ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 24 ਨਵੰਬਰ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਵੱਖ-ਵੱਖ ਪਿੰਡ ਖ਼ਵਾਜਾ ਵਰਦੱਗ, ਅਲੀ ਨੰਗਲ, ਜੀਵਨ ਨੰਗਲ, ਢਿੱਲਵਾਂ, ਸ਼ਿਕਾਰ, ਅਬਦਾਲ, ਹਵੇਲੀਆਂ ਕਲਾਂ, ਹਵੇਲੀਆਂ ਖੁਰਦ, ਰਾਮਪੁਰ, ਨੂਰਪੁਰ ਅਤੇਧਾਰੋਵਾਲੀ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਮਿਸ਼ਨ ਚੜ੍ਹਦੀ ਕਲਾ ਦੇ ਤਹਿਤ ਮੁਆਵਜ਼ਾ ਰਾਸ਼ੀ ਦੇ ਚੈੱਕ ਸੌਂਪੇ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਆਰਥਿਕ ਤੌਰ ‘ਤੇ ਮੁੜ ਲੀਹ ‘ਤੇ ਲਿਆਉਣ ਲਈ ਯਤਨ ਕੀਤੇ ਗਏ ਹਨ ਅਤੇ ਹੜ ਪੀੜਤਾਂ ਨੂੰ ਲਗਾਤਾਰ ਰਾਹਤ ਪ੍ਰਦਾਨ ਕੀਤੀ ਜਾ ਰਹੀ ਹੈ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ ਪੀੜਤਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਹਾਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ ਉਸੇ ਸਮੇਂ ਹੀ ਉਨਾਂ ਦੇ ਮੁਸ਼ਕਿਲ ਦਾ ਹੱਲ ਕੀਤਾ ਜਾਵੇਗਾ। ਉਨਾਂ ਦੱਸਿਆ ਹਲਕੇ ਅੰਦਰ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਪਹਿਲਾਂ ਵੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਜਾ ਚੁੱਕੀ ਹੈ।
ਵਿਧਾਇਕ ਰੰਧਾਵਾ ਨੇ ਪੀੜ੍ਹਤ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਬੰਧਤ ਪਟਵਾਰੀ ਨਾਲ ਮਿਲ ਕੇ ਆਪਣੇ ਬੈਂਕ ਖਾਤੇ, ਆਈ.ਐਫ.ਸੀ ਕੋਡ ਅਤੇ ਆਧਾਰ ਕਾਰਡ ਜ਼ਰੂਰ ਦਰੁਸਤ ਕਰਵਾਉਣ ਤਾਂ ਜੋ ਅਦਾਇਗੀ ਸਮੇਂ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨਾਂ ਕਿਸਾਨਾਂ ਨੂੰ ਕਿਹਾ ਕਿ ਜਿਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਮਿਲੀ ਉਹ ਆਪਣੇ ਪਿੰਡ ਦੇ ਸਬੰਧਤ ਪਟਵਾਰੀ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਉਨਾਂ ਦੀ ਮੁਆਵਜ਼ਾ ਰਾਸ਼ੀ ਬੈਂਕ ਖਾਤਿਆਂ ਵਿੱਚ ਪਾਈ ਜਾ ਸਕੇ। ਉਨਾਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਤੁਰੰਤ ਮੇਰੇ ਨਾਲ ਸੰਪਰਕ ਸਥਾਪਿਤ ਕਰੋ, ਹਰੇਕ ਹੜ੍ਹ ਪੀੜ੍ਹਤ ਪਰਿਵਾਰ ਨੂੰ ਬਣਦੀ ਮੁਆਵਜਾ ਰਾਸ਼ੀ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ ਸ੍ਰੀ ਆਦਿੱਤਿਆ ਸ਼ਰਮਾ, ਬੀਡੀਪੀਓ ਅਮਨਦੀਪ ਕੌਰ ਤੋਂ ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।