ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ: ਪੰਜਾਬ ਸਰਕਾਰ ਨੇ ਕਰਾਇਆ ‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 17 ਨਵੰਬਰ 2025- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਆਈ.ਟੀ.ਆਈ. ਗਰਾਊਂਡ ਵਿਖੇ ਗੁਰੂ ਜੀ ਦੇ ਜੀਵਨ, ਫਲਸਫ਼ੇ, ਸਿੱਖਿਆਵਾਂ ਅਤੇ ਸ਼ਹੀਦੀ ‘ਤੇ ਆਧਾਰਤ ‘ਹਿੰਦ ਦੀ ਚਾਦਰ’ ਲਾਈਟ ਐਂਡ ਸਾਊਂਡ ਸ਼ੋਅ ਕਰਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਸੰਗਤਾਂ ਸ਼ਾਮਲ ਹੋਈਆਂ।
ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੈੱਟ ’ਤੇ ਫਿਲਮਾਇਆ ਲਾਈਟ ਐਂਡ ਸਾਊਂਡ ਸ਼ੋਅ ਨੇ ਸੰਗਤਾਂ ਨੂੰ ਗੁਰੂ ਜੀ ਦੀ ਲਾਸਾਨੀ ਸ਼ਹਾਦਤ, ਸਿੱਖ ਪੰਥ ਦੀ ਇਤਿਹਾਸਕ ਮਹਤਤਾ, ਅਮੀਰ ਧਾਰਮਿਕ ਵਿਰਾਸਤ ਅਤੇ ਖਾਲਸਾ ਪੰਥ ਦੀ ਸਥਾਪਨਾ ਬਾਰੇ ਵਿਸਥਾਰ ਵਿੱਚ ਜਾਣੂੰ ਕਰਵਾਇਆ। ਇਸ ਦੌਰਾਨ ਗੁਰੂ ਜੀ ਦੇ ਜਨਮ, ਜੀਵਨ, ਮੀਰੀ–ਪੀਰੀ ਦੇ ਸਿਧਾਂਤ, ਬਾਬਾ ਬਕਾਲਾ, ਚੱਕ ਨਾਨਕੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦਾ ਬਿਰਤਾਂਤ ਦਿਖਾਇਆ ਗਿਆ। ਇਸ ਦੌਰਾਨ ਭਾਈ ਦੀਦਾਰ ਸਿੰਘ ਦੇ ਢਾਡੀ ਜਥੇ ਨੇ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਤ ਵਾਰਾਂ ਗਾਈਆਂ।
ਪੰਜਾਬ ਸਰਕਾਰ ਵੱਲੋਂ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਤਹਿਤ ਹਰ ਜ਼ਿਲ੍ਹੇ ਵਿੱਚ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਅਤੇ ਮਹਾਨ ਸਿੱਖਿਆਵਾਂ ਤੋਂ ਜਾਣੂੰ ਕਰਵਾਇਆ ਜਾ ਸਕੇ। ਸਮਾਗਮ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸੰਗਤਾਂ ਵਿੱਚ ਸ਼ਾਮਲ ਹੋਏ।
ਭਾਰੀ ਗਿਣਤੀ ਸੰਗਤ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਦੱਸਿਆ ਕਿ ਸ਼੍ਰੀਨਗਰ ਤੋਂ 19 ਨਵੰਬਰ ਨੂੰ ਨਗਰ ਕੀਰਤਨ ਦੀ ਆਰੰਭਤਾ ਹੋਵੇਗੀ ਜੋ ਵੱਖ-ਵੱਖ ਜ਼ਿਲ੍ਹਿਆਂ ਤੋਂ ਹੁੰਦਾ ਹੋਇਆ 22 ਨਵੰਬਰ ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਪਹੁੰਚੇਗਾ ਜਿਥੇ ਸੰਗਤਾਂ ਵੱਲੋਂ ਵੱਖ-ਵੱਖ ਥਾਂਵਾਂ ’ਤੇ ਪੂਰੇ ਜਾਹੋ–ਜਲਾਲ ਨਾਲ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ, ਗੁਰੂ ਜੀ ਦੇ ਜੀਵਨ ‘ਤੇ ਆਧਾਰਤ ਪ੍ਰਦਰਸ਼ਨੀ, ਸਰਬ ਧਰਮ ਸਮੇਲਨ, ਵਿਰਾਸਤ–ਏ–ਖਾਲਸਾ, ਭਾਈ ਜੈਤਾ ਜੀ ਮੋਮਰੀਅਲ ਅਤੇ ਪੰਜ ਪਿਆਰੇ ਪਾਰਕ ਦਾ ਟੂਰ, ਕਥਾ ਅਤੇ ਕੀਰਤਨ ਦਰਬਾਰ, ਹੈਰੀਟੇਜ ਵਾਕ, ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ, ਡਰੋਨ ਸ਼ੋਅ, ਸੂਬਾ ਪੱਧਰੀ ਖੂਨਦਾਨ ਮੁਹਿੰਮ ਦੀ ਸ਼ੁਰੂਆਤ, ਬੂਟੇ ਲਾਉਣ ਦੀ ਸ਼ੁਰੂਆਤ, ਗੁਰਬਾਣੀ ਕੀਰਤਨ ਅਤੇ ਸਰਬੱਤ ਦਾ ਭਲਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹਨ। ਉਨ੍ਹਾਂ ਨੇ ਸੰਗਤਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਗੁਰੂ ਜੀ ਦੇ ਸ਼ਹੀਦੀ ਦਿਵਸ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇ।
ਇਸ ਮੌਕੇ ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਪੰਜਾਬ ਰਾਜ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਕੁਲਜੀਤ ਸਿੰਘ ਸਰਹਾਲ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ, ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਜੋਤ ਕੌਰ ਲੋਹਟੀਆ, ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ, ਐਸ.ਐਸ.ਪੀ. ਡਾ. ਮਹਿਤਾਬ ਸਿੰਘ ਅਤੇ ਸੀਨੀਅਰ ਅਧਿਕਾਰੀ ਤੇ ਭਾਰੀ ਗਿਣਤੀ ਵਿੱਚ ਸੰਗਤ ਮੌਜੂਦ ਸੀ।