ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ: ਚੋਣ ਅਮਲੇ ਦੀਆਂ ਰਿਹਰਸਲਾਂ ਹੋਈਆਂ ਮੁਕੰਮਲ
ਅਸ਼ੋਕ ਵਰਮਾ
ਬਠਿੰਡਾ, 11 ਦਸੰਬਰ 2025 : ਬਠਿੰਡਾ ਜ਼ਿਲ੍ਹੇ ਅੰਦਰ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਦੀਆਂ ਰਿਹਰਸਲਾਂ ਮੁਕੰਮਲ ਹੋ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਮੌਕੇ ਉਨ੍ਹਾਂ ਸਮੂਹ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨੂੰ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ, ਸ਼ਾਂਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਹਦਾਇਤ ਕਰਦਿਆਂ ਕਿਹਾ ਕਿ ਚੋਣ ਸਮੱਗਰੀ ਦੀ ਉਪਲਬਧਤਾ, ਸਟੋਰਜ ਤੇ ਵੰਡ ਸਬੰਧੀ ਖ਼ਾਸ ਯੋਜਨਾ ਉਲੀਕੀ ਜਾਵੇ, ਜਿਸ ਤਹਿਤ ਬੈਲਟ ਬਾਕਸ, ਬੈਲਟ ਪੇਪਰ, ਵੋਟਰ ਸੂਚੀਆਂ ਅਤੇ ਹੋਰ ਲੋੜੀਂਦੀ ਚੋਣ ਸਮੱਗਰੀ ਦੀ ਸੁਰੱਖਿਅਤ ਤਰੀਕੇ ਨਾਲ ਚੈੱਕਿੰਗ ਅਤੇ ਡਿਸਪੈਚ ਦੀ ਵਿਵਸਥਾ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਦਾ ਪੂਰਨ ਸਹਿਯੋਗ ਲਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਨੇ ਜ਼ਿਲ੍ਹੇ ਅੰਦਰ ਬਣਾਏ ਗਏ 826 ਪੋਲਿੰਗ ਬੂਥਾਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਵਿੱਚ ਅਤਿ ਸੰਵੇਦਨਸ਼ੀਲ 141, ਸੰਵੇਦਨਸ਼ੀਲ 409 ਅਤੇ ਗੈਰ ਸੰਵੇਦਨਸ਼ੀਲ 276 ਪੋਲਿੰਗ ਬੂਥ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਪੋਲਿੰਗ ਬੂਥਾਂ ‘ਤੇ ਫੋਰਸ, ਪੈਟਰੋਲਿੰਗ ਅਤੇ ਨਿਗਰਾਨੀ ਦੀਆਂ ਵਿਵਸਥਾਵਾਂ ਕਰਨੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਵੋਟਰ ਬਿਨਾਂ ਕਿਸੇ ਦਬਾਅ ਅਤੇ ਡਰ-ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਕਣ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਹਰ ਯੋਗ ਵੋਟਰ ਚੋਣਾਂ ਦੌਰਾਨ ਆਪਣੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ, ਤਾਂ ਜੋ ਲੋਕਤੰਤਰ ਮਜ਼ਬੂਤ ਹੋ ਸਕੇ।