ਪਾਵਨ ਸਰੂਪਾਂ ਦੇ ਮਾਮਲੇ ’ਤੇ ਐਡਵੋਕੇਟ ਧਾਮੀ ਭਲਕੇ 12 ਵਜੇ ਮੀਡੀਆ ਦੇ ਸਨਮੁਖ ਹੋ ਕੇ ਸੰਗਤਾਂ ਸਾਹਮਣੇ ਰੱਖਣਗੇ ਤੱਥਾਂ ਸਹਿਤ ਜਾਣਕਾਰੀ
ਅੰਮ੍ਰਿਤਸਰ, 29 ਦਸੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਉਹ ਤੱਥਾਂ ਸਹਿਤ ਭਲਕੇ ਸੰਗਤਾਂ ਸਾਹਮਣੇ ਰੱਖਣਗੇ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਹੀ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਕੀਤੇ ਗਏ ਆਦੇਸ਼ ਵਿਚ ਇਹ ਸਪੱਸ਼ਟ ਕੀਤਾ ਸੀ ਕਿ ਇਸ ਮਾਮਲੇ ’ਤੇ ਕੋਈ ਵੀ ਸਿਆਸਤ ਕਰਨ ਦੀ ਕੁਤਾਹੀ ਨਾ ਕਰੇ, ਪ੍ਰੰਤੂ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਇਸ ਮਾਮਲੇ ’ਤੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਉਹ ਭਲਕੇ 30 ਦਸੰਬਰ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਮੀਡੀਆ ਨੂੰ ਸੰਬੋਧਨ ਹੋਣਗੇ ਅਤੇ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਹਰ ਕਾਰਵਾਈ ਨੂੰ ਤੱਥਾਂ ਸਹਿਤ ਸੰਗਤਾਂ ਦੇ ਸਨਮੁਖ ਰੱਖਣਗੇ। ਉਨ੍ਹਾਂ ਸੰਗਤਾਂ ਨੂੰ ਇਸ ਮਾਮਲੇ ’ਤੇ ਕੀਤੀ ਜਾ ਰਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ।