ਅਮਰਦੀਪ ਸਿੰਘ ਰਾਜਨ ਸਰਬਸੰਮਤੀ ਨਾਲ ਚੁਣੇ ਗਏ ਕੋਆਪਰੇਟਿਵ ਬੈਂਕ ਦੇ ਚੇਅਰਮੈਨ
ਅਸ਼ੋਕ ਵਰਮਾ
ਬਠਿੰਡਾ, 29 ਦਸੰਬਰ 2025: ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਲਿਮਿਟੇਡ ਦੇ ਨਵੇਂ ਚੁਣੇ ਗਏ ਬੋਰਡ ਆਫ ਡਾਇਰੈਕਟਰਜ਼ ਦੀ ਅਹਿਮ ਮੀਟਿੰਗ ਅੱਜ ਮੁਕੰਮਲ ਹੋਈ। ਇਸ ਮੀਟਿੰਗ ਦੌਰਾਨ ਬੋਰਡ ਦੇ ਅਹੁਦੇਦਾਰਾਂ ਦੀ ਚੋਣ ਪ੍ਰਕਿਰਿਆ ਪੂਰੀ ਕੀਤੀ ਗਈ। ਮੀਟਿੰਗ ਵਿੱਚ ਅਮਰਦੀਪ ਸਿੰਘ ਰਾਜਨ ਨੂੰ ਸਰਬਸੰਮਤੀ ਨਾਲ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਦਾ ਚੇਅਰਮੈਨ ਚੁਣਿਆ ਗਿਆ, ਜਦਕਿ ਸੁਖਦੀਪ ਸਿੰਘ ਭਿੰਡਰ ਨੂੰ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਿਟੇਡ, ਚੰਡੀਗੜ੍ਹ ਲਈ ਨੁਮਾਇੰਦਾ ਮਨੋਨਿਤ ਕੀਤਾ ਗਿਆ।
ਇਸ ਮੌਕੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਨਵੇਂ ਚੁਣੇ ਗਏ ਚੇਅਰਮੈਨ ਅਮਰਦੀਪ ਸਿੰਘ ਰਾਜਨ ਨੂੰ ਮੂੰਹ ਮਿੱਠਾ ਕਰਵਾਕੇ ਅਤੇ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਨੌਜਵਾਨ ਵਰਕਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।
ਮੇਅਰ ਮਹਿਤਾ ਨੇ ਕਿਹਾ ਕਿ ਅਮਰਦੀਪ ਸਿੰਘ ਰਾਜਨ ਪਿਛਲੇ ਕਰੀਬ ਦਸ ਸਾਲਾਂ ਤੋਂ ਪਾਰਟੀ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਰਾਜਨ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਦ ਬਠਿੰਡਾ ਸੈਂਟਰਲ ਕੋਆਪਰੇਟਿਵ ਬੈਂਕ ਨੂੰ ਨਵੀਆਂ ਉੱਚਾਈਆਂ ਤੱਕ ਲੈ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸੁਖਦੀਪ ਸਿੰਘ ਭਿੰਡਰ ਨੂੰ ਵੀ ਨੁਮਾਇੰਦਾ ਚੁਣੇ ਜਾਣ ’ਤੇ ਵਧਾਈ ਦਿੱਤੀ।