ਹਰੇਕ ਪਰਿਵਾਰ ਨੂੰ ਮਿਲੇਗਾ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ: ਸਿਵਲ ਸਰਜਨ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 23 ਜਨਵਰੀ 2026 :ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸੁਵਿਧਾ ਦੇਣ ਲਈ ਬਣਾਏ ਜਾਣ ਵਾਲੇ ਸਿਹਤ ਕਾਰਡਾਂ ਦੀ ਪ੍ਰਕਿਰਿਆ ਜਿਲ੍ਹੇ ਦੀਆਂ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਵਿੱਚ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਇਸ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਨਕਦੀ ਰਹਿਤ ਇਲਾਜ ਹਰ ਪੰਜਾਬੀ ਲਈ ਮਹੱਈਆ ਕਰਵਾਇਆ ਜਾਵੇਗਾ ਇਸ ਕਾਰਡ ਨੂੰ ਬਣਾਉਣ ਦੇ ਲਈ ਤੁਹਾਨੂੰ ਇਕ ਰੁਪਈਆ ਵੀ ਖਰਚ ਕਰਨ ਦੀ ਜਰੂਰਤ ਨਹੀ ਹੈ । ਇਸ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਦੇ ਕਾਰਡ ਮੌਕੇ ’ਤੇ ਹੀ ਤਿਆਰ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਕਾਰਡ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮਹਿੰਗੇ ਇਲਾਜ ਦੀ ਸੁਵਿਧਾ ਮੁਫ਼ਤ ਮਿਲ ਸਕੇਗੀ।
ਉਨ੍ਹਾਂ ਨੇ ਦੱਸਿਆ ਕਿ ਕਾਰਡ ਬਣਵਾਉਣ ਲਈ ਲਾਭਪਾਤਰੀ ਆਪਣਾ ਆਧਾਰ ਕਾਰਡ, ਪਰਿਵਾਰ ਪਛਾਣ ਪੱਤਰ ਜਾਂ ਹੋਰ ਲੋੜੀਂਦੇ ਦਸਤਾਵੇਜ਼ ਨਾਲ ਨੇੜੇ ਦੀ ਸੀ.ਐਚ.ਸੀ ’ਚ ਸੰਪਰਕ ਕਰ ਸਕਦੇ ਹਨ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਯੋਜਨਾ ਦਾ ਲਾਭ ਲੈ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਸੁਰੱਖਿਆ ਯਕੀਨੀ ਬਣਾਈ ਜਾਵੇ।