ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉੱਤਮ ਸਕੂਲ ਪੁਰਸਕਾਰ ਸਮਾਗਮ ਦਾ ਆਯੋਜਨ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ
ਪ੍ਰਮੋਦ ਭਾਰਤੀ
ਸ੍ਰੀ ਅਨੰਦਪੁਰ ਸਾਹਿਬ 23 ਜਨਵਰੀ,2026
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਭਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਸ਼ਾਨਦਾਰ ਕਾਰਗੁਜ਼ਾਰੀ ਅਤੇ ਬਿਹਤਰੀਨ ਬੁਨਿਆਦੀ ਢਾਂਚੇ ਵਾਲੇ ਸਰਕਾਰੀ ਸਕੂਲਾ ਨੂੰ ਪ੍ਰੋਤਸਾਹਿਤ ਕਰਨ ਲਈ “ਉੱਤਮ ਸਕੂਲ ਪੁਰਸਕਾਰ” ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਸੋਨਾਲੀ ਗਿਰਿ ਆਈ.ਏ.ਐਸ ਸਕੱਤਰ ਸਕੂਲ ਸਿੱਖਿਆ ਵਿਭਾਗ ਪੰਜਾਬ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਹ ਸ਼ਾਨਦਾਰ ਸਮਾਗਮ 24 ਜਨਵਰੀ ਨੂੰ ਦੁਪਹਿਰ 12:00 ਵਜੇ ਵਿਰਾਸਤ ਏ ਖਾਲਸਾ ਦੇ ਆਡੋਟੋਰੀਅਮ ਵਿਖੇ ਕਰਵਾਇਆ ਜਾਵੇਗਾ।ਇਸ ਸਮਾਗਮ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਅਤੇ ਸ਼ਾਨਦਾਰ ਬੁਨਿਆਦੀ ਢਾਂਚੇ ਵਾਲੇ ਸਕੂਲਾਂ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਵਿਭਾਗ ਦਾ ਮਕਸਦ ਹੈ ਕਿ ਉੱਤਮ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਨੂੰ ਸਨਮਾਨ ਦੇ ਕੇ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਸਕੂਲ ਸਿੱਖਿਆ ਦਾ ਮਿਆਰ ਹੋਰ ਬਿਹਤਰ ਬਣ ਸਕੇ।
ਉਨ੍ਹਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ.ਹਰਜੋਤ ਸਿੰਘ ਬੈਂਸ, ਸਿੱਖਿਆ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਵੱਲੋਂ ਉੱਤਮ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਨੂੰ ਵਿਸੇਸ਼ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਵਿੱਚ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀ, ਅਧਿਆਪਕ ਅਤੇ ਹੋਰ ਮਾਨਯੋਗ ਸਖਸ਼ੀਅਤਾਂ ਹਾਜਰ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਵਿਭਾਗ ਦਾ ਮੰਨਣਾ ਹੈ ਕਿ ਅਜਿਹੇ ਸਮਾਗਮ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਲ 2026 ਦੌਰਾਨ ਸਰਕਾਰੀ ਸਕੂਲਾਂ ਲਈ ਦਾਖਲਾ ਮੁਹਿੰਮ ਦੀ ਸੁਰੂਆਤ ਕਰਨਗੇ। ਇਸ ਮੌਕੇ ਗੁਰਿੰਦਰ ਸਿੰਘ ਸੋਢੀ ਪੀ.ਸੀ.ਐਸ ਡਾਇਰੈਕਟਰ ਸਕੂਲ ਸਿੱਖਿਆ ਐਲੀਮੈਂਟਰੀ ਪੰਜਾਬ ਅਤੇ ਕਿਰਨ ਸ਼ਰਮਾ ਪੀ.ਸੀ.ਐਸ ਡਾਇਰੈਕਟਰ ਐਸ.ਸੀ.ਈ.ਆਰ.ਟੀ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਹੋਣਗੀਆਂ। ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਸ.ਸਮਸ਼ੇਰ ਸਿੰਘ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ, ਇਹ ਸਮਾਗਮ 24 ਜਨਵਰੀ ਨੂੰ ਵਿਰਾਸਤ ਏ ਖਾਲਸਾ ਆਡੌਟੋਰੀਅਮ ਵਿੱਚ ਦੁਪਹਿਰ 12 ਵਜੇ ਹੋਵੇਗਾ।