Breaking: ਕੇਂਦਰ ਦਾ ਹੁਣ ਐਲੋਨ ਮਸਕ ਨਾਲ ਪਿਆ ਪੇਚਾ! ਅਸ਼ਲੀਲ ਕੰਟੈਂਟ ਲਈ 'Grok' ਦੀ ਦੁਰਵਰਤੋਂ 'ਤੇ ਮੰਗਿਆ ਜਵਾਬ, ਜਾਰੀ ਕੀਤਾ ਨੋਟਿਸ
Babushahi Network
ਨਵੀਂ ਦਿੱਲੀ, 2 ਜਨਵਰੀ 2026 - ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੋਸ਼ਲ ਮੀਡੀਆ ਪਲੇਟਫਾਰਮ 'X' (ਪਹਿਲਾਂ ਟਵਿੱਟਰ) ਨੂੰ ਇੱਕ ਨੋਟਿਸ ਜਾਰੀ ਕਰਦਿਆਂ IT ਐਕਟ ਅਤੇ IT ਨਿਯਮਾਂ ਤਹਿਤ ਬਣਦੀ ਜ਼ਿੰਮੇਵਾਰੀ ਨਿਭਾਉਣ ਵਿੱਚ ਨਾਕਾਮ ਰਹਿਣ 'ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਸਰਕਾਰ ਨੇ ਚਿੰਤਾ ਜਤਾਈ ਹੈ ਕਿ 'X' ਦੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਟੂਲ 'Grok' ਦੀ ਵਰਤੋਂ ਅਸ਼ਲੀਲ ਅਤੇ ਇਤਰਾਜ਼ਯੋਗ ਸਮੱਗਰੀ ਤਿਆਰ ਕਰਨ ਲਈ ਕੀਤੀ ਜਾ ਰਹੀ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਪਲੇਟਫਾਰਮ ਰਾਹੀਂ ਖ਼ਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਕੇ ਅਪਮਾਨਜਨਕ ਸਮੱਗਰੀ ਫੈਲਾਈ ਜਾ ਰਹੀ ਹੈ, ਜੋ ਕਿ ਨਿੱਜਤਾ ਅਤੇ ਡਿਜੀਟਲ ਸੁਰੱਖਿਆ ਦੀ ਗੰਭੀਰ ਉਲੰਘਣਾ ਹੈ। ਮੰਤਰਾਲੇ ਨੇ 'X' ਨੂੰ Grok ਦੇ ਤਕਨੀਕੀ ਅਤੇ ਪ੍ਰਸ਼ਾਸਨਿਕ ਢਾਂਚੇ ਦੀ ਤੁਰੰਤ ਸਮੀਖਿਆ ਕਰਨ ਲਈ ਕਿਹਾ ਗਿਆ ਹੈ। ਮੰਤਰਾਲੇ ਨੇ ਸਾਰੀ ਗੈਰ-ਕਾਨੂੰਨੀ ਸਮੱਗਰੀ ਨੂੰ ਤੁਰੰਤ ਹਟਾਉਣ ਅਤੇ ਅਜਿਹਾ ਕਰਨ ਵਾਲੇ ਉਪਭੋਗਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਪਲੇਟਫਾਰਮ ਨੂੰ ਇਸ ਸਬੰਧੀ ਕੀਤੀ ਗਈ ਕਾਰਵਾਈ ਦੀ ਰਿਪੋਰਟ (Action Taken Report) 72 ਘੰਟਿਆਂ ਦੇ ਅੰਦਰ-ਅੰਦਰ ਜਮ੍ਹਾਂ ਕਰਾਉਣ ਲਈ ਕਿਹਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ 'X' ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨ ਵਿੱਚ ਅਸਫਲ ਰਹਿੰਦਾ ਹੈ, ਤਾਂ ਉਹ IT ਐਕਟ ਦੇ ਅਧੀਨ ਮਿਲਣ ਵਾਲੀ ਕਾਨੂੰਨੀ ਸੁਰੱਖਿਆ ਗੁਆ ਸਕਦਾ ਹੈ। ਇਸ ਤੋਂ ਇਲਾਵਾ, ਪਲੇਟਫਾਰਮ ਵਿਰੁੱਧ ਸਾਈਬਰ ਅਪਰਾਧ ਅਤੇ ਬਾਲ ਸੁਰੱਖਿਆ ਕਾਨੂੰਨਾਂ ਤਹਿਤ ਵੀ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।