ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਕੀਤਾ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਅਚਨਚੇਤ ਦੌਰਾ - ਟੀਕਾਕਰਨ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਕੀਤੇ ਜਾਰੀ
Ravi Jakhu
ਸ਼੍ਰੀ ਕੀਰਤਪੁਰ ਸਾਹਿਬ , 5 ਦਸੰਬਰ, 2025
ਸਿਵਲ ਸਰਜਨ ਰੂਪਨਗਰ ਡਾ. ਸੁਖਵਿੰਦਰਜੀਤ ਸਿੰਘ ਦੇ ਹੁਕਮਾਂ ਅਨੁਸਾਰ ਜਨਮ ਸਮੇਂ ਬੱਚੇ ਅਤੇ ਮਾਂ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਪੀ.ਐੱਚ.ਸੀ ਕੀਰਤਪੁਰ ਸਾਹਿਬ ਅਤੇ ਇਸਦੇ ਅਧੀਨ ਆਉਂਦੇ ਵੱਖ ਵੱਖ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਤੇ ਮਮਤਾ ਦਿਵਸ ਮਨਾਇਆ ਗਿਆ। ਇਸ ਦੌਰਾਨ ਆਪਣੇ ਬੱਚਿਆਂ ਦੇ ਭਵਿੱਖ ਲਈ ਚਿੰਤਤ ਮਾਪੇ ਖ਼ੁਦ ਬੱਚਿਆਂ ਨੂੰ ਟੀਕੇ ਲਗਵਾਉਣ ਲਈ ਸਿਹਤ ਕੇਂਦਰਾਂ 'ਤੇ ਲੈ ਕੇ ਪਹੁੰਚੇ ਅਤੇ ਗਰਭਵਤੀ ਔਰਤਾਂ ਵੱਲੋਂ ਵੀ ਆਪਣੀ ਸਿਹਤ ਜਾਂਚ ਕਰਵਾਈ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਮਮਤਾ ਦਿਵਸ ਮੌਕੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ, ਰੂਪਨਗਰ ਡਾਕਟਰ ਨਵਰੂਪ ਕੌਰ ਵੱਲੋਂ ਪੀ.ਐੱਚ.ਸੀ ਕੀਰਤਪੁਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰਾਨ ਉਹਨਾਂ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਸਿਹਤ ਕੇਂਦਰ ਵਿਖੇ ਲਾਭਪਾਤਰੀਆਂ ਨੂੰ ਹੋਰ ਬੇਹਤਰ ਸੇਵਾਵਾਂ ਮੁੱਹਈਆ ਕਰਵਾਉਣ ਲਈ ਕਈ ਸੁਝਾਅ ਦੇਣ ਦੇ ਨਾਲ-ਨਾਲ ਜ਼ਰੂਰੀ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਨੇ ਸਟਾਫ਼ ਮੈਂਬਰਾਂ ਨੂੰ ਗਰਭਵਤੀ ਔਰਤਾਂ ਅਤੇ ਨਿੱਕੇ ਬੱਚਿਆਂ ਦੀਆਂ ਮਾਂਵਾਂ ਨੂੰ ਪੌਸ਼ਕ ਤੱਤਾਂ ਨਾਲ ਭਰਪੂਰ ਸੰਤੁਲਿਤ ਖ਼ੁਰਾਕ ਲੈਣ ਅਤੇ ਬੱਚੇ ਲਈ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣੂ ਕਰਵਾਉਣ, ਗਰਭਵਤੀ ਔਰਤਾਂ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਤ ਕਰਨ, ਨਵਜੰਮੇ ਬੱਚੇ ਦੀ ਸਾਂਭ ਸੰਭਾਲ ਅਤੇ ਪਰਿਵਾਰ ਨਿਯੋਜਨ ਦੇ ਵੱਖ ਵੱਖ ਤਰੀਕਿਆਂ ਬਾਰੇ ਜਾਗਰੂਕ ਕਰਨ, ਭਰੂਣ ਹੱਤਿਆ ਨੂੰ ਰੋਕਣ ਲਈ ਪੀ.ਐੱਨ.ਡੀ.ਟੀ ਐਕਟ ਦੀ ਜਾਣਕਾਰੀ ਅਤੇ ਸਿਹਤਮੰਦ ਤੇ ਖੁਸ਼ਹਾਲ ਪਰਿਵਾਰ ਲਈ ਯੋਗ ਪੁਰਸ਼ਾਂ ਨੂੰ ਐੱਨ.ਐੱਸ.ਵੀ (ਨਸਬੰਦੀ) ਲਈ ਪ੍ਰੇਰਿਤ ਕਰਨ ਦੀ ਮੁਹਿੰਮ ਜਾਰੀ ਰੱਖਣ ਦੀ ਹਿਦਾਇਤ ਵੀ ਕੀਤੀ। ਬਲਾਕ ਐਕਸਟੈਨਸ਼ਨ ਐਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਇਸ ਮੌਕੇ ਹੈਲਥ ਇੰਸਪੈਕਟਰ ਸੁਖਦੀਪ ਸਿੰਘ, ਮਲਟੀਪਰਪਜ਼ ਹੈਲਥ ਵਰਕਰ ਕੁਲਵਿੰਦਰ ਸਿੰਘ, ਏ.ਐੱਨ.ਐੱਮ ਹਰਜੀਤ ਕੌਰ ਅਤੇ ਕੁਲਵਿੰਦਰ ਕੌਰ ਵੀ ਮੌਜੂਦ ਰਹੇ।