ਯੁੱਧ ਨਸ਼ਿਆ ਵਿਰੁੱਧ ਦੇ ਦੂਸਰੇ ਪੜਾਅ ਤਹਿਤ ‘ਪਿੰਡਾਂ ਦੇ ਪਹਿਰੇਦਾਰ’ ਦੀ ਸ਼ੁਰੂਆਤ 10 ਜਨਵਰੀ ਤੋਂ
ਅਸ਼ੋਕ ਵਰਮਾ
ਬਠਿੰਡਾ, 8 ਜਨਵਰੀ 2026 : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਸਰੇ ਪੜਾਅ ‘ਪਿੰਡਾਂ ਦੇ ਪਹਿਰੇਦਾਰ’ ਦੀ ਸ਼ੁਰੂਆਤ ਜ਼ਿਲ੍ਹੇ ਅੰਦਰ 10 ਜਨਵਰੀ ਤੋਂ ਕੀਤੀ ਜਾਵੇਗੀ, ਜੋ ਕਿ 25 ਜਨਵਰੀ 2026 ਤੱਕ ਚੱਲੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਇਸ ਮੁਹਿੰਮ ਦੀ ਸ਼ੁਰੂਆਤ ਸਬੰਧੀ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਤੇ ਨਸ਼ਾ ਮੁਕਤੀ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ੍ਰੀ ਗੁਰਸੇਵਕ ਸਿੰਘ ਬਾਂਡੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮੁਹਿੰਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਸਾਰੇ ਆਗਾਊਂ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।
ਇਸ ਮੁਹਿੰਮ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕੇ ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਭੁੱਚੋ ਮੰਡੀ, ਰਾਮਪੁਰਾ ਫੂਲ, ਤਲਵੰਡੀ ਸਾਬੋ ਅਤੇ ਮੌੜ ਹਲਕੇ ਦੇ ਪਿੰਡਾਂ ‘ਚੋ ਹਰ ਰੋਜ਼ 10-10 ਯਾਤਰਾਵਾਂ ਨਿਕਲਣਗੀਆਂ ਜੋ ਕਿ ਕਰੀਬ 1.5 ਤੋਂ 2 ਕਿਲੋਮੀਟਰ ਤੱਕ ਪੈਦਲ ਚੱਲਣਗੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਨਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮੁਹਿੰਮ ਨੂੰ ਨੇਪਰੇ ਚੜ੍ਹਾਉਣ ਲਈ ਪੁੰਨ ਦਾ ਕੰਮ ਸਮਝ ਕੇ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਸਮੂਹ ਐਸਡੀਐਮਜ਼ ਤੇ ਹੋਰ ਅਧਿਕਾਰੀ ਆਦਿ ਹਾਜ਼ਰ ਸਨ।