ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ
ਮਨਪ੍ਰੀਤ ਸਿੰਘ
ਰੂਪਨਗਰ 16 ਜਨਵਰੀ:
ਸਰਕਾਰੀ ਬਹੁਤਕਨੀਕੀ ਕਾਲਜ ਰੂਪਨਗਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਅਤੇ ਉਤਸ਼ਾਹਪੂਰਕ ਮਾਹੌਲ ਵਿੱਚ ਮਨਾਇਆ ਗਿਆ। ਇਸ ਸਮਾਗਮ ਵਿੱਚ ਵਧੀਕ ਚੀਫ ਸਕੱਤਰ ਪੰਜਾਬ ਸ. ਤੇਜਵੀਰ ਸਿੰਘ (ਆਈ.ਏ.ਐਸ) ਅਤੇ ਡਾਇਰੈਕਟਰ ਤਕਨੀਕੀ ਸਿੱਖਿਆ ਵਿਭਾਗ ਸ਼੍ਰੀ ਮਨੀਸ਼ ਕੁਮਾਰ (ਆਈ.ਏ.ਐਸ) ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਕਾਲਜ ਦੇ ਸਟਾਫ ਮੈਂਬਰਾਂ ਨਾਲ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ।
ਕਾਲਜ ਦੇ ਪ੍ਰਿੰਸੀਪਲ ਡਾਇਰੈਕਟਰ ਸ਼੍ਰੀ ਨਵਨੀਤ ਵਾਲੀਆਂ ਨੇ ਆਏ ਹੋਏ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕਰਦਿਆਂ ਉਨ੍ਹਾਂ ਨੂੰ ਲੋਹੜੀ ਅਤੇ ਨਵੇਂ ਸਾਲ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਸ. ਤੇਜਵੀਰ ਸਿੰਘ ਨੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਲੋਹੜੀ ਅਤੇ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਤਕਨੀਕੀ ਸਿੱਖਿਆ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਵਿੱਚ ਅਹੰਕਾਰਪੂਰਕ ਭੂਮਿਕਾ ਨਿਭਾਅ ਰਹੀ ਹੈ।
ਉਨ੍ਹਾਂ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਦੀਆਂ ਵਰਕਸ਼ਾਪਾਂ ਵਿੱਚ ਵਰਕਸ਼ਾਪ ਇੰਸਟਰਕਟਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਭਰਨ ਲਈ ਸਰਕਾਰ ਗੰਭੀਰ ਹੈ। ਇਸ ਤੋਂ ਉਪਰੰਤ ਉਨ੍ਹਾਂ ਨੇ ਆਈ.ਟੀ.ਆਈ. ਦਾ ਵੀ ਦੌਰਾ ਕੀਤਾ ਅਤੇ ਉਥੇ ਚੱਲ ਰਹੀਆਂ ਸਿੱਖਿਆ ਸੰਬੰਧੀ ਗਤੀਵਿਧੀਆਂ ਦਾ ਜਾਇਜ਼ਾ ਲਿਆ।
ਸਮਾਗਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ ਰੰਗਾ-ਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਵਿਸ਼ੇਸ਼ ਤੌਰ ’ਤੇ “ਤੀਆਂ ਦੀ ਲੋਹੜੀ” ਮਨਾਕੇ ਸਮਾਜ ਵਿੱਚ ਕੁੜੀਆਂ ਦੇ ਸਨਮਾਨ ਅਤੇ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਰਾਜੇਸ਼ ਕੁਮਾਰ ਜੱਸੀ, ਹਰਪ੍ਰੀਤ ਸਿੰਘ ਨਾਗਪਾਲ, ਵਿਨੋਦ ਸ਼ਰਮਾ, ਡਾ. ਪੂਰਨ ਮਰਾਣੀ, ਮਨੋਜ ਜਿੰਦਲ, ਮਨਿੰਦਰ ਕੌਰ, ਨਮਰਤਾ, ਜਸਪਾਲ ਸਿੰਘ, ਦੀਵਾਨ ਸਿੰਘ, ਸੁਰਜੀਤ ਸਿੰਘ, ਦਿਲਜੀਤ ਕੌਰ, ਡਾ. ਗਗਨਦੀਪ ਸਿੰਘ, ਵੈਨਿਕਾ ਚੌਧਰੀ, ਜਸਵਿੰਦਰ ਕੌਰ ਅਤੇ ਸਿਮਰਨਜੀਤ ਕੌਰ ਸਮੇਤ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ।