਤਿਹਾਸ ਅਤੇ ਗੁਰੂ ਜੀ ਦੀ ਮਹਾਨ ਸ਼ਹਾਦਤ ਬਾਰੇ ਚਾਨਣਾ ਪਾਇਆ ਹੈ। ਉਨ੍ਹਾਂ ਕਿਹਾ ਕਿ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਕਰਵਾਏ ਜਾ ਰਹੇ ਹਨ ਜਦੋਂ ਕਿ ਜ਼ਿਲ੍ਹੇ ਭਰ ਅੰਦਰ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਵਿਖੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।
ਇਸ ਦੌਰਾਨ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਪੰਜਾਬ ਅਤੇ ਦੇਸ਼ ਦੇ ਹਰ ਕੋਨੇ ਤੱਕ ਜਾਣਕਾਰੀ ਪਹੁੰਚੇ ਅਤੇ ਆਉਣ ਵਾਲੀਆਂ ਪੀੜ੍ਹੀਆਂ ਇਸ ਮਹਾਨ ਕੁਰਬਾਨੀ ਤੋਂ ਪ੍ਰੇਰਨਾ ਤੇ ਸੇਧ ਲੈ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵੱਖ-ਵੱਖ ਸਥਾਨਾਂ ਤੋਂ ਵਿਸ਼ਾਲ ਨਗਰ ਕੀਰਤਨ ਕੱਢੇ ਜਾਣੇ ਹਨ। ਇਨ੍ਹਾਂ ‘ਚੋਂ ਇਕ ਨਗਰ ਕੀਰਤਨ 20 ਨਵੰਬਰ 2025 ਨੂੰ ਸਵੇਰੇ 6 ਵਜੇ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਕੋਟਸ਼ਮੀਰ, ਬਠਿੰਡਾ ਆਈ.ਟੀ.ਆਈ ਚੌਂਕ, ਫੌਜੀ ਚੌਂਕ, ਬੀਬੀ ਵਾਲਾ ਚੌਂਕ, ਭੁੱਚੋ ਮੰਡੀ, ਰਾਮਪੁਰਾ ਤੋਂ ਬਰਨਾਲਾ ਅਤੇ ਹੋਰ ਵੱਖ-ਵੱਖ ਸ਼ਹਿਰਾਂ ‘ਚੋਂ ਹੁੰਦੇ ਹੋਏ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਸੰਗਤ ਨੇ ਭਾਵੁਕ ਹੁੰਦਿਆਂ ਦੱਸਿਆ ਕਿ 'ਹਿੰਦ ਦੀ ਚਾਦਰ' ਸ਼ੋਅ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਉਨ੍ਹਾਂ ਨੂੰ ਅਨੋਖਾ ਅਨੁਭਵ ਹੋਇਆ ਹੈ, ਜਿਸ ਨਾਲ ਗੁਰੂ ਸਾਹਿਬ ਦੇ ਸ਼ਾਂਤੀ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਮਜ਼ਬੂਤ ਕਰਨ ਦੇ ਫਲਸਫ਼ੇ ਨੂੰ ਸੁੰਦਰਤਾ ਨਾਲ ਦਰਸਾਇਆ ਗਿਆ ਹੈ। ਇਸ ਮੌਕੇ ਸਮੇਤ ਸ਼ਹਿਰ ਤੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਪੁੱਜੀ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਿਰਕਤ ਕੀਤੀ।