ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਸਰਕਾਰ ਦੀ ਸਬ-ਕਮੇਟੀ ਦਾ ਪੁਤਲਾ
ਅਸ਼ੋਕ ਵਰਮਾ
ਬਠਿੰਡਾ, 21 ਜਨਵਰੀ 2026 : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਨਾ ਕਰਨ ਦੇ ਵਿਰੋਧ ਵਜੋਂ ਪੰਜਾਬ ਸਰਕਾਰ ਦੀ ਸਬ ਕਮੇਟੀ ਦਾ ਪੁਤਲਾ ਫੂਕਿਆ। "ਮੋਰਚੇ" ਦੇ ਆਗੂਆਂ ਜਗਰੂਪ ਸਿੰਘ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ ਅਤੇ ਅਵਤਾਰ ਸਿੰਘ ਬਠਿੰਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਕੋਈ ਨਾ ਬਣਾਈ ਨੀਤੀ ਦੇ ਰੋਸ ਵਜੋਂ ਆਉਣ ਵਾਲੀ 24 ਜਨਵਰੀ ਨੂੰ ਦਿੜ੍ਹਬਾ ਦੀ ਅਨਾਜ਼ ਮੰਡੀ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ।
ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ ਅਤੇ ਬਿਜਲੀ ਸੋਧ ਬਿੱਲ 2025,ਨਵੇਂ ਬੀਜ ਕਾਨੂੰਨ,ਨਵੇਂ ਕਿਰਤ ਕਾਨੂੰਨ,ਨਵੇਂ ਜੀ ਰਾਮ ਜੀ ਆਦਿ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ ਅਤੇ ਪੁਰਾਣੇ ਕਾਨੂੰਨ ਬਹਾਲ ਕੀਤੇ ਜਾਣ।