Punjab news : ਸਮੂਹ ਦਫ਼ਤਰਾਂ ‘ਚ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕਰਨ ਦੀ ਤਾਕੀਦ
ਹੁਸ਼ਿਆਰਪੁਰ, 13 ਜਨਵਰੀ :
ਪੰਜਾਬ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ (ਤਰਮੀਮ) ਐਕਟ 2008 ਵਿਚ ਕੀਤੇ ਉਪਬੰਧਾਂ ਅਨੁਸਾਰ ਪੰਜਾਬ ਰਾਜ ਦੇ ਸਕੱਤਰੇਤ, ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰਾਂ ਵਿਚ ਸਮੁੱਚਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿਚ ਕੀਤਾ ਜਾਣ ਲਾਜ਼ਮੀ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿਚ ਕਰਨ ਲਈ ਸਮੇਂ-ਸਮੇਂ ‘ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਰਹੀਆਂ ਹਨ। ਇਸ ਬਾਰੇ ਵਿਸਥਾਰ ਨਾਲ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ, ਬੋਰਡਾਂ , ਕਾਰਪੋਰੇਸ਼ਨਾਂ, ਨਿਗਮਾਂ ਅਤੇ ਵਿੱਦਿਅਕ ਅਦਾਰਿਆਂ ਦੇ ਦਫ਼ਤਰੀ ਕਰਮਚਾਰੀਆਂ/ਆਧਿਕਾਰੀਆਂ ਨੂੰ ਕਿਹਾ ਕਿ ਦਫ਼ਤਰਾਂ ਦਾ ਸਮੁੱਚਾ ਕਾਰਜ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਵਿੱਚ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਮੂਹ ਵਿਭਾਗਾਂ ਦੀਆਂ ਵੈੱਬਸਾਈਟਾਂ ਅੰਗਰੇਜ਼ੀ ਦੇ ਨਾਲ-ਨਾਲ ਪੰਜਾਬੀ ਭਾਸ਼ਾ (ਭਾਵ ਦੋਨੋਂ ਭਾਸ਼ਾਵਾਂ) ਵਿਚ ਤਿਆਰ ਕੀਤੀਆਂ ਜਾਣ।
ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਦੇ ਇੰਚਾਰਜ ਜਸਪ੍ਰੀਤ ਕੌਰ ਅਤੇ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਇਸ ਬਾਬਤ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਸਾਡੀ ਮਾਂ ਬੋਲੀ ਹੈ। ਪੰਜਾਬੀ ਬਹੁਤ ਅਮੀਰ ਜ਼ੁਬਾਨ ਹੈ। ਇਸ ਭਾਸ਼ਾ ਨੂੰ ਗੁਰੂਆਂ, ਪੀਰਾਂ, ਸ਼ਾਇਰਾਂ, ਅਦੀਬਾਂ ਦੀ ਕਲਮ ਛੋਹ ਪ੍ਰਾਪਤ ਹੈ। ਸਾਨੂੰ ਆਪਣੀ ਮਾਨਸਿਕਤਾ ਅਜਿਹੀ ਬਣਾ ਲੈਣੀ ਚਾਹੀਦੀ ਹੈ ਕਿ ਅਸੀਂ ਪੰਜਾਬੀ ਬੋਲ ਕੇ, ਪੰਜਾਬੀ ਪੜ੍ਹੇ ਕੇ ਅਤੇ ਪੰਜਾਬੀ ਲਿਖ ਕੇ ਮਾਣ ਮਹਿਸੂਸ ਕਰੀਏ ।