ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਲਈ ਜਗ੍ਹਾ ਨਹੀਂ ਮਿਲਣਾ ਮਾਨ ਸਰਕਾਰ ਦੇ ਦ੍ਰਿੜ ਸਟੈਂਡ ਦਾ ਨਤੀਜਾ : ਕੁਲਦੀਪ ਧਾਲੀਵਾਲ
*ਕਿਹਾ- ਇਹ ਪੰਜਾਬ ਦੀ ਜਿੱਤ, ਮਾਨ ਸਰਕਾਰ ਦੇ ਸਪੱਸ਼ਟ ਸਟੈਂਡ ਨੇ ਕੇਂਦਰ ਸਰਕਾਰ ਨੂੰ ਝੁਕਣ ਲਈ ਕੀਤਾ ਮਜਬੂਰ*
ਚੰਡੀਗੜ੍ਹ, 1 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਬਣਾਉਣ ਲਈ ਹਰਿਆਣਾ ਦੀ ਮੰਗ ਨੂੰ ਰੱਦ ਕਰਨ ਦੇ ਫੈਸਲੇ ਸਵਾਗਤ ਕੀਤਾ ਹੈ।ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਦਾ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੇ ਦ੍ਰਿੜ ਸਟੈਂਡ ਦਾ ਨਤੀਜਾ ਹੈ, ਜਿਸ ਅੱਗੇ ਕੇਂਦਰ ਨੂੰ ਝੁਕਣਾ ਪਿਆ।
ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਲੰਬੇ ਸਮੇਂ ਤੋਂ ਚੰਡੀਗੜ੍ਹ ਵਿੱਚ ਵੱਖਰੇ ਵਿਧਾਨਸਭਾ ਬਣਾਉਣ ਲਈ ਜਗ੍ਹਾ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਤੇ ਪਾਰਟੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪਹਿਲਾਂ ਹੀ ਕੇਂਦਰ ਸਰਕਾਰ ਤੋਂ ਮੰਗ ਕਰ ਚੁੱਕੀ ਹੈ ਕਿ ਚੰਡੀਗੜ੍ਹ ਵਿੱਚ ਵੱਖਰੀ ਵਿਧਾਨਸਭਾ ਲਈ ਹਰਿਆਣਾ ਨੂੰ ਜਗ੍ਹਾ ਨਹੀਂ ਦਿੱਤੀ ਜਾ ਸਕਦੀ।
ਧਾਲੀਵਾਲ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦੀ ਜ਼ਮੀਨ 'ਤੇ ਬਣਿਆ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਹਾਲੀਆ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਸ ਲਈ ਸੰਭਵ ਹੋਇਆ ਕਿਉਂਕਿ ਅਸੀਂ ਹਾਲ ਹੀ ਦੇ ਸਾਲਾਂ ਵਿੱਚ ਇਸ ਮੁੱਦੇ 'ਤੇ ਦ੍ਰਿੜ ਸਟੈਂਡ ਲਿਆ ਸੀ। ਉਨ੍ਹਾਂ ਇਸ ਜਿੱਤ ਨੂੰ ਕਿਸੇ ਪਾਰਟੀ ਦੀ ਨਹੀਂ, ਸਗੋਂ ਸਾਰੇ ਪੰਜਾਬੀਆਂ ਦੀ ਜਿੱਤ ਦੱਸਿਆ। ਉਨ੍ਹਾਂ ਇਹ ਵੀ ਯਾਦ ਦਿਵਾਇਆ ਕਿ ਮੁੱਖ ਮੰਤਰੀ ਨੇ ਉਸ ਸਮੇਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਅਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ।
ਉਨ੍ਹਾਂ ਕਿਹਾ ਕਿ ਇੱਥੇ ਕਿਸੇ ਹੋਰ ਦਾ ਕੋਈ ਦਾਅਵਾ ਨਹੀਂ ਹੈ, ਨਾ ਹੀ ਅਸੀਂ ਕਿਸੇ ਹੋਰ ਦਾ ਦਾਅਵਾ ਸਵੀਕਾਰ ਕਰਦੇ ਹਾਂ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ। ਉਨ੍ਹਾਂ ਮੰਗ ਕੀਤੀ ਕਿ ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸਾਡੀ ਮੁੱਖ ਮਾਤ ਭਾਸ਼ਾ ਹੈ ਅਤੇ ਇਸਨੂੰ ਚੰਡੀਗੜ੍ਹ ਵਿੱਚ ਉਸੇ ਤਰ੍ਹਾਂ ਲਾਗੂ ਕੀਤਾ ਜਾਣਾ ਚਾਹੀਦਾ ਹੈ ਜਿਵੇਂ ਇਹ ਪੰਜਾਬ ਵਿੱਚ ਹੈ।