ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਪੋਸ਼ਣ ਅਤੇ ਭਲਾਈ ਸਕੀਮਾਂ ਦੀ ਸਮੀਖਿਆ
ਬੱਚਿਆਂ ਦੀ ਸਿਹਤ ਤੇ ਭੋਜਨ ਦੀ ਗੁਣਵੱਤਾ ਨਾਲ ਸਮਝੌਤਾ ਬਰਦਾਸ਼ਤ ਨਹੀਂ
ਕੁੱਕ ਤੇ ਆਂਗਨਵਾੜੀ ਵਰਕਰਾਂ ਲਈ ਹਾਈਜੀਨ ਟ੍ਰੇਨਿੰਗ ਦੀ ਲੋੜ ਉਤੇ ਦਿੱਤਾ ਜ਼ੋਰ
ਮਿਡ-ਡੇਅ-ਮੀਲ ’ਚ ਸਵੈ-ਸਹਾਇਤਾ ਗਰੁੱਪਾਂ ਦੇ ਪੌਸ਼ਟਿਕ ਉਤਪਾਦ ਸ਼ਾਮਲ ਕਰਨ ਲਈ ਪ੍ਰੇਰਿਆ
ਫਤਹਿਗੜ੍ਹ ਸਾਹਿਬ, 31 ਦਸੰਬਰ:
ਬੱਚਿਆਂ ਦੀ ਸਿਹਤ ਅਤੇ ਪੋਸ਼ਣ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਜੀਹ ਹੈ ਇਸ ਸਬੰਧੀ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਫੂਡ ਕਮਿਸ਼ਨ ਇਨ੍ਹਾਂ ਸਕੀਮਾਂ ਦੀ ਨਿਰੰਤਰ ਨਿਗਰਾਨੀ ਕਰੇਗਾ। ਇਹ ਹਦਾਇਤਾਂ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਦਿੱਤੀਆਂ।
ਇਸ ਮੀਟਿੰਗ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਖੁਰਾਕ, ਪੋਸ਼ਣ ਅਤੇ ਸਮਾਜ ਭਲਾਈ ਦੀਆਂ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਵਧੇਰੇ ਪਾਰਦਰਸ਼ੀ ਅਤੇ ਮਜ਼ਬੂਤ ਬਣਾਉਣਾ ਸੀ।
ਚੇਅਰਮੈਨ ਸ੍ਰੀ ਸ਼ਰਮਾ ਨੇ
ਨੈਸ਼ਨਲ ਫੂਡ ਸਕਿਓਰਿਟੀ ਐਕਟ 2013 ਨੂੰ ਮੂਲ ਭਾਵਨਾ ਨਾਲ ਲਾਗੂ ਕਰਨ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਐਕਟ ਦੇ ਨਿਯਮਾਂ ਨੂੰ ਡੂੰਘਾਈ ਨਾਲ ਸਮਝਣਾ ਅਤੇ ਅਮਲ ਵਿੱਚ ਲਿਆਉਣਾ ਲਾਜ਼ਮੀ ਹੈ। ਉਨ੍ਹਾਂ ਨੇ ਫ਼ਤਹਿਗੜ੍ਹ ਸਾਹਿਬ ਦੇ ਸਕੂਲਾਂ ਵਿੱਚ 'ਧੂੰਆਂ ਰਹਿਤ ਰਸੋਈ' ਵਿਕਸਿਤ ਕਰਨ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸੁਝਾਅ ਦਿੱਤਾ ਕਿ ਮਿਡ-ਡੇਅ-ਮੀਲ ਦੀ ਪੌਸ਼ਟਿਕਤਾ ਵਧਾਉਣ ਲਈ ਸੈਲਫ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਸ਼ੁੱਧ ਅਤੇ ਪੌਸ਼ਟਿਕ ਉਤਪਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਨੇ ਬੱਚਿਆਂ ਵਿੱਚ ਖ਼ੂਨ ਦੀ ਘਾਟ (ਐਨੀਮੀਆ) ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਖ਼ੁਰਾਕ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਦੀ ਮਾਤਰਾ ਵਧਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ, ਭੋਜਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੁੱਕ-ਕਮ-ਹੈਲਪਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਭੋਜਨ ਤਿਆਰ ਕਰਨ ਦੀ ਮੁੱਢਲੀ ਹਾਈਜੀਨ (ਸਾਫ਼-ਸਫ਼ਾਈ) ਬਾਰੇ ਵਿਸ਼ੇਸ਼ ਸਿਖਲਾਈ ਦੇਣ ਲਈ ਵੀ ਕਿਹਾ ਗਿਆ, ਤਾਂ ਜੋ ਬੱਚਿਆਂ ਨੂੰ ਮਿਲਣ ਵਾਲਾ ਖਾਣਾ ਪੂਰੀ ਤਰ੍ਹਾਂ ਸਿਹਤਮੰਦ ਹੋਵੇ।
ਸ਼੍ਰੀ ਸ਼ਰਮਾ ਨੇ ਸਪੱਸ਼ਟ ਕੀਤਾ ਕਿ ਸਕੂਲੀ ਬੱਚਿਆਂ ਦੇ ਖਾਣੇ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਨਾਜ ਦੇ ਭੰਡਾਰ ਅਤੇ ਵੰਡ ਪ੍ਰਣਾਲੀ ਦੀ ਨਿਯਮਿਤ ਜਾਂਚ ਕਰਨ ਦੇ ਆਦੇਸ਼ ਦਿੱਤੇ। ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਤਾਜ਼ੀਆਂ ਸਬਜ਼ੀਆਂ ਦੀ ਉਪਲਬੱਧਤਾ ਲਈ 'ਪੋਸ਼ਣ ਬਾਗ' ਲਗਾਉਣ 'ਤੇ ਜ਼ੋਰ ਦਿੱਤਾ ਗਿਆ। ਜੰਗਲਾਤ ਅਤੇ ਬਾਗਬਾਨੀ ਵਿਭਾਗ ਨੂੰ ਸਕੂਲਾਂ ਵਿੱਚ ਫਲਦਾਰ ਅਤੇ ਔਸ਼ਧੀ ਪੌਦੇ ਲਗਾਉਣ ਲਈ ਸਹਿਯੋਗ ਕਰਨ ਦੀ ਹਦਾਇਤ ਕੀਤੀ ਗਈ।
ਬਾਲ ਮੁਕੰਦ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਕੂਲ ਸਿਹਤ ਪ੍ਰੋਗਰਾਮਾਂ ਤਹਿਤ ਬੱਚਿਆਂ ਦੀ ਨਿਯਮਿਤ ਸਿਹਤ ਜਾਂਚ, ਸਾਫ਼ ਪੀਣ ਵਾਲਾ ਪਾਣੀ ਅਤੇ ਪਖ਼ਾਨਿਆਂ ਦੀ ਸਫ਼ਾਈ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਵੱਲੋਂ ਸਾਰੇ ਵਿਭਾਗਾਂ ਨੂੰ ਇੱਕ ਮਜ਼ਬੂਤ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਤਾਂ ਜੋ ਯੋਜਨਾਵਾਂ ਦਾ ਲਾਭ ਹਰੇਕ ਯੋਗ ਵਿਅਕਤੀ ਤੱਕ ਪਹੁੰਚ ਸਕੇ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹੇ ਵਿੱਚ ਖੁਰਾਕ ਸੁਰੱਖਿਆ ਅਤੇ ਪੋਸ਼ਣ ਸਬੰਧੀ ਸਕੀਮਾਂ ਦੇ ਲਾਭ ਪਾਰਦਰਸ਼ੀ ਢੰਗ ਨਾਲ ਪਹੁੰਚਾਏ ਜਾ ਰਹੇ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਖਾਸ ਤੌਰ 'ਤੇ ਸਕੂਲਾਂ ਤੇ ਆਂਗਨਵਾੜੀਆਂ ਵਿੱਚ ਪੋਸ਼ਣ ਪੱਧਰ ਨੂੰ ਉੱਚਾ ਚੁੱਕਣ ਲਈ ਵਿਭਾਗੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੀਆਂ ਸਕੀਮਾਂ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਦੀ ਭੂਮਿਕਾ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ (ਰਾਸ਼ਨ), ਜ਼ਿਲ੍ਹਾ ਪ੍ਰੋਗਰਾਮ ਅਫਸਰ (ਆਂਗਨਵਾੜੀ), ਸਿੱਖਿਆ ਵਿਭਾਗ (ਮਿਡ-ਡੇਅ-ਮੀਲ), ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਬਾਗਬਾਨੀ ਅਤੇ ਜੰਗਲਾਤ, ਆਯੁਰਵੈਦਿਕ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।